ਡੰਗ ਅਤੇ ਚੋਭਾਂ - ਗੁਰਮੀਤ ਪਲਾਹੀ

ਬੰਦਾ, ਬੰਦੇ ਦਾ ਪੁੱਤ ਨਾ ਬਣ ਸਕਿਆ,
ਸੁਣਦਾ ਰਿਹਾ ਉਪਦੇਸ਼ ਇਹ ਕਈ ਸਦੀਆਂ।

ਖ਼ਬਰ ਹੈ ਕਿ ਭਾਜਪਾ ਦੀ(ਮੱਧ ਪ੍ਰਦੇਸ਼) ਤੋਂ ਲੋਕ ਸਭਾ ਚੋਣਾਂ ਵਿੱਚ ਉਮੀਦਵਾਰ ਸਾਧਵੀ ਪ੍ਰਗਿਆ ਠਾਕੁਰ ਨੇ ਮੁੰਬਈ ਦਹਿਸ਼ਤੀ ਹਮਲੇ ਵਿੱਚ ਮਾਰੇ ਜਾਣ ਵਾਲੇ ਪੁਲਸ ਅਫ਼ਸਰ ਹੇਮੰਤ ਕਰਕਰੇ ਨੂੰ ਦੇਸ਼ ਧ੍ਰੋਹੀ ਦਸਦਿਆਂ ਕਿਹਾ ਕਿ ਕਰਕਰਾ ਦੀ ਮੌਤ ਉਸਦੇ ਸਰਾਪ ਨਾਲ ਹੋਈ ਸੀ। ਯਾਦ ਰਹੇ ਕਰਕਰੇ ਨੇ ਮਰਨ ਤੋਂ ਲਗਭਗ ਦੋ ਮਹੀਨੇ ਪਹਿਲਾਂ ਮਾਲੇਗਾਉਂ ਬੰਬ ਧਮਾਕਿਆਂ ਦੇ ਮਾਮਲੇ ਵਿੱਚ ਸਾਧਵੀ ਤੋਂ ਪੁੱਛ-ਗਿੱਛ ਕੀਤੀ ਸੀ। ਉਧਰ ਭੜਕਾਉ ਬਿਆਨ ਦਿੰਦਿਆਂ ਯੂ.ਪੀ. ਦੇ ਮੁੱਖ ਮੰਤਰੀ ਯੋਗੀ ਅਦੱਤਿਆਨਾਥ ਨੇ ਮੁਸਲਮਾਨਾਂ ਦੀ ਖਾਸੀ ਆਬਾਦੀ ਵਾਲੇ ਹਲਕੇ ਵਿੱਚ ਲੋਕਾਂ ਨੂੰ ਪੁੱਛਿਆ, ''ਕੀ ਤੁਸੀਂ ਬਾਬਰ ਦੀ ਔਲਾਦ ਨੂੰ ਦੇਸ਼ ਸੌਂਪਣਾ ਚਾਹੁੰਦੇ ਹੋ''? ਜਿਸ ਹਲਕੇ ਵਿੱਚ ਯੋਗੀ ਨੇ ਇਹ ਬਿਆਨ ਦਿੱਤਾ ਉਥੇ ਸਪਾ-ਬਸਪਾ ਦੇ ਉਮੀਦਵਾਰ ਸ਼ਫੀਕੁਰ ਰਹਿਮਾਨ ਹਨ।
ਚੋਣਾਂ ਕਾਹਦੀਆਂ ਆਈਆਂ, ਨੇਤਾਵਾਂ ਨੇ ਇੱਕ ਦੂਜੇ ਦੇ ਪੋਤੜੇ ਫੋਲਣੇ ਸ਼ੁਰੂ ਕਰ ਦਿੱਤੇ ਆ। ਕਿਧਰੇ ਅਲੀ-ਅਲੀ ਹੋਈ ਪਈ ਆ ਅਤੇ ਕਿਧਰੇ ਬਜਰੰਗ ਬਲੀ ਆਪਣਾ ਰੰਗ ਦਿਖਾ ਰਹੇ ਆ। ਹਰੇ ਵਾਇਰਸ ਨੇ ਕਿਧਰੇ ਧੁੰਮ ਪਾਈ ਹੋਈ ਆ ਅਤੇ ਕਿਧਰੇ ਭਗਵਾ ਵਾਇਰਸ ਆਪਣੇ ਜੌਹਰ ਵਿਖਾ ਰਿਹਾ ਆ। ਲੋਕਾਂ ਦੇ ਲਹੂ ਨਾਲ ਹੱਥ ਰੰਗੇ ਨੇਤਾ ਦੂਜਿਆਂ ਦੀ ਦੇਸ਼ ਭਗਤੀ 'ਤੇ ਇਵੇਂ ਸੁਆਲ ਉਠਾ ਰਹੇ ਆ ਜਿਵੇਂ ਉਹਨਾ ਦੇਸ਼ ਭਗਤੀ ਦਾ ਠੇਕਾ ਲੈ ਰੱਖਿਆ ਹੋਵੇ। ਗੱਲ ਤਾਂ ਨੇਤਾਵਾਂ ਦੀ ਠੀਕ ਆ, ਹੁਣ ਦੇਸ਼ ਭਗਤੀ ਦਾ ਅਰਥ ਭਾਈ ਵਿਰੋਧੀ ਨੂੰ ''ਨਾਕੋ ਸੇ ਚਨੇ ਚਬਾਣਾ'' ਅਤੇ ਉਸਦੇ ਮੂੰਹ ਉਤੇ ਚੇਪੀ ਲਗਾਉਣਾ ਹੋ ਕੇ ਰਹਿ ਗਿਆ ਆ। ਭਲੇ ਵੇਲੇ ਦੀਆਂ ਗੱਲਾਂ ਗਈਆਂ-ਆਈਆਂ, ਜਦੋਂ ਨੇਤਾ ਲੋਕ ਸੇਵਕ ਸਨ। ਹੁਣ ਤਾਂ ਭਾਈ ਨੇਤਾ ''ਗੱਬਰ ਸਿੰਘ'' ਆ।  ਹੁਣ ਤਾਂ ਭਾਈ ਨੇਤਾ ''ਦੇਵ-ਦਾਨਵ'' ਆ, ਬੰਦੇ ਨਹੀਂ ਰਹੇ। ਬਥੇਰਾ ਸਾਡੇ ਧਾਰਮਿਕ ਗ੍ਰੰਥ ਬੰਦੇ ਨੂੰ ਸੁਆਰਨ, ਚੰਗਾ ਬਨਣ ਦਾ ਉਪਦੇਸ਼ ਦਿੰਦੇ ਰਹੇ, ਪਰ ਉਹਨਾ ਦੇ ਉਪਦੇਸ਼ ਨਾ ਬੰਦਿਆਂ ਸੁਣੇ, ਨਾ ਬੰਦਿਆਂ ਦੇ ਬੰਦੇ ਨੇਤਾਵਾਂ ਨੇ।ਤਦੇ ਤਾਂ ਕਵੀ ਆਂਹਦਾ ਆ, ''ਬੰਦਾ, ਬੰਦੇ ਦਾ ਪੁੱਤ ਨਾ ਬਣ ਸਕਿਆ, ਸੁਣਦਾ ਰਿਹਾ ਉਪਦੇਸ਼ ਇਹ ਕਈ ਸਦੀਆਂ''।


ਪਾਣੀ ਸ਼ਰਮ ਨਾਲ ਸਾਥੀਆ ਗਰਕਿਆ ਏ,
ਹੁਣ ਤਾਂ ਨਕਸ਼ੇ 'ਚੋਂ ਭਾਲੇਂਗਾ ਤੂੰ ਨਦੀਆਂ।

ਖ਼ਬਰ ਹੈ ਕਿ ਸੁਪਰੀਮ ਕੋਰਟ ਦੇ ਚੀਫ ਜਸਟਿਸ ਰੰਜਨ ਗੰਗੋਈ ਨੇ ਕਿਹਾ ਹੈ ਕਿ ਦੇਸ਼ ਦੀ ਨਿਆਪਾਲਿਕਾ ਦੀ ਆਜ਼ਾਦੀ ਗੰਭੀਰ ਖਤਰੇ ਵਿੱਚ ਹੈ। ਕੋਈ ਵੱਡੀ ਤਾਕਤ ਸੁਪਰੀਮ ਕੋਰਟ ਦੇ ਚੀਫ ਜਸਟਿਸ ਦੇ ਦਫ਼ਤਰ ਨੂੰ ਨਕਾਰਾ ਕਰਨਾ ਚਾਹੁੰਦੀ ਹੈ। ਆਪਣੇ ਉਤੇ ਲੱਗੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਨੂੰ ਖਾਰਜ ਕਰਦਿਆਂ ਜਸਟਿਸ ਗੰਗੋਈ ਨੇ ਕਿਹਾ ਕਿ ਅਗਲੇ ਹਫ਼ਤੇ ਕੁਝ ਅਹਿਮ ਮਾਮਲਿਆਂ ਉਤੇ ਸੁਣਵਾਈ ਹੋਣ ਵਾਲੀ ਹੈ ਅਤੇ ਇਹ ਉਸ ਸੁਣਵਾਈ ਨੂੰ ਰੋਕਣ ਦੀ ਕੋਸ਼ਿਸ਼ ਹੈ। ਉਹਨਾ ਕਿਹਾ ਕਿ ਆਜ਼ਾਦ ਨਿਆਪਾਲਿਕਾ ਨੂੰ ਅਸਥਿਰ ਕਰਨ ਦੀ ਇਹ ਇਕ ਵੱਡੀ ਸਾਜ਼ਿਸ਼ ਹੈ, ਉਹਨਾ ਕਿਹਾ, ''ਮੈਂ ਇਸ ਕੁਰਸੀ ਤੇ ਬੈਠਾਂਗਾ ਅਤੇ ਬਿਨ੍ਹਾਂ ਕਿਸੇ ਡਰ ਦੇ ਬੈਠਾਂਗਾ''। ਜ਼ਿਕਰਯੋਗ ਹੈ ਕਿ ਚੀਫ ਜਸਟਿਸ ਉਤੇ ਇੱਕ ਔਰਤ ਨੇ ਸਰੀਰਕ ਸ਼ੋਸ਼ਣ ਦੇ ਦੋਸ਼ ਲਾਏ ਹਨ। ਇਹ ਔਰਤ ਅਪਰਾਧਿਕ ਰਿਕਾਰਡ ਕਾਰਨ 4 ਦਿਨਾਂ ਤੱਕ ਜੇਲ੍ਹ 'ਚ ਰਹਿ ਚੁੱਕੀ ਹੈ।
ਕੌਣ ਨਹੀਂ ਜਾਣਦਾ, ਦੇਸ਼ ਦਾ ਪਾਣੀ ਗੰਧਲਾ ਹੋ ਗਿਆ? ਕੌਣ ਨਹੀਂ ਜਾਣਦਾ, ਦੇਸ਼ ਦੀਆਂ ਨਦੀਆਂ, ਗੰਦੇ ਸੜਿਆਂਦ ਮਾਰਦੇ ਸੀਵਰੇਜ ਦਾ ਰੂਪ ਧਾਰ ਚੁੱਕੀਆਂ ਨੇ। ਕੌਣ ਨਹੀਂ ਜਾਣਦਾ, ਦੇਸ਼ ਦਾ ਲੋਕਤੰਤਰ ਬਿਮਾਰ ਹੋ ਚੁੱਕਾ ਹੈ। ਕੌਣ ਨਹੀਂ ਜਾਣਦਾ, ਲੋਕਤੰਤਰ ਦੇ ਪਵਿੱਤਰ ਸਰੋਵਰ 'ਚੋਂ ਦੇਸ਼ ਦੀਆਂ ਵਿਸ਼ਾਲ ਪਵਿੱਤਰ ਨਦੀਆਂ ਵਾਂਗਰ ਬੋਅ ਆਉਣ ਲੱਗ ਪਈ ਹੈ। ਕੌਣ ਨਹੀਂ ਜਾਣਦਾ, ਦੇਸ਼ ਦੀਆਂ ਕਾਨੂੰਨ ਘੜਨੀਆਂ ਸਭਾਵਾਂ  ਬਾਹੂਬਲੀਆਂ, ਅਰਬਪਤੀਆਂ ਦੀਆਂ ਰਖੇਲ ਬਣ ਕੇ ਰਹਿ ਗਈਆਂ ਹਨ, ਉਵੇਂ ਜੀ ਜਿਵੇਂ ਇਸ ਦੇਸ਼ ਦੀਆਂ ਪਵਿੱਤਰ ਨਦੀਆਂ ਕਲ-ਕਲ ਕਰਦੇ ਝਰਨੇ, ਧਰਤੀ ਹੇਠਲਾ ਸਾਫ-ਸੁਥਰਾ ਪਾਣੀ, ਵੱਡੇ ਉਦਯੋਗ, ਮਨੁੱਖ ਦੀਆਂ ਭੈੜੀਆਂ ਆਦਤਾਂ ਦਾ ਸ਼ਿਕਾਰ ਹੋ ਕੇ ਮੁੱਕ-ਸੁੱਕ ਤਾਂ ਰਿਹਾ ਹੀ ਹੈ, ਪੀਣ ਜੋਗਾ ਵੀ ਨਹੀਂ ਰਿਹਾ।
ਥੋੜਾ ਬਹੁਤਾ ''ਬੇਲਗਾਮ ਲੋਕਤੰਤਰੀਆਂ'' ਨੂੰ ਨਕੇਲ ਪਾਉਣ ਵਾਲੀ ਨਿਆਂਪਾਲਿਕਾ ਨੂੰ ਵੀ ਭਾਈ ਅਪਰਾਧੀਆਂ, ਵੱਡਿਆਂ, ਬਾਹੂਬਲੀਆਂ, ਨਹੀਓ ਛੱਡਿਆ, ਆਪਣੀ ਲਪੇਟ 'ਚ ਆਪਣੀ ਗੰਦੀਆਂ ਹਰਕਤਾਂ ਨਾਲ ਲੈਣ ਦਾ ਕੁ-ਕਰਮ ਕੀਤਾ ਹੈ, ਤਾਂ ਕਿ ਉਹਨਾ ਦੀ ਮਰਜ਼ੀ ਹਰ ਥਾਂ ਚੱਲੇ।ਤਦੇ ਤਾਂ ਕਵੀ ਦੀ ਰੋਣਹਾਕੀ ਕਲਮ ਲਿਖ ਰਹੀ ਆ, ''ਪਾਣੀ ਸ਼ਰਮ ਨਾਲ ਸਾਥੀਆ ਗਰਕਿਆ ਏ, ਹੁਣ ਤਾਂ ਨਕਸ਼ੇ 'ਚ ਭਾਲੇਂਗਾ ਤੂੰ ਨਦੀਆਂ''।


ਚੱਕੀ ਚਲਦੀ ਮਹਿੰਗ ਦੀ ਪਿਸੇ ਜਨਤਾ,
ਵਧੀ ਜਾਣ ਵਜ਼ੀਰਾਂ ਦੇ ਨਿੱਤ ਗੱਫੇ

ਖ਼ਬਰ ਹੈ ਕਿ ਚੋਣ ਸਰਗਰਮੀ ਵਿਚਕਾਰ ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਨੇ ਮੋਦੀ ਉਤੇ ਬੇਰੁਜ਼ਗਾਰੀ ਤੋਂ ਲੈ ਕੇ ਸਰਕਾਰੀ ਕੰਪਨੀਆਂ ਨੂੰ ਬਰਬਾਦ ਕਰਨ ਦੇ ਦੋਸ਼ ਲਗਾਏ ਹਨ। ਉਹਨਾ ਕਿਹਾ ਕਿ ਨੋਟਬੰਦੀ ਨਾਲ ਬੇਰੁਜ਼ਗਾਰੀ ਵਧੀ, ਮਹਿੰਗਾਈ ਵਧੀ, ਅਰਥਚਾਰੇ ਨੂੰ ਨੁਕਸਾਨ ਹੋਇਆ। ਉਹਨਾ ਨੇ ਇਹ ਵੀ ਕਿਹਾ ਕਿ ਸਰਕਾਰੀ ਕੰਪਨੀਆਂ ਤਬਾਹ ਕਰਕੇ ਮੋਦੀ ਨਿੱਜੀ ਕੰਪਨੀਆਂ ਨੂੰ ਫਾਇਦਾ ਪਹੁੰਚਾ ਰਹੇ ਹਨ। ਖ਼ਬਰ ਇਹ ਵੀ ਹੈ ਕਿ ਨਿੱਜੀ ਤੇਲ ਕੰਪਨੀਆਂ ਵਿਸ਼ਵ ਭਰ 'ਚ ਵਧੀਆਂ ਤੇਲ ਕੀਮਤਾਂ 'ਚ ਵਾਧੇ ਨੂੰ  ਲੁਕਾ ਕੇ, ਇਹਨਾ ਦਿਨਾਂ 'ਚ ਲੋਕਾਂ ਨੂੰ ਉਸੇ ਭਾਅ ਪੈਟਰੋਲ ਡੀਜ਼ਲ ਦੇ ਰਹੀਆਂ ਹਨ।
ਮੇਰਾ ਇਹ ਜਾਨਣ ਨੂੰ ਜੀਅ ਕਰਦਾ ਹੈ ਕਿ ਆਖ਼ਰ ਇਹ ਮਹਿੰਗਾਈ ਕਿਸ ਬਲਾਅ ਦਾ ਨਾਮ ਹੈ? ਮੇਰਾ ਇਹ ਜਾਨਣ ਨੂੰ ਵੀ ਜੀਅ ਕਰਦਾ ਹੈ ਕਿ ''ਆਮ ਆਦਮੀ'' ਆਖ਼ਿਰ ਹੈ ਕੌਣ? ਮੇਰਾ ਇਹ ਜਾਨਣ ਨੂੰ ਵੀ ਜੀਅ ਕਰਦਾ ਹੈ ਕਿ ਆਟੇ, ਦਾਲ, ਲੂਣ ਦਾ ਭਾਅ ਸਿਰਫ ਆਮ ਆਦਮੀ ਨੂੰ ਹੀ ਕਿਉਂ ਪਤਾ ਹੁੰਦਾ ਹੈ? ਮੇਰਾ ਇਹ ਜਾਨਣ ਨੂੰ ਤਾਂ ਬਹੁਤ ਜੀ ਜੀਅ ਕਰਦਾ ਹੈ ਕਿ ਆਮ ਆਦਮੀ, ਚੋਣਾਂ ਦੇ ਦਰਮਿਆਨ ਨੇਤਾਵਾਂ ਲਈ ਖਾਸ ਆਦਮੀ ਕਿਉਂ ਬਣ ਜਾਂਦਾ ਹੈ ਜਿਹੜਾ  ਕਿ ਆਮ ਦਿਨਾਂ ਵਿੱਚ ਉਸ ਦਾ ਖਾਜ਼ਾ ਹੁੰਦਾ ਹੈ, ਖ਼ੁਰਾਕ ਹੁੰਦਾ ਹੈ।
ਸੋ, ਭਾਈ ਜਨੋ, ਜਿਵੇਂ ਨੇਤਾ ਦਾ ਖਾਜ਼ਾ ਆਮ ਆਦਮੀ ਹੈ, ਉਵੇਂ ਆਮ ਆਦਮੀ ਦਾ ਖਾਜ਼ਾ ਮਹਿੰਗਾਈ ਹੈ, ਭੁੱਖਮਰੀ ਹੈ, ਬੇਰੁਜ਼ਗਾਰੀ ਹੈ, ਬੇਇੱਜਤੀ ਹੈ। ਜਦੋਂ ਜੀਅ ਆਉਂਦਾ ਨੇਤਾ, ਆਮ ਆਦਮੀ ਨੂੰ ਨਿਗਲਦਾ ਹੈ ਅਤੇ ਜਨਤਾ ਦਾ ਸੇਵਕ ਬਣਕੇ ਉਹਦੇ ਆਹੂ ਲਾਹੁੰਦਾ ਹੈ। ਇਹ ਆਹੂ ਲਾਹੁਣ ਲਈ ਉਸ ਆਪਣੇ ਸੇਵਕ ''ਅੰਬਾਨੀ, ਅੰਡਾਨੀ, ਟਾਟੇ, ਬਿਰਲੇ'' ਰੱਖੇ ਹੋਏ ਹਨ, ਜਿਹੜੇ ਮਹਿੰਗਾਈ ਕਦੋਂ ਵਧੇ, ਕਦੋਂ ਘਟੇ, ਭੁੱਖਮਰੀ ਕਦੋਂ ਫੈਲੇ ਬਾਰੇ ਫੈਸਲਾ ਕਰਦੇ ਹਨ। ਪਰ ਇਹ ਸਭ ਕੁਝ ਕਰਦਿਆਂ ਉਹ ਨੇਤਾਵਾਂ ਦੀਆਂ ਜੇਬਾਂ ਮਾਇਆ ਨਾਲ 'ਫੁਲ' ਰੱਖਦੇ ਹਨ ਤਾਂ ਕਿ ਉਹ ਵੱਧਣ-ਫੁੱਲਣ, ਲੋਕਾਂ ਨੂੰ ਲੁੱਟਣ। ਤਦੇ ਕਵੀ ਲਿਖਦਾ ਆ, ''ਚੱਕੀ ਚੱਲਦੀ ਮਹਿੰਗ ਦੀ ਪਿਸੇ ਜਨਤਾ, ਵਧੀ ਜਾਣ ਵਜ਼ੀਰਾਂ ਦੇ ਨਿੱਤ ਗੱਫੇ''।


ਨਹੀਂ ਰੀਸਾਂ ਦੇਸ਼ ਮਹਾਨ ਦੀਆਂ!

    ਸਟੇਟ ਆਫ਼ ਵਰਕਿੰਗ ਇੰਡੀਆ ਦੀ ਰਿਪੋਰਟ 2019 ਅਨੁਸਾਰ ਸਾਲ 2016-18 ਦੇ ਵਿਚਕਾਰ 50 ਲੱਖ ਲੋਕਾਂ ਨੇ ਭਾਰਤ ਵਿੱਚ ਆਪਣੀ ਨੌਕਰੀ ਗੁਆਈ। ਇੱਕ ਮਹੀਨਾ ਪਹਿਲੇ ਛਪੀ ਨੈਸ਼ਨਲ ਸੈਂਪਲ ਸਰਵੇ ਆਫ਼ਿਸ ਦੀ ਲੇਬਰ ਫੋਰਸ ਸਰਵਿਸ 2017-18 ਦੀ ਰਿਪੋਰਟ ਕਹਿੰਦੀ ਹੈ ਕਿ 2011-12 ਤੋਂ 2017-18 ਤੱਕ ਪੇਂਡੂ ਖੇਤਰ ਵਿੱਚ 3.2 ਕਰੋੜ ਮਜ਼ਦੂਰਾਂ ਨੂੰ ਆਪਣੇ ਕੰਮ ਤੋਂ ਹੱਥ ਧੋਣੇ ਪਏ, ਇਹ ਖੇਤੀ ਨਾਲ ਜੁੜੇ ਤਿੰਨ ਕਰੋੜ ਮਜ਼ਦੂਰ ਸਨ।


ਇੱਕ ਵਿਚਾਰ

ਸਾਨੂੰ ਇੱਕ ਮਜ਼ਬੂਤ ਅਰਥਚਾਰੇ ਦੀ ਲੋੜ ਹੈ ਜੋ ਰੋਜ਼ਗਾਰ ਦੇ ਮੌਕੇ ਪੈਦਾ ਕਰ ਸਕੇ।.............ਬਾਵ ਮੇਨੇਂਡੇਜ (ਅਮਰੀਕੀ ਰਾਜਨੇਤਾ)

ਗੁਰਮੀਤ ਪਲਾਹੀ
9815802070