ਲੋਕ ਸਭਾ ਦੀਆਂ 8 ਸੀਟਾਂ ਜਿੱਤਕੇ ਪੰਜਾਬ ਪ੍ਰਦੇਸ਼ ਕਾਂਗਰਸ ਕੁੰਭਕਰਨੀ ਨੀਂਦ ਸੌਂ ਗਈ - ਉਜਾਗਰ ਸਿੰਘ

ਪੰਜਾਬ ਵਿਚ ਸੁਖਬੀਰ ਸਿੰਘ ਬਾਦਲ ਵੱਲੋਂ ਜਲਾਲਾਬਾਦ, ਸੋਮ ਨਾਥ ਵੱਲੋਂ ਫਗਵਾੜਾ ਅਤੇ ਹਰਵਿੰਦਰ ਸਿੰਘ ਫੂਲਕਾ ਵੱਲੋਂ ਦਾਖਾ ਵਿਧਾਨ ਸਭਾ ਦੀਆਂ ਸੀਟਾਂ ਤੋਂ ਅਸਤੀਫ਼ੇ ਦੇਣ ਤੋਂ ਬਾਅਦ ਤਿੰਨ ਹਲਕਿਆਂ ਦੀਆਂ ਉਪ ਚੋਣਾਂ ਕਿਸੇ ਸਮੇਂ ਵੀ ਹੋ ਸਕਦੀਆਂ ਹਨ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਪੰਜਾਬ ਵਿਚ ਕੋਈ ਸਰਗਰਮੀ ਨਹੀਂ। ਇਉਂ ਮਹਿਸੂਸ ਹੋ ਰਿਹਾ ਹੈ ਕਿ ਪਾਰਟੀ ਸਿਆਸੀ ਤਾਕਤ ਦੇ ਨਸ਼ੇ ਵਿਚ ਘੂਕ ਸੁੱਤੀ ਪਈ ਹੈ। ਇਨ੍ਹਾਂ ਉਪ ਚੋਣਾ ਦੇ ਐਲਾਨ ਤੋਂ ਬਾਅਦ ਸਰਗਰਮੀ ਵਿਖਾਉਣੀ ਤਾਂ ਇਉਂ ਹੋਵੇਗੀ ਜਿਵੇਂ ਕਹਾਵਤ ਹੈ ਕਿ ''ਵਿਹੜੇ ਆਈ ਜੰਨ ਵਿੰਨ੍ਹੋ ਕੁੜੀ ਦੇ ਕੰਨ''। ਆਮ ਤੌਰ ਤੇ ਜਦੋਂ ਕੋਈ ਸਿਆਸੀ ਪਾਰਟੀ ਤਾਕਤ ਵਿਚ ਆ ਜਾਂਦੀ ਹੈ ਤਾਂ ਉਹ ਚੋਣਾਂ ਜਿੱਤਣ ਤੋਂ ਬਾਅਦ ਸਿਆਸੀ ਤਾਕਤ ਦਾ ਆਨੰਦ ਮਾਨਣ ਵਿਚ ਮਸ਼ਰੂਫ ਹੋ ਜਾਂਦੀ ਹੈ। ਪ੍ਰੰਤੂ ਜਦੋਂ ਸਰਕਾਰ ਸਾਹਮਣੇ ਅਗਲੀਆਂ ਚੋਣਾ ਨਜ਼ਦੀਕ ਹੋਣ ਦਾ ਸਵਾਲ ਹੋਵੇ ਉਦੋਂ ਸਿਆਸਤ ਦਾ ਆਨੰਦ ਮਾਨਣਾ ਮਹਿੰਗਾ ਪੈ ਸਕਦਾ ਹੈ। ਮਈ 2019 ਦੀਆਂ ਲੋਕ ਸਭਾ ਚੋਣਾਂ ਵਿਚ ਸਮੁੱਚੇ ਦੇਸ਼ ਵਿਚੋਂ ਕਾਂਗਰਸ ਪਾਰਟੀ ਦਾ ਸਫਾਇਆ ਹੋ ਗਿਆ ਹੈ ਪ੍ਰੰਤੂ ਪੰਜਾਬ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ 13 ਲੋਕ ਸਭਾ ਦੀਆਂ ਸੀਟਾਂ ਵਿਚੋਂ 8 ਸੀਟਾਂ ਤੇ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਪੰਜਾਬ ਪ੍ਰਦੇਸ਼ ਕਾਂਗਰਸ ਨਿਰਾਸ਼ਾ ਦੇ ਆਲਮ ਵਿਚ ਆ ਕੇ ਕੁੰਭਕਰਨੀ ਨੀਂਦ ਸੌਂ ਗਈ ਹੈ। ਇਸਦਾ ਇਕ ਕਾਰਨ ਇਹ ਵੀ ਹੋ ਸਕਦਾ ਹੈ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੇ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੇ ਸਿਆਸਤ ਵਿਚ ਨਵੇਂ ਚਿਹਰੇ ਸਨੀ ਦਿਓਲ ਤੋਂ ਹਾਰਨ ਤੋਂ ਬਾਅਦ ਸਮੁੱਚੀ ਕਾਂਗਰਸ ਪਾਰਟੀ ਸਦਮੇ ਵਿਚ ਚਲੀ ਗਈ ਹੋਵੇ। ਪੰਜਾਬ ਪ੍ਰਦੇਸ਼ ਕਾਂਗਰਸ ਨੂੰ ਲੋਕ ਸਭਾ ਦੀਆਂ 8 ਸੀਟਾਂ ਜਿੱਤਣ ਦਾ ਲਾਭ ਉਠਾਕੇ ਸਮੁੱਚੇ ਧੰਨਵਾਦੀ ਦੌਰਿਆਂ ਦੇ ਬਹਾਨੇ ਪੰਜਾਬ ਵਿਚ ਪਾਰਟੀ ਦੇ ਹੱਕ ਵਿਚ ਲਹਿਰ ਪੈਦਾ ਕਰਨੀ ਚਾਹੀਦੀ ਸੀ ਪ੍ਰੰਤੂ ਸੁਨੀਲ ਜਾਖੜ ਨੇ ਵੀ ਰਾਹੁਲ ਗਾਂਧੀ ਦੇ ਅਸਤੀਫ਼ੇ ਤੋਂ ਬਾਅਦ ਆਪਣੀ ਹਾਰ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਦਿੱਤਾ ਸੀ। ਅਜੇ ਤੱਕ ਉਨ੍ਹਾਂ ਦਾ ਅਸਤੀਫ਼ਾ ਪ੍ਰਵਾਨ ਨਹੀਂ ਹੋਇਆ ਪ੍ਰੰਤੂ ਉਹ ਪਹਿਲਾਂ ਹੀ ਹਥਿਆਰ ਸੁੱਟ ਕੇ ਬੈਠ ਗਏ ਹਨ। ਉਹ ਤਾਂ ਅਜੇ ਨੌਜਵਾਨ ਹਨ, ਉਨ੍ਹਾਂ ਦਾ ਭਵਿਖ ਤਾਂ ਸੁਨਹਿਰਾ ਹੈ ਪਤਾ ਨਹੀਂ ਕਿਉਂ ਉਹ ਕਾਂਗਰਸ ਪਾਰਟੀ ਦੀ ਅਗਵਾਈ ਕਰਨ ਤੋਂ ਹਿਚਕਚਾ ਰਹੇ ਹਨ? %ਪੰਜਾਬ ਕਾਂਗਰਸ ਨੂੰ ਲੋਕ ਸਭਾ ਚੋਣਾਂ ਵਿਚ ਜਿੱਤੇ ਤੇ ਹਾਰੇ ਹੋਏ ਉਮੀਦਵਾਰਾਂ ਨੂੰ ਅੱਗੇ ਲਾ ਕੇ ਧੰਨਵਾਦੀ ਸਮਾਗਮ ਕਰਕੇ ਪੰਜਾਬ ਵਿਚ ਕਾਂਗਰਸ ਪਾਰਟੀ ਦੇ ਹੱਕ ਵਿਚ ਲਹਿਰ ਬਣਾ ਦੇਣੀ ਚਾਹੀਦੀ ਸੀ। ਅਜਿਹਾ ਨਾ ਕਰਨ ਕਰਕੇ ਕਾਂਗਰਸ ਪਾਰਟੀ ਦੇ ਵਰਕਰ ਨਿਰਾਸ਼ ਹੋ ਗਏ ਹਨ। ਜਦੋਂ ਪਾਰਟੀ ਦਾ ਪ੍ਰਧਾਨ ਹੀ ਨਿਰਾਸ਼ ਹੋਵੇ ਤਾਂ ਉਸਦਾ ਵਰਕਰਾਂ ਤੇ ਅਸਰ ਹੋਣਾ ਲਾਜ਼ਮੀ ਹੈ। ਵੈਸੇ ਜੇ ਪੰਜਾਬ ਵਿਚ ਕਾਂਗਰਸ ਪਾਰਟੀ ਦਾ ਇਤਿਹਾਸ ਵੇਖਿਆ ਜਾਵੇ ਤਾਂ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਹੁੰਦਿਆਂ ਕੋਈ ਵੀ ਪ੍ਰਧਾਨ ਸਫਲ ਨਹੀਂ ਹੋ ਸਕਿਆ ਕਿਉਂਕਿ ਕੈਪਟਨ ਅਮਰਿੰਦਰ ਸਿੰਘ ਦਾ ਸਿਆਸੀ ਕੱਦ ਬੁੱਤ ਵੱਡਾ ਹੋਣ ਕਰਕੇ ਕੋਈ ਵੀ ਪ੍ਰਧਾਨ ਉਨ੍ਹਾਂ ਨਾਲ ਨਿੱਭ ਨਹੀਂ ਸਕਿਆ। ਲੋਕ ਸਭਾ ਚੋਣਾਂ ਵਿਚ ਅਕਾਲੀ ਦਲ ਦੀ ਇਤਨੀ ਵੱਡੀ ਹਾਰ ਹੋਣ ਦੇ ਬਾਵਜੂਦ ਉਹ ਨਿਰਾਸ਼ਾ ਵਿਚ ਨਹੀਂ ਗਿਆ, ਸਗੋਂ ਅਕਾਲੀ ਦਲ ਲੋਕ ਸਭਾ ਦੀਆਂ ਚੋਣਾਂ ਵਿਚ ਬੁਰੀ ਤਰ੍ਹਾਂ ਹਾਰਨ ਦੇ ਬਾਵਜੂਦ ਕੋਈ ਨਾ ਕੋਈ ਮੁੱਦਾ ਲੈ ਕੇ ਅੰਦੋਲਨ, ਜਲਸੇ ਅਤੇ ਧਰਨੇ ਲਗਾ ਰਿਹਾ ਹੈ। ਪੰਜਾਬ ਵਿਚ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਨੇ ਨਵੀਂ ਮੈਂਬਰਸ਼ਿਪ ਬਣਾਉਣ ਲਈ ਮੁਹਿੰਮਾ ਸ਼ੁਰੂ ਕੀਤੀਆਂ ਹੋਈਆਂ ਹਨ। ਉਹ 2022 ਦੀਆਂ ਵਿਧਾਨ ਸਭਾ ਚੋਣਾ ਨੂੰ ਮੁੱਖ ਰੱਖਕੇ ਹੁਣ ਤੋਂ ਹੀ ਸਰਗਰਮ ਹੋ ਗਏ ਹਨ। ਕਾਂਗਰਸ ਪਾਰਟੀ ਸਿਆਸੀ ਤਾਕਤ ਦੇ ਆਨੰਦ ਵਿਚ ਗੂੜ੍ਹੀ ਨੀਂਦ ਵਿਚ ਸੁਤੀ ਪਈ ਹੈ। ਜਿਹੜੀ ਪੰਜਾਬ ਪ੍ਰਦੇਸ਼ ਕਾਂਗਰਸ ਦੀ ਮਾੜੀ ਮੋਟੀ ਸਿਆਸੀ ਸਰਗਰਮੀ ਹੈ, ਉਹ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਉਨ੍ਹਾਂ ਦਾ ਆਫੀਸਰ ਆਨ ਸ਼ਪੈਸ਼ਲ ਡਿਊਟੀ ਕੈਪਟਨ ਸੰਦੀਪ ਸੰਧੂ ਹੀ ਨਿਭਾ ਰਿਹਾ ਹੈ। ਲੋਕ ਸਭਾ ਚੋਣਾਂ ਤੋਂ ਬਾਅਦ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਨਤੀਜਿਆਂ ਤੇ ਨਜ਼ਰਸਾਨੀ ਕਰਨ ਲਈ ਇਕ ਵੀ ਮੀਟਿੰਗ ਨਹੀਂ ਬੁਲਾਈ। ਭਾਰਤ ਵਿਚ ਸਭ ਤੋਂ ਪੁਰਾਣੀ ਪਾਰਟੀ ਦਾ ਪੰਜਾਬ ਵਿਚ ਤਾਣਾ ਬਾਣਾ ਪੂਰਾ ਹੈ। ਪ੍ਰਦੇਸ਼ ਕਾਂਗਰਸ ਪਾਰਟੀ ਦੇ ਪ੍ਰਧਾਨ ਤੋਂ ਇਲਾਵਾ 400 ਹੋਰ ਅਹੁਦੇਦਾਰ ਹਨ ਪ੍ਰੰਤੂ ਸਰਗਰਮੀ ਜੀਰੋ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਦੇ ਵਿੰਗ ਜਿਨ੍ਹਾਂ ਵਿਚ ਯੂਥ ਕਾਂਗਰਸ, ਵਿਮੈਨ ਕਾਂਗਰਸ, ਕਿਸਾਨ ਕਾਂਗਰਸ, ਬੁੱਧੀਜੀਵੀ ਸੈਲ ਅਤੇ ਐਨ.ਐਸ.ਯੂ ਆਈ ਸ਼ਾਮਲ ਹਨ, ਇਨ੍ਹਾਂ ਦੇ ਵੀ 1000 ਦੇ ਲਗਪਗ ਅਹੁਦੇਦਾਰ ਹਨ। ਹਰ ਜਿਲ੍ਹੇ ਵਿਚ ਲਗਪਗ ਪੰਜਾਬ ਪ੍ਰਦੇਸ਼ ਕਾਂਗਰਸ ਦੇ ਉਪ ਪ੍ਰਧਾਨ, ਜਨਰਲ ਸਕੱਤਰ, ਸਕੱਤਰ ਅਤੇ ਕਾਰਜਕਾਰੀ ਮੈਂਬਰਾਂ ਦੀ ਗਿਣਤੀ 20-20 ਦੇ ਲਗਪਗ ਹੈ। ਇਸਦਾ ਭਾਵ ਕਾਂਗਰਸ ਪਾਰਟੀ ਦੇ 20 ਸ਼ਹਿਰੀ ਅਤੇ ਦਿਹਾਤੀ ਜਿਲ੍ਹਿਆਂ ਵਿਚ 400 ਅਹੁਦੇਦਾਰ ਹਨ। ਇਸਤੋਂ ਇਲਾਵਾ ਜਿਲ੍ਹਿਆਂ ਅਤੇ ਬਲਾਕਾਂ ਦੇ ਅਹੁਦੇਦਾਰ 100-100 ਤੋਂ ਉਪਰ ਹਨ। ਸਰਕਾਰੀ ਅਹੁਦਿਆਂ ਤੇ ਚੇਅਰਮੈਨ ਆਦਿ ਵੀ ਐਕਟਿਵ ਮੈਂਬਰਾਂ ਵਿਚੋਂ ਹਨ। ਇਸ ਪ੍ਰਕਾਰ 3500 ਤੋਂ ਉਪਰ ਪੰਜਾਬ ਕਾਂਗਰਸ ਦੇ ਅਹੁਦੇਦਾਰ ਪੰਜਾਬ ਵਿਚ ਮੌਜੂਦ ਹਨ। ਇਹ ਸਾਰੇ ਹੀ ਪੰਜਾਬ ਵਿਚ ਕੋਈ ਸਰਗਰਮੀ ਨਹੀਂ ਕਰ ਰਹੇ। ਕਾਂਗਰਸੀ ਅਹੁਦੇਦਾਰੀਆਂ ਲੈ ਕੇ ਅਧਿਕਾਰੀਆਂ ਤੇ ਰੋਹਬ ਪਾ ਰਹੇ ਹਨ, ਪ੍ਰੰਤੂ ਅਮਲੀ ਤੌਰ ਤੇ ਪਾਰਟੀ ਲਈ ਕੋਈ ਕੰਮ ਨਹੀਂ ਕਰ ਰਹੇ। ਜੇ ਕਰਵਾ ਰਹੇ ਹਨ ਤਾਂ ਸਿਰਫ ਆਪਣੇ ਸਨਮਾਨ ਕਰਵਾ ਰਹੇ ਹਨ। ਪਾਰਟੀ ਦਾ ਕੋਈ ਕੰਮ ਨਹੀਂ ਕਰ ਰਹੇ। ਲੋਕ ਸਭਾ ਚੋਣਾਂ ਤੋਂ ਬਾਅਦ ਪ੍ਰਦੇਸ਼ ਪ੍ਰਧਾਨ ਨੇ ਵਿਧਾਨਕਾਰਾਂ, ਪ੍ਰਦੇਸ਼ ਕਾਂਗਰਸ ਦੇ ਅਹੁਦੇਦਾਰਾਂ, ਜਿਲ੍ਹਾ ਪ੍ਰਧਾਨਾ ਅਤੇ ਬਲਾਕ ਦੇ ਪ੍ਰਧਾਨਾ ਦੀ ਕੋਈ ਮੀਟਿੰਗ ਨਹੀਂ ਕੀਤੀ। ਨਸ਼ਿਆਂ ਦਾ ਮੁੱਦਾ ਇਤਨਾ ਵੱਡਾ ਹੈ, ਜਿਸਨੇ ਅਕਾਲੀ ਦਲ ਦੇ ਨੇਤਾਵਾਂ ਨੂੰ ਕਟਹਿਰੇ ਵਿਚ ਖੜ੍ਹਾ ਕੀਤਾ ਸੀ, ਪ੍ਰਦੇਸ਼ ਕਾਂਗਰਸ ਉਸ ਵਿਰੁੱਧ ਕੋਈ ਮੁਹਿੰਮ ਨਹੀਂ ਚਲਾ ਸਕੀ। ਪੰਜਾਬ ਵਿਧਾਨ ਸਭਾ ਵਿਚ ਮੁੱਖ ਮੰਤਰੀ ਅਤੇ ਦੂਜੇ ਮੰਤਰੀ ਸਾਹਿਬਾਨ ਨੇ ਬਾਦਲ ਸਰਕਾਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਲਈ ਦੋਸ਼ੀ ਪੇਂਟ ਕਰ ਦਿੱਤਾ ਸੀ ਪ੍ਰੰਤੂ ਬਾਅਦ ਵਿਚ ਸਾਰੇ ਚੁੱਪ ਹੋ ਗਏ। ਚਾਹੀਦਾ ਤਾਂ ਇਹ ਸੀ ਕਿ ਉਹ ਇਸ ਮੁੱਦੇ ਨੂੰ ਲੈ ਕੇ ਬਲਾਕਾਂ ਅਤੇ ਜਿਲ੍ਹਿਆਂ ਵਿਚ ਸਮਾਗਮ ਕਰਕੇ ਅਕਾਲੀ ਦਲ ਨੂੰ ਲੋਕਾਂ ਦੀ ਕਚਹਿਰੀ ਵਿਚ ਨੰਗਿਆਂ ਕਰਦੇ। ਉਸ ਤੋਂ ਬਾਅਦ ਜਦੋਂ ਅਜੇ ਪੰਜਾਬ ਸਰਕਾਰ ਦੀ ਬਣਾਈ ਸਿੱਟ ਬੇਅਦਬੀ ਕਾਂਡ ਦੀ ਪੜਤਾਲ ਕਰ ਰਹੀ ਹੈ ਤਾਂ ਸੀ.ਬੀ.ਆਈ.ਨੇ ਤਿੰਨ ਕੇਸਾਂ ਵਿਚ ਕੇਸ ਬੰਦ ਕਰਨ ਦੀ ਰਿਪੋਰਟ ਸੀ.ਬੀ.ਆਈ.ਕਚਹਿਰੀ ਵਿਚ ਪੇਸ਼ ਕਰ ਦਿੱਤੀ। ਇਹ ਇੱਕ ਅਜਿਹਾ ਮੁੱਦਾ ਹੈ ਜਿਸ ਤੇ ਸਮੁੱਚੇ ਪੰਜਾਬ ਵਿਚ ਜਲਸੇ, ਜਲੂਸ ਅਤੇ ਧਰਨੇ ਦੇ ਕੇ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਰੁਧ ਲਹਿਰ ਬਣਾਈ ਜਾ ਸਕਦੀ ਸੀ ਕਿਉਂਕਿ ਸੀ.ਬੀ.ਆਈ. ਕੇਂਦਰ ਸਰਕਾਰ ਦੇ ਅਧੀਨ ਹੈ। ਇਹ ਮਸਲਾ ਸਿੱਖ ਜਗਤ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ। ਅਕਾਲੀ ਦਲ ਸਿੱਖਾਂ ਦੀ ਨੁਮਾਇੰਦਾ ਜਮਾਤ ਕਹਾਉਂਦੀ ਹੈ। ਇਸ ਦਾ ਸਿਆਸੀ ਲਾਭ ਕਾਂਗਰਸ ਉਠਾ ਸਕਦੀ ਸੀ। ਅਕਾਲੀ ਦਲ ਕੇਂਦਰ ਦੀ ਬੀ.ਜੇ.ਪੀ.ਸਰਕਾਰ ਵਿਚ ਭਾਈਵਾਲ ਹੈ। ਇਕ ਕਿਸਮ ਨਾਲ ਕੇਂਦਰ ਸਰਕਾਰ ਹਰਿਆਣਾ ਦੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਕੇ ਇਹ ਕੇਸ ਬੰਦ ਕਰਵਾ ਰਹੀ ਹੈ। ਹੈਰਾਨੀ ਦੀ ਗੱਲ ਹੈ ਕਿ ਮੁੱਖ ਮੰਤਰੀ ਅਤੇ ਇਕਾ ਦੁੱਕਾ ਮੰਤਰੀਆਂ ਦੇ ਬਿਆਨ ਤੋਂ ਇਲਾਵਾ ਕਿਸੇ ਕਾਂਗਰਸੀ ਨੇ ਇਸ ਘਟਨਾ ਨੂੰ ਸੰਜੀਦਗੀ ਨਾਲ ਨਹੀਂ ਲਿਆ। ਅਕਾਲੀਆਂ ਨੇ ਸਗੋਂ ਕਾਂਗਰਸ ਨੂੰ ਡਿਫੈਂਸਵ ਬਣਾ ਦਿੱਤਾ ਹੈ। ਵਿਧਾਨ ਸਭਾ ਸ਼ੈਸ਼ਨ ਵਿਚ ਵੀ ਚਰਚਾ ਨਹੀਂ ਹੋਈ। ਅਜੇ ਵੀ ਡੁਲ੍ਹੇ ਬੇਰਾਂ ਦਾ ਕੁਝ ਨਹੀਂ ਵਿਗੜਿਆ। ਨਸ਼ਿਆਂ ਦਾ ਮੁੱਦਾ ਪੰਜਾਬ ਲਈ ਅਹਿਮ ਹੈ। ਇਹ ਹਰ ਪੰਜਾਬੀ ਨੂੰ ਪਤਾ ਹੈ ਕਿ ਅਕਾਲੀ ਦਲ ਦੇ 10 ਸਾਲ ਦੇ ਰਾਜ ਵਿਚ ਪੰਜਾਬ ਵਿਚ ਨਸ਼ਿਆਂ ਦਾ ਪ੍ਰਕੋਪ ਵਧਿਆ ਹੈ। ਕਈ ਅਕਾਲੀ ਨੇਤਾਵਾਂ ਦੇ ਨਾਮ ਨਸ਼ਿਆਂ ਦੇ ਸੌਦਾਗਰ ਦੇ ਤੌਰ ਤੇ ਅਖਬਾਰਾਂ ਦੀਆਂ ਸੁਰਖੀਆਂ ਬਣਦੇ ਰਹੇ ਹਨ। ਕਾਂਗਰਸ ਪਾਰਟੀ ਇਸ ਨਾਜ਼ੁਕ ਮੁੱਦੇ ਨੂੰ ਵੀ ਉਭਾਰ ਨਹੀਂ ਸਕੀ ਜਦੋਂ ਕਿ ਨਸ਼ਿਆਂ ਦੇ ਵਿਓਪਾਰ ਦਾ ਪ੍ਰਭਾਵ ਅਜੇ ਤੱਕ ਵੀ ਚਲ ਰਿਹਾ ਹੈ। ਅਤਵਾਦ ਦੇ ਮਾੜੇ ਤੋਂ ਮਾੜੇ ਸਮੇਂ ਵਿਚ ਵੀ ਕਾਂਗਰਸ ਪਾਰਟੀ ਮਾਸ ਕੰਟੈਕਟ ਪ੍ਰੋਗਰਾਮ ਕਰਦੀ ਰਹੀ ਹੈ। ਹੁਣ ਤਾਂ ਸਰਕਾਰ ਵੀ ਕਾਂਗਰਸ ਪਾਰਟੀ ਦੀ ਹੈ, ਜੇਕਰ ਪੰਜਾਬ ਪ੍ਰਦੇਸ਼ ਕਾਂਗਰਸ ਕੋਈ ਲੋਕ ਕਚਹਿਰੀ ਵਿਚ ਜਾਣ ਦੇ ਪ੍ਰੋਗਰਾਮ ਬਣਾਵੇ ਤਾਂ ਸਰਕਾਰ ਦੀ ਪੂਰੀ ਸਪੋਰਟ ਮਿਲੇਗੀ ਪ੍ਰੰਤੂ ਪ੍ਰੋਗਰਾਮ ਤਾਂ ਮੁੱਖ ਮੰਤਰੀ ਨਾਲ ਮਿਲਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਨੇ ਬਣਾਉਣੇ ਹਨ। ਵੈਸੇ ਤਾਂ ਮੁੱਖ ਮੰਤਰੀ ਕੋਲ ਹੀ ਪ੍ਰਧਾਨਗੀ ਰਹਿਣੀ ਚਾਹੀਦੀ ਸੀ ਪ੍ਰੰਤੂ ਕਾਂਗਰਸ ਪਾਰਟੀ ਦੇ ਇਕ ਅਹੁਦਾ ਇਕ ਵਿਅਕਤੀ ਦੇ ਫਾਰਮੂਲੇ ਨੇ ਪੰਜਾਬ ਵਿਚ ਕਾਂਗਰਸ ਪਾਰਟੀ ਦਾ ਨੁਕਸਾਨ ਕੀਤਾ ਹੈ। ਵੈਸੇ ਜਦੋਂ ਸੁਨੀਲ ਕੁਮਾਰ ਜਾਖੜ ਪ੍ਰਧਾਨ ਬਣੇ ਸੀ ਉਦੋਂ ਆਮ ਕਿਹਾ ਜਾਂਦਾ ਸੀ ਕਿ ਇਹ ਦੋਵੇਂ ਹਮਖਿਆਲੀ ਹਨ। ਪਤਾ ਨਹੀਂ ਹੁਣ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਕੁਮਾਰ ਜਾਖੜ ਪਾਸਾ ਵੱਟਕੇ ਕਿਉਂ ਬੈਠ ਗਿਆ ਹੈ? ਸੁਨੀਲ ਜਾਖੜ ਦਾ ਅਕਸ ਕਾਂਗਰਸ ਪਾਰਟੀ ਦੇ ਨੇਤਾਵਾਂ ਅਤੇ ਵਰਕਰਾਂ ਵਿਚ ਸਾਫ ਸੁਥਰਾ ਨੇਤਾ ਦੇ ਤੌਰ ਤੇ ਪ੍ਰਵਾਨ ਕੀਤਾ ਗਿਆ ਹੈ। ਜੇ ਉਹ ਪ੍ਰੋਗਰਾਮ ਬਣਾਕੇ ਲੋਕਾਂ ਦੀ ਕਚਹਿਰੀ ਵਿਚ ਜਾਵੇ ਤਾਂ ਪੰਜਾਬ ਦੇ ਲੋਕ ਉਸਨੂੰ ਜ਼ਰੂਰ ਸਹਿਯੋਗ ਦੇਣਗੇ। ਕਾਂਗਰਸ ਪਾਰਟੀ ਜੇ ਹਿੰਮਤ ਕਰੇ ਤਾਂ ਸਦਮੇ ਵਿਚੋਂ ਬਾਹਰ ਆ ਕੇ ਅਕਾਲੀ ਦਲ ਦੀ ਭਾਈਵਾਲੀ ਵਾਲੀ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਲੋਕਾਂ ਕੋਲ ਲਿਜਾਕੇ ਉਨ੍ਹਾਂ ਦਾ ਪਰਦਾ ਫਾਸ਼ ਕਰ ਸਕਦੀ ਹੈ। ਪੰਜਾਬ ਸਰਕਾਰ ਨੇ ਹੁਣ ਤੱਕ 8 ਚੇਅਰਮੈਨ ਬਣਾਏ ਹਨ, ਹੋਰ ਅਹੁਦੇ ਵੀ ਦਿੱਤੇ ਜਾਣੇ ਹਨ ਇਸ ਲਈ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨੂੰ ਕਾਂਗਰਸ ਦੇ ਵਰਕਰਾਂ ਦੇ ਹਿੱਤਾਂ ਲਈ ਮੁੱਖ ਮੰਤਰੀ ਤੱਕ ਪਹੁੰਚ ਕਰਨੀ ਚਾਹੀਦੀ ਹੈ। ਹਾਰਾਂ ਜਿੱਤਾਂ ਤਾਂ ਲੋਕਤੰਤਰ ਦਾ ਹਿੱਸਾ ਹਨ। ਹਾਰਨ ਦਾ ਭਾਵ ਇਹ ਨਹੀਂ ਕਿ ਘਰ ਬੈਠ ਜਾਓ। ਨਵਜੋਤ ਸਿੰਘ ਸਿੱਧੂ ਦੇ ਮਸਲੇ ਵਿਚ ਸੁਲਾਹ ਕਰਵਾਉਣ ਦੀ ਜ਼ਿੰਮੇਵਾਰੀ ਵੀ ਆਸ਼ਾ ਕੁਮਾਰੀ ਅਤੇ ਸੁਨੀਲ ਕੁਮਾਰ ਜਾਖੜ ਨੂੰ ਨਿਭਾਉਣੀ ਚਾਹੀਦੀ ਸੀ। ਨਵਜੋਤ ਸਿੰਘ ਸਿੱਧੂ ਘਟਨਾ ਦਾ ਵੀ ਕਾਂਗਰਸ ਪਾਰਟੀ ਦੇ ਅਕਸ ਤੇ ਮਾੜਾ ਅਸਰ ਪਿਆ ਹੈ। ਨਵਜੋਤ ਸਿੰਘ ਸਿੱਧੂ, ਸੁਨੀਲ ਕੁਮਾਰ ਜਾਖੜ ਅਤੇ ਕੈਪਟਨ ਅਮਰਿੰਦਰ ਸਿੰਘ ਤਿੰਨਾ ਦੀ ਕੇਂਦਰੀ ਕਾਂਗਰਸ ਵਿਚ ਤੂਤੀ ਬੋਲਦੀ ਹੈ। ਇਸ ਲਈ ਜੇਕਰ ਸੁਨੀਲ ਜਾਖੜ ਕੋਸ਼ਿਸ਼ ਕਰਦੇ ਤਾਂ ਇਹ ਮਸਲਾ ਹਲ ਹੋ ਸਕਦਾ ਸੀ। ਨਵਜੋਤ ਸਿੰਘ ਸਿੱਧੂ ਦੇ ਕੇਸ ਵਿਚ ਪੰਜਾਬ ਦੇ ਮਾਮਲਿਆਂ ਦੀ ਇਨਚਾਰਜ ਆਸ਼ਾ ਕੁਮਾਰੀ ਵੀ ਆਪਣਾ ਫ਼ਰਜ ਨਿਭਾਉਣ ਵਿਚ ਅਸਫਲ ਰਹੀ ਹੈ। ਵੈਸੇ ਤਾਂ ਪੰਜਾਬ ਦੇ ਸਾਰੇ ਵਿਧਾਨਕਾਰ ਹੀ ਸਿਆਸੀ ਤਾਕਤ ਦਾ ਆਨੰਦ ਮਾਣ ਰਹੇ ਹਨ ਪ੍ਰੰਤੂ ਨਵਜੋਤ ਸਿੰਘ ਸਿੱਧੂ ਦਾ ਚੁੱਪ ਕਰਕੇ ਬੈਠਣਾ ਵੀ ਪਾਰਟੀ ਲਈ ਨੁਕਸਾਨਦਾਇਕ ਸਿੱਧ ਹੋਵੇਗਾ। ਹੁਣ ਲੋਕ ਜਾਗ੍ਰਤ ਹੋ ਗਏ ਹਨ, ਇਸ ਲਈ ਉਨ੍ਹਾਂ ਨੂੰ ਅਣਡਿਠ ਨਹੀਂ ਕੀਤਾ ਜਾ ਸਕਦਾ। ਪੰਜਾਬ ਪ੍ਰਦੇਸ਼ ਕਾਂਗਰਸ ਆਪਣੀ ਜ਼ਿੰਮੇਵਾਰੀ ਨਿਭਾਉਣ ਵਿਚ ਅਸਫਲ ਸਾਬਤ ਹੋ ਰਹੀ ਹੈ।

ਸਾਬਕਾ ਜਿਲ੍ਹਾ ਲੋਕ ਸੰਪਰਕ ਅਧਿਕਾਰੀ 
 ਮੋਬਾਈਲ-94178 13072
ujagarsingh48@yahoo.com