ਰਾਸ਼ਟਰੀ ਏਜੰਡੇ 'ਚ ਖੇਤੀ ਸੰਕਟ, ਰੁਜ਼ਗਾਰ ਅਤੇ ਭ੍ਰਿਸ਼ਟਾਚਾਰ ਮੁਕਤੀ ਸ਼ਾਮਲ ਹੋਵੇ - ਗੁਰਮੀਤ ਪਲਾਹੀ

ਦੇਸ਼ ਦੀਆਂ ਸਿਆਸੀ ਪਾਰਟੀਆਂ ਇਸ ਵੇਲੇ ਸਮਾਜ ਦੇ ਵੱਖੋ-ਵੱਖਰੇ ਵਰਗ ਦੇ ਲੋਕਾਂ ਲਈ ਆਪਣਾ ਮੈਨੀਫੇਸਟੋ ਬਣਾ ਰਹੀਆਂ ਹਨ ਤਾਂ ਕਿ ਲੋਕਾਂ ਨੂੰ ਪ੍ਰਭਾਵਤ ਕਰਕੇ ਉਹਨਾ ਦੇ ਵੋਟ ਬਟੋਰੇ ਜਾ ਸਕਣ। ਆਮ ਤੌਰ 'ਤੇ ਹਰ ਪੰਜ ਸਾਲ ਬਾਅਦ ਸਿਆਸੀ ਧਿਰਾਂ ਆਪਣੇ ਏਜੰਡੇ ਵਿੱਚ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ, ਵਿੱਦਿਆਰਥੀਆਂ, ਔਰਤਾਂ ਲਈ ਦਿਲਖਿੱਚਵੇਂ ਐਲਾਨ ਕਰਦੀਆਂ ਹਨ, ਪਰ ਹਾਕਮ ਬਨਣ ਉਪਰੰਤ ਉਹ ਸਭ ਕੁਝ ਭੁਲ-ਭੁਲਾ ਦਿੰਦੀਆਂ ਹਨ। ਦੇਸ਼ ਇਸ ਵੇਲੇ ਬੇਰੁਜ਼ਗਾਰੀ ਦੀ ਗ੍ਰਿਫਤ ਵਿੱਚ ਹੈ। ਦੇਸ਼ ਵਿੱਚ ਇਸ ਵੇਲੇ ਕਿਸਾਨੀ ਸੰਕਟ ਵੱਡਾ ਹੈ। ਦੇਸ਼ ਦੇ ਆਮ ਨਾਗਰਿਕਾਂ ਦੀਆਂ ਦੀਆਂ ਮੁਢਲੀਆਂ ਲੋੜਾਂ ਆਜ਼ਾਦੀ ਦੇ 70 ਸਾਲ ਬੀਤਣ ਬਾਅਦ ਵੀ ਪੂਰੀਆਂ ਨਹੀਂ ਹੋ ਰਹੀਆਂ। ਦੇਸ਼ ਦੀ ਆਬਾਦੀ ਦਾ ਲਗਭਗ ਇੱਕ ਤਿਹਾਈ ਹਿੱਸਾ ਰੋਟੀ ਦੇ ਇੱਕ ਇੱਕ ਟੁੱਕ ਲਈ ਤਰਸ ਰਿਹਾ ਹੈ, ਸਿਰ ਉਤੇ ਛੱਤ ਨਹੀਂ ਹੈ, ਤਨ ਢੱਕਣ ਲਈ ਕੱਪੜੇ ਦੀ ਤੋਟ ਹੈ। ਤਰਸ ਭਰੀ ਜ਼ਿੰਦਗੀ ਗੁਜ਼ਾਰ ਰਹੇ ਪਿੰਡਾਂ, ਸ਼ਹਿਰਾਂ ਦੀਆ ਗੰਦੀਆਂ ਬਸਤੀਆਂ 'ਚ ਵਸ ਰਹੇ ਲੋਕ ਪੰਜ ਸਾਲ ਉਨ੍ਹਾਂ ਚਿਹਰਿਆਂ ਦੇ ਦਰਸ਼ਨ ਲਈ ਤਾਂਘਦੇ ਰਹਿੰਦੇ ਹਨ, ਜਿਨ੍ਹਾਂ ਨੇ ਉਨ੍ਹਾਂ ਦੇ ਹਾਕਮ ਬਨਣਾ ਹੈ ਅਤੇ ਉਨ੍ਹਾਂ ਦੀ ਜੂਨ ਸੁਧਾਰਨੀ ਹੈ। ਦੇਸ਼ ਦਾ ਅੰਨ ਦਾਤਾ ਕਿਸਾਨ, ਜਿਹੜਾ ਦੇਸ਼ ਦੇ 130 ਕਰੋੜ ਲੋਕਾਂ ਦਾ ਢਿੱਡ ਭਰਨ ਲਈ ਆਪ ਭੁੱਖ ਅਤੇ ਨਿੱਤ ਦੀਆਂ ਲੋੜਾਂ 'ਚ ਥੁੜ ਦਾ ਸ਼ਿਕਾਰ ਹੈ, ਨਿਰਾਸ਼ਾ ਦੇ ਆਲਮ ਵਿੱਚ ਹੈ ਅਤੇ ਖੁਦਕੁਸ਼ੀਆਂ ਦੇ ਰਾਹ ਪੈ ਗਿਆ ਹੈ। ਪਰ ਦੇਸ਼ ਦਾ ਹਾਕਮ ਟੋਲਾ ਉਨ੍ਹਾਂ ਦੀ ਸਾਰ ਨਹੀਂ ਲੈ ਰਿਹਾ ਹੈ, ਜਦਕਿ ਸਮਾਜ ਦੇ ਵੱਖ-ਵੱਖ ਵਰਗਾਂ ਲਈ ਰਾਸ਼ਟਰੀ ਏਜੰਡਾ ਤਹਿ ਕਰਨ ਦੀ ਲੋੜ ਹੈ।
     ਕਿਸਾਨ ਦੇਸ਼ ਦੀ ਆਬਾਦੀ ਦਾ ਵੱਡਾ ਹਿੱਸਾ ਹਨ। ਅਸੀਂ ਖੁਦ ਨੂੰ ਖੇਤੀ ਉਤੇ ਨਿਰਭਰ ਸਮਾਜ ਕਹਿੰਦੇ ਹਾਂ। ਪਰ ਕਿਸਾਨਾਂ ਦੀ ਨਵੀਂ ਪੀੜੀ ਨੂੰ ਖੇਤੀ ਵਿੱਚ ਕੋਈ ਦਿਲਚਸਪੀ ਨਹੀਂ ਹੈ, ਕਿਉਂਕਿ ਖੇਤੀ ਘਾਟੇ ਦੀ ਖੇਤੀ ਬਣਦੀ ਜਾ ਰਹੀ ਹੈ ਅਤੇ ਕਿੱਤੇ ਦੇ ਤੌਰ ਤੇ ਆਪਣੀ ਖਿੱਚ ਗੁਆ ਰਹੀ ਹੈ। ਕਿਸਾਨ ਕਰਜ਼ੇ 'ਚ ਬੁਰੀ ਤਰ੍ਹਾਂ ਜੱਕੜੇ ਹੋਏ ਹਨ। ਉਨ੍ਹਾਂ ਨੂੰ ਆਪਣੇ ਬੱਚਿਆਂ ਦੀ ਪੜ੍ਹਾਈ ਤੱਕ ਲਈ ਕਰਜ਼ੇ ਦਾ ਸਹਾਰਾ ਲੈਣਾ ਪੈ ਰਿਹਾ ਹੈ। ਨੌਕਰੀਆਂ ਨਾ ਮਿਲਣ ਕਾਰਨ ਉਨ੍ਹਾਂ ਦੇ ਬੱਚੇ ਪੂਰੀ ਪ੍ਰੇਸ਼ਾਨੀ ਵਿਚੋਂ ਲੰਘ ਰਹੇ ਹਨ। ਖੇਤੀ ਦੇ ਸੰਕਟ ਵਿਚੋਂ ਦੇਸ਼ ਨੂੰ ਉਭਾਰਨ ਲਈ ਆਉਂਦੇ ਪੰਜ ਸਾਲਾਂ ਲਈ ਦੇਸ਼ ਨੂੰ ਏਜੰਡਾ ਤਹਿ ਕਰਨ ਦੀ ਲੋੜ ਹੈ।
       ਕਿਸਾਨਾਂ ਦੇ ਪੂਰੇ ਕਰਜ਼ੇ ਦੀ ਮੁਆਫ਼ੀ ਬਿਨ੍ਹਾਂ ਕਿਸਾਨ ਨੂੰ ਸੁੱਖ ਦਾ ਸਾਹ ਨਹੀਂ ਆ ਸਕਦਾ। ਸਰਕਾਰਾਂ ਅਤੇ ਦੇਸ਼ ਦੇ ਕੁੱਝ ਲੋਕਾਂ ਦਾ ਵਿਚਾਰ ਹੈ ਕਿ ਕਿਸਾਨ ਕਰਜ਼ੇ ਦੀ ਮੁਆਫ਼ੀ ਟੈਕਸ ਦੇਣ ਵਾਲਿਆਂ ਦੇ ਧਨ ਦੀ ਬਰਬਾਦੀ ਹੈ ਅਤੇ ਕਰਜ਼ੇ ਦੀ ਮੁਆਫ਼ੀ ਬਾਅਦ ਕਿਸਾਨ ਬੇਪਰਵਾਹ ਹੋ ਜਾਣਗੇ ਅਤੇ ਸਰਕਾਰਾਂ ਤੋਂ ਲਗਾਤਾਰ ਕਰਜ਼ੇ ਦੀ ਮੁਆਫ਼ੀ ਦੀ ਉਮੀਦ ਰੱਖਣਗੇ। ਅਸਲੀਅਤ ਇਹ ਹੈ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦਾ ਵਾਜਿਬ ਮੁੱਲ ਨਹੀਂ ਮਿਲਦਾ। ਸਰਕਾਰ ਵਲੋਂ ਫਸਲ ਦਾ ਘੱਟੋ-ਘੱਟ ਸਮਰੱਥਨ ਮੁੱਲ ਘੱਟ ਰੱਖਿਆ ਜਾਂਦਾ ਹੈ, ਫਸਲ ਉਤੇ ਹੁੰਦੇ ਖਰਚੇ ਨੂੰ ਅਤੇ ਕਿਸਾਨ ਦੀ ਕਿਰਤ ਨੂੰ ਉਸ ਵਿੱਚ ਜੋੜਿਆ ਨਹੀਂ ਜਾਂਦਾ ਤਾਂ ਕਿ ਲੋਕਾਂ ਨੂੰ ਸਸਤੇ ਮੁੱਲ ਉਤੇ ਅਨਾਜ਼ ਮਿਲ ਸਕੇ, ਜਦਕਿ ਖੇਤੀ ਦੀ ਲਾਗਤ ਹਰ ਵਰ੍ਹੇ ਵੱਧਦੀ ਹੀ ਜਾ ਰਹੀ ਹੈ। ਸਰਕਾਰੀ ਏਜੰਸੀਆਂ ਕਿਸਾਨਾਂ ਦੀ ਫਸਲ ਦੀ ਬਹੁਤ ਘੱਟ ਖਰੀਦ ਕਰਦੀਆਂ ਹਨ ਅਤੇ ਕਿਸਾਨਾਂ ਨੂੰ ਫਸਲ ਖੁਲ੍ਹੇ 'ਚ ਵੇਚਣੀ ਪੈਂਦੀ ਹੈ, ਜਿੱਥੇ ਉਸਨੂੰ ਪੂਰਾ ਭਾਅ ਮਿਲਦਾ ਹੀ ਨਹੀਂ ਅਤੇ ਸਰਕਾਰ ਵਲੋਂ ਵੱਧਦੇ ਮੁੱਲ ਤੇ ਸਬਸਿਡੀ ਉਸਦੇ ਪੱਲੇ ਨਹੀਂ ਪੈਂਦੀ, ਇਹੀ ਕਾਰਨ ਹੈ ਕਿ ਕਿਸਾਨ ਕਰਜ਼ੇ 'ਚ ਡੁੱਬਦੇ ਚਲੇ ਜਾਂਦੇ ਹਨ। ਕਿਸਾਨ ਸਮੇਂ ਤੇ ਕਰਜ਼ੇ ਦੀ ਕਿਸ਼ਤ ਨਹੀਂ ਚੁਕਾ ਪਾਉਂਦੇ। ਅਸਲ ਵਿੱਚ ਜੇਕਰ ਫਸਲ ਦਾ ਸਮਰਥਨ ਮੁੱਲ ਤਹਿ ਕਰਦਿਆਂ ਉਸ ਵਿੱਚ ਪਰਿਵਾਰ ਦੀ ਕਿਰਤ ਦਾ ਮੁੱਲ, ਜ਼ਮੀਨ ਦਾ ਕਿਰਾਇਆ ਅਤੇ ਫਸਲ ਲਈ ਲਏ ਕਰਜ਼ੇ ਦਾ ਵਿਆਜ਼ ਸ਼ਾਮਲ ਕੀਤਾ ਜਾਵੇ ਤਾਂ ਕਿਸਾਨ ਨੂੰ ਕੁੱਝ ਰਾਹਤ ਮਿਲ ਸਕਦੀ ਹੈ। ਉਂਜ ਵੀ ਆਮ ਤੌਰ ਤੇ ਕਿਸਾਨ ਦੀ ਫਸਲ ਵਿਚੋਲੇ, ਆੜ੍ਹਤੀਏ ਉਨ੍ਹਾਂ ਦੇ ਖੇਤਾਂ ਵਿੱਚੋਂ ਆਪਣੀ ਮਰਜ਼ੀ ਦੇ ਮੁੱਲ ਉਤੇ ਚੁੱਕ ਲੈਂਦੇ ਹਨ, ਪਰ ਸਰਕਾਰ ਵਲੋਂ ਇਹ ਯਕੀਨੀ ਬਨਾਉਣਾ ਚਾਹੀਦਾ ਹੈ ਕਿ ਕਿਸਾਨਾਂ ਦੀ ਫਸਲ ਘੱਟੋ-ਘੱਟ ਸਮਰਥਨ ਮੁੱਲ ਉਤੇ ਵਿਕੇ ਅਤੇ ਘੱਟ ਕੀਮਤ ਉਤੇ ਫਸਲ ਖਰੀਦ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਹੋਵੇ। ਕਿਸਾਨਾਂ ਦੀ ਫਸਲ ਆਮ ਤੌਰ 'ਤੇ ਮੌਸਮ ਦੀ ਮਾਰ ਹੇਠ ਆ ਜਾਂਦੀ ਹੈ, ਜੇਕਰ ਕਿਸਾਨਾਂ ਦੀ ਫਸਲ ਦਾ ਬੀਮਾ ਸਹੀ ਢੰਗ ਨਾਲ ਹੋਵੇ ਤਾਂ ਕਿਸਾਨ ਇਸ ਮਾਰ ਤੋਂ ਬਚ ਸਕਦਾ ਹੈ। ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਵਿੱਚ ਇਸ ਵੇਲੇ ਫਸਲ ਦੇ ਨੁਕਸਾਨ ਦਾ ਅਨੁਮਾਨ ਪਿੰਡ ਦੇ ਅਧਾਰ ਉਤੇ ਕੀਤਾ ਜਾਂਦਾ ਹੈ ਜਦਕਿ ਫੈਸਲਾ ਕਿਸਾਨ ਦੀ ਵਿਅਕਤੀਗਤ ਫਸਲ ਦੇ ਨੁਕਸਾਨ ਅਨੁਸਾਰ ਹੋਣਾ ਚਾਹੀਦਾ ਹੈ ਅਤੇ ਉਸੇ ਅਨੁਸਾਰ ਉਸਨੂੰ ਮੁਆਵਜਾ ਮਿਲਣਾ ਚਾਹੀਦਾ ਹੈ। ਹੁਣ ਵਾਲੀ ਫਸਲ ਬੀਮਾ ਯੋਜਨਾ ਤਾਂ ਬੀਮਾ ਕੰਪਨੀਆਂ ਦੇ ਢਿੱਡ ਭਰ ਰਹੀ ਹੈ। ਪਿਛਲੇ ਵਰ੍ਹਿਆਂ ਦੌਰਾਨ ਦੇਸ਼ ਵਿੱਚ ਗੰਨੇ ਦੀ ਫਸਲ ਦੀ ਬਹੁਤ ਬੇਹੁਰਮਤੀ ਹੋ ਰਹੀ ਹੈ। ਦੇਸ਼ ਵਿੱਚ ਤਿੰਨ ਕਰੋੜ ਗੰਨਾ ਕਿਸਾਨ ਹਨ। ਉਨ੍ਹਾਂ ਨੂੰ ਸਮੇਂ ਸਿਰ ਭੁਗਤਾਣ ਨਹੀਂ ਹੁੰਦਾ, ਪ੍ਰਾਈਵੇਟ ਖੰਡ ਮਿੱਲਾਂ ਉਨ੍ਹਾਂ ਦੇ ਕਰੋੜਾਂ ਰੁਪਏ ਦੱਬ ਕੇ ਬੈਠੀਆਂ ਹਨ। ਅਸਲ ਵਿੱਚ ਕਿਸਾਨਾਂ ਦੀਆਂ ਸਮੱਸਿਆਵਾਂ ਵੱਡੀਆਂ ਹਨ। ਉਨ੍ਹਾਂ ਦੇ ਮਸਲੇ ਗੰਭੀਰ ਹਨ। ਦੇਸ਼ ਵਿੱਚ ਖੇਤੀ ਖੇਤਰ ਉਤੇ ਇੱਕ ਵੱਡਾ ਖਤਰਾ ਮੰਡਰਾ ਰਿਹਾ ਹੈ। ਖੇਤੀ ਦੇ ਇਸ ਵੱਡੇ ਸੰਕਟ ਨੂੰ ਹੱਲ ਕਰਨ ਦਾ ਇਕੋ ਇੱਕ ਢੰਗ ਹੈ ਕਿ ਇਸ ਨੂੰ ਰਾਸ਼ਟਰੀ ਮੁੱਦਾ ਸਮਝਕੇ, ਸਿਆਸੀ ਪਾਰਟੀਆਂ ਆਪਣੇ ਏਜੰਡੇ ਵਿੱਚ ਸ਼ਾਮਲ ਕਰਨ।
       ਦੇਸ਼ 'ਚ ਦੂਸਰਾ ਵੱਡਾ ਮੁੱਦਾ ਰੁਜ਼ਗਾਰ ਦਾ ਹੈ। 2014 'ਚ ਇਸ ਰੁਜ਼ਗਾਰ ਦੇ ਮੁੱਦੇ ਨੂੰ ਭਾਜਪਾ ਨੇ ਪਹਿਲ ਦੇ ਅਧਾਰ ਉਤੇ ਹੱਲ ਕਰਨ ਦਾ ਹੋਕਾ ਦਿੱਤਾ ਸੀ। ਨੌਜਵਾਨਾਂ ਨੂੰ ਹਰ ਵਰ੍ਹੇ ਦੋ ਕਰੋੜ ਨੌਕਰੀਆਂ ਪੈਦਾ ਕਰਨ ਦਾ ਝਾਂਸਾ ਦਿੱਤਾ ਸੀ। ਪਰ ਪਿਛਲੇ ਪੰਜ ਸਲਾਂ ਵਿੱਚ ਰੁਜ਼ਗਾਰ ਸਿਰਜਣ ਦੇ ਮਸਲੇ ਉਤੇ ਗੋਹੜੇ ਵਿਚੋਂ ਪੂਣੀ ਵੀ ਨਹੀਂ ਕੱਤੀ ਜਾ ਸਕੀ। ਨੌਜਵਾਨ ਨੌਕਰੀਆਂ ਬਿਨ੍ਹਾਂ ਬੇਹਾਲ ਹੋਏ ਤੁਰੇ ਫਿਰਦੇ ਹਨ। ਹੱਥਾਂ ਵਿੱਚ ਡਿੱਗਰੀਆਂ ਹਨ, ਪਰ ਰੁਜ਼ਗਾਰ ਨਹੀਂ। ਮਨ ਵਿੱਚ ਕੰਮ ਕਰਨ ਦੀ ਚਾਹਨਾ ਹੈ, ਪਰ ਕੰਮ ਕਿੱਥੇ ਕਰਨ ਤੇ ਕਿਥਂਂ ਢਿੱਡ ਭਰਨ, ਇਹ ਮਸਲਾ ਉਨ੍ਹਾਂ ਦੇ ਸਾਹਮਣੇ ਵਿਕਰਾਲ ਰੂਪ ਧਾਰਨ ਕਰਕੇ ਖੜ੍ਹਾ ਹੈ। ਕਾਰਪੋਰੇਟ ਜਗਤ ਦੇ ਹੱਥ ਮੋਦੀ ਸਰਕਾਰ ਵੇਲੇ ਦੇਸ਼ ਦੀ ਵਾਂਗਡੋਰ ਹੋਣ ਕਾਰਨ ਜੋ ਰੁਜ਼ਗਾਰ, ਸਿਰਜ ਹੋ ਰਿਹਾ ਹੈ, ਉਸ ਤੋਂ ਨੌਜਵਾਨਾਂ ਨੂੰ ਗੁਜਾਰੇ ਲਾਇਕ ਤਨਖਾਹ ਨਹੀਂ ਮਿਲਦੀ। ਨਵੇਂ ਸਰਕਾਰੀ ਉਦਯੋਗ ਲੱਗ ਨਹੀ ਰਹੇ। ਸਰਵਿਸ ਸੈਕਟਰ ਵਿੱਚ ਰੁਜ਼ਗਾਰ ਦੀ ਕਮੀ ਦਿੱਖਦੀ ਹੈ। ਸਵੈ ਰੁਜ਼ਗਾਰ ਹੋਣ ਲਈ ਇੰਸਪੈਕਟਰੀ ਰਾਜ ਨਿੱਤ ਰੁਕਾਵਟਾਂ ਖੜ੍ਹੀਆਂ ਕਰਦਾ ਹੈ। ਬੈਕਾਂ ਨੌਜਵਾਨਾਂ ਨੂੰ ਸੌਖਾ ਕਰਜ਼ਾ ਅਦਾ ਨਹੀਂ ਕਰਦੀਆਂ। ਬੇਬਸ ਨੌਜਵਾਨ ਪ੍ਰਵਾਸ ਲਈ ਮਜ਼ਬੂਰ ਹੈ। ਸਰਕਾਰੀ ਨੌਕਰੀਆਂ ਭਰੀਆਂ ਨਹੀਂ ਜਾ ਰਹੀਆਂ। ਲੱਖਾਂ ਦੀ ਗਿਣਤੀ 'ਚ ਸਰਕਾਰੀ ਸਕੂਲਾਂ 'ਚ ਅਧਿਆਪਕ, ਦਫ਼ਤਰਾਂ 'ਚ ਕੰਮ ਕਰਨ ਵਾਲੇ ਕਲਰਕ ਆਦਿ ਪੋਸਟਾਂ ਵਰ੍ਹਿਆਂ ਤੋਂ ਖਾਲੀ ਹਨ, ਪਰ ਸਰਕਾਰੀ ਖ਼ਜ਼ਾਨਾ ਖਾਲੀ ਹੋਣ ਦੇ ਨਾਮ ਉਤੇ ਭਰੀਆਂ ਨਹੀਂ ਜਾ ਰਹੀਆਂ। ਜੇਕਰ ਕਿਧਰੇ ਪੋਸਟਾਂ ਨਿਕਲੀਆਂ ਹਨ ਤਾਂ ਸੈਂਕੜੇ ਦੀ ਗਿਣਤੀ 'ਚ ਐਲਾਨੀਆਂ ਪੋਸਟਾਂ ਭਰਨ ਲਈ ਲੱਖਾਂ ਦੀ ਗਿਣਤੀ 'ਚ ਪੀ.ਐਚ.ਡੀ., ਮਾਸਟਰ ਡਿਗਰੀ ਧਾਰਕ ਨੌਜਵਾਨ ਅਪਲਾਈ ਕਰ ਦਿੰਦੇ ਹਨ। ਚਪੜਾਸੀ ਦੀ ਨੌਕਰੀ ਲਈ ਉੱਚ ਸਿੱਖਿਆ ਪ੍ਰਾਪਤ ਨੌਜਵਾਨਾਂ ਵਲੋਂ ਨੌਕਰੀ ਲਈ ਅਪਲਾਈ ਕਰਨ ਜਿਹਾ ਦੁਖਾਂਤ ਸ਼ਾਇਦ ਹੀ ਕੋਈ ਹੋਰ ਹੋਵੇ? ਇਸ ਸਮੱਸਿਆ ਅਤੇ ਮੁੱਦੇ ਨੂੰ ਰਾਸ਼ਟਰੀ ਏਜੰਡੇ 'ਚ ਸ਼ਾਮਲ ਕੀਤੇ ਬਿਨ੍ਹਾਂ ਦੇਸ਼ ਦੀ ਆਰਥਿਕਤਾ ਨੂੰ ਨਾ ਹੁਲਾਰਾ ਮਿਲਣਾ ਹੈ ਅਤੇ ਨਾ ਹੀ ਦੇਸ਼ ਦੇ ਨੌਜਵਾਨਾਂ ਦੀ ਬੇਚੈਨੀ ਦੂਰ ਹੋ ਸਕਣੀ ਹੈ। ਸੀ ਐਮ ਆਈ ਆਈ ਦੀ ਰਿਪੋਰਟ ਅਨੁਸਾਰ ਫਰਵਰੀ 2019 ਦੇ ਅੰਤ ਤੱਕ 3.12 ਕਰੋੜ ਪੜ੍ਹੇ ਲਿਖੇ ਲੋਕ ਨੌਕਰੀ ਦੀ ਤਲਾਸ਼ ਕਰ ਰਹੇ ਸਨ। ਦੇਸ਼ ਵਿੱਚ ਵੱਧ ਰਹੇ ਭ੍ਰਿਸ਼ਟਾਚਾਰ ਦੇ ਬੋਲਬਾਲੇ ਕਾਰਨ ਲੋਕਾਂ ਦਾ ਸਰਕਾਰ ਪ੍ਰਤੀ ਵਿਸ਼ਵਾਸ ਡਗਮਗਾ ਗਿਆ ਹੈ। ਨਵੇਂ ਘੁਟਾਲੇ, ਆਮ ਆਦਮੀ ਦੀ ਨੀਂਦਰ ਹਰਾਮ ਕਰ ਰਹੇ ਹਨ। ਸਧਾਰਨ ਜੀਵਨ ਵਿੱਚ ਆਮ ਆਦਮੀ ਨੂੰ ਆਪਣਾ ਕੰਮ ਥਾਣੇ, ਕਚਿਹਰੀ, ਕਿਸੇ ਵੀ ਦਫ਼ਤਰ 'ਚ ਕਰਵਾਉਣ ਲਈ 'ਚਾਂਦੀ ਦੀ ਜੁੱਤੀ' ਦੀ ਵਰਤੋਂ ਕਰਨੀ ਪੈਂਦੀ ਹੈ। ਆਮ ਢੰਗ ਨਾਲ ਹੋਣ ਵਾਲੇ ਕੰਮਾਂ ਨੂੰ ਇਤਨਾ ਜਟਿਲ ਬਣਾ ਦਿੱਤਾ ਗਿਆ ਹੈ ਕਿ ਸਰਕਾਰੀ ਸਕੀਮਾਂ ਦਾ ਲਾਭ ਉਨ੍ਹਾਂ ਲੋਕਾਂ ਕੋਲ ਪੁੱਜਦਾ ਹੀ ਨਹੀਂ, ਜਿਨ੍ਹਾਂ ਲਈ ਇਹ ਸਕੀਮਾਂ ਬਣਾਈਆਂ ਜਾਂਦੀਆਂ ਹਨ ਅਤੇ ਜੇਕਰ ਕਿਸੇ ਦਾ ਕੰਮ ਸੌਰਦਾ ਵੀ ਹੈ ਉਸਨੂੰ ਅੰਦਰ ਖਾਤੇ 'ਪੈਸੇ ਦੀ ਵਰਤੋਂ' ਦਾ ਰਾਹ ਅਖਤਿਆਰ ਕਰਨਾ ਪੈਂਦਾ ਹੈ। ਕੇਂਦਰ ਸਰਕਾਰ ਦੇ ਦਫ਼ਤਰਾਂ ਤੋਂ ਲੈ ਕੇ ਸੂਬਾ ਸਰਕਾਰ ਦੇ ਦਫ਼ਤਰਾਂ ਅਤੇ ਸਰਕਾਰ ਨਾਲ ਸਬੰਧਤ ਹੋਰ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਦਾ ਚਲਨ ਆਮ ਹੈ। ਭ੍ਰਿਸ਼ਟਾਚਾਰ ਮੁਕਤ ਭਾਰਤ ਰਾਸ਼ਟਰੀ ਏਜੰਡਾ ਵਿੱਚ ਸ਼ਾਮਲ ਹੋਣ ਨਾਲ ਸ਼ਾਇਦ ਆਮ ਲੋਕਾਂ ਨੂੰ ਕੁਝ ਰਾਹਤ ਮਿਲ ਸਕੇ।
       ਭਾਰਤੀ ਨਾਗਰਿਕਾਂ ਲਈ ਬੁਢਾਪੇ 'ਚ ਸਮਾਜਿਕ ਸੁਰੱਖਿਆ, ਭਾਰਤੀ ਇਸਤਰੀ ਲਈ ਸਮਾਜ 'ਚ ਬਰਾਬਰ ਦਾ ਦਰਜਾ, ਸਾਰੇ ਨਾਗਰਿਕਾਂ ਲਈ ਸਿੱਖਿਆ, ਸਿਹਤ ਸਹੂਲਤਾਂ, ਬਿਨ੍ਹਾਂ ਵਿਤਕਰੇ ਸਮਾਜਿਕ ਭੈ-ਮੁਕਤ ਜੀਵਨ, ਧਰਮ ਜਾਂ ਜਾਤੀ ਜਾਂ ਭਾਸ਼ਾ ਉਤੇ ਅਧਾਰਤ ਭੀੜਾਂ ਦੀ ਹਿੰਸਾ ਤੋਂ ਮੁਕਤੀ, ਔਰਤਾਂ ਉਤਪੀੜਨ ਜਾਂ ਛੇੜਛਾੜ ਡਰ-ਭਉ ਰਹਿਤ ਸਮਾਜਿਕ ਵਰਤਾਰਾ ਕੁਝ ਇਹੋ ਜਿਹੇ ਮੁੱਦੇ ਹਨ ਜਿਹੜੇ ਸਿਆਸੀ ਪਾਰਟੀਆਂ ਦੇ ਰਾਸ਼ਟਰੀ ਏਜੰਡੇ 'ਚ ਸ਼ਾਮਲ ਹੋਣੇ ਚਾਹੀਦੇ ਹਨ। ਭਾਰਤੀ ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਲਈ ਆਪਣਾ ਮਨੋਰਥ ਪੱਤਰ ਜਾਰੀ ਕਰਨ ਦੀ ਸਮਾਂ ਹੱਦ ਐਲਾਨ ਦਿੱਤੀ ਹੈ ਜੋ ਕਿ 2014 ਦੀਆਂ ਰਾਸ਼ਟਰੀ ਲੋਕ ਸਭਾ ਚੋਣਾਂ ਵੇਲੇ ਨਹੀਂ ਸੀ। ਲੋਕ ਨੁਮਾਇੰਦਾ ਕਾਨੂੰਨ ਦੀ ਧਾਰਾ 126 ਮੁਤਾਬਕ ਮਤਦਾਨ ਤੋਂ 48 ਘੰਟੇ ਪਹਿਲਾਂ ਪ੍ਰਚਾਰ ਤੇ ਪਾਬੰਦੀ ਲੱਗ ਜਾਂਦੀ ਹੈ। ਇਸੇ ਮੁਤਾਬਕ ਆਉਂਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਚੋਣ ਪ੍ਰਕਿਰਿਆ 'ਚ ਸੁਧਾਰ ਵਜੋਂ ਪਾਰਟੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਚੋਣਾਂ ਤੋਂ 48 ਘੰਟੇ ਪਹਿਲਾ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰੇ।
ਸੰਪਰਕ : 9815802070

28 March 2019