ਦੇਸ਼ ਦੀ ਅਜ਼ਾਦੀ ਅਤੇ ਲੋਕਤੰਤਰ ਦੀ ਖੋਜ ਜਾਰੀ? - ਜਸਵੰਤ ਸਿੰਘ 'ਅਜੀਤ'

ਦੇਸ਼ ਨੂੰ ਅਜ਼ਾਦ ਹੋਇਆਂ 72 ਵਰ੍ਹੇ ਅਤੇ ਲੋਕਤਾਂਤ੍ਰਿਕ ਮਾਨਤਾਵਾਂ ਪੁਰ ਅਧਾਰਤ ਸੰਵਿਧਾਨ ਦੀ ਪ੍ਰਾਪਤੀ ਹੋਇਆਂ 69 ਵਰ੍ਹੇ ਬੀਤ ਗਏ ਹਨ! ਪ੍ਰੰਤੂ ਅੱਜ ਵੀ ਜਦੋਂ ਅਸੀਂ ਦੇਸ਼ ਦੀ ਵਰਤਮਾਨ ਸਥਿਤੀ ਪੁਰ ਨਜ਼ਰ ਮਾਰਦੇ ਹਾਂ, ਤਾਂ ਸਾਨੂੰ ਨਾ ਤਾਂ ਕਿਧਰੇ ਅਜ਼ਾਦੀ ਨਜ਼ਰ ਆਉਂਦੀ ਹੈ ਅਤੇ ਨਾ ਹੀ ਲੋਕਤੰਤਰ! ਹਾਂ, ਜਦੋਂ ਕਦੀ ਲੋਕਸਭਾ, ਵਿਧਾਨ ਸਭਾਵਾਂ ਅਤੇ ਨਗਰ ਨਿਗਮਾਂ ਆਦਿ ਲੋਕਤਾਂਤ੍ਰਿਕ ਸੰਸਥਾਵਾਂ ਦੀਆਂ ਚੋਣਾਂ ਹੁੰਦੀਆਂ ਹਨ ਤਾਂ ਇਹ ਦਾਅਵਾ ਜ਼ਰੂਰ ਸੁਣਨ ਤੇ ਪੜ੍ਹਨ ਨੂੰ ਮਿਲਣ ਲਗਦਾ ਹੈ ਕਿ ਭਾਰਤ ਹੀ ਸੰਸਾਰ ਦਾ ਸਭ ਤੋਂ ਵੱਡਾ ਇਕੋ-ਇੱਕ ਅਜਿਹਾ ਲੋਕਤਾਂਤ੍ਰਿਕ ਅਤੇ ਆਜ਼ਾਦ ਦੇਸ਼ ਹੈ, ਜਿਸਦੇ ਵਾਸੀਆਂ ਨੂੰ ਆਪਣੀ ਸਰਕਾਰ ਆਪ ਚੁਣਨ ਦਾ ਅਧਿਕਾਰ ਪ੍ਰਾਪਤ ਹੈ।
ਪ੍ਰੰਤੂ ਜਦੋਂ ਦੇਸ਼ ਦੀਆਂ ਸਮੁਚੀਆਂ ਲੋਕਤਾਂਤ੍ਰਿਕ ਸੰਸਥਾਵਾਂ ਦੀਆਂ ਚੋਣਾਂ ਦੇ 'ਬੁਨਿਆਦੀ ਸਰੂਪ' ਵੱਲ ਨਜ਼ਰ ਮਾਰਿਆ ਜਾਂਦਾ ਹੈ ਤਾਂ ਇਹ ਗਲ ਉਭਰ ਕੇ ਸਾਹਮਣੇ ਆ ਜਾਂਦੀ ਹੈ ਕਿ ਦੇਸ਼-ਵਾਸੀਆਂ ਵਲੋਂ ਕੇਂਦਰ 'ਤੇ ਪ੍ਰਦੇਸ਼ਾਂ ਦੀਆਂ ਸਰਕਾਰਾਂ ਬਣਾਉਣ ਦੇ ਅਧਿਕਾਰ ਦੀ ਵਰਤੋਂ ਕੀਤੇ ਜਾਣ ਦੀ ਗਲ ਤਾਂ ਦੂਰ ਰਹੀ, ਉਨ੍ਹਾਂ ਨੂੰ ਤਾਂ ਆਪਣੀ ਮਰਜ਼ੀ ਨਾਲ ਆਪਣੇ ਹਲਕੇ ਤੋਂ ਨਗਰ ਨਿਗਮ ਦਾ ਪਾਰਸ਼ਦ ਤਕ ਵੀ ਚੁਣਨ ਦਾ ਅਧਿਕਾਰ ਪ੍ਰਾਪਤ ਨਹੀਂ, ਕਿਉਂਕਿ ਇੱਕ ਤਾਂ ਜਿਹੜੇ 'ਸਜਣ' ਨਗਰ ਨਿਗਮ, ਵਿਧਾਨ ਸਭਾ ਜਾਂ ਲੋਕਸਭਾ ਆਦਿ ਦੀਆਂ ਚੋਣਾਂ ਲੜਦੇ ਹਨ, ਉਨ੍ਹਾਂ ਦੀ ਚੋਣ ਕਰਨ ਜਾਂ ਚੋਣ ਲੜਾਉਣ ਦਾ ਫੈਸਲਾ ਨਾ ਤਾਂ ਇਲਾਕੇ ਦੇ ਸਥਾਨਕ ਲੋਕੀ ਅਤੇ ਨਾ ਹੀ ਕਿਸੇ ਪਾਰਟੀ ਦੇ ਮੈਂਬਰ ਹੀ ਸਮੁਚੇ ਰੂਪ ਵਿੱਚ ਕਰਦੇ ਹਨ। ਉਨ੍ਹਾਂ ਦਾ ਫੈਸਲਾ ਹਰ ਪਾਰਟੀ ਦੇ ਕੁਝ ਚੁਨੀਂਦਾ ਵਿਅਕਤੀ ਹੀ ਕਰਦੇ ਹਨ, ਫਿਰ ਉਨ੍ਹਾਂ ਦੀ ਉਮੀਦਵਾਰੀ ਪੁਰ, ਕੁਝ ਚੋਣਵੇਂ ਆਗੂਆਂ 'ਤੇ ਅਧਾਰਤ ਪਾਰਟੀ ਦੇ 'ਚੋਣ ਬੋਰਡ' ਵਲੋਂ ਮੋਹਰ ਲਾਈ ਜਾਂਦੀ ਹੈ ਅਤੇ ਇਹ ਮੋਹਰ ਵੀ ਬੋਰਡ ਦੇ ਮੈਂਬਰਾਂ ਵਲੋਂ ਉਮੀਦਵਾਰ ਦੀ, ਇਲਾਕੇ ਦੇ ਵਾਸੀਆਂ, ਪਾਰਟੀ ਜਾਂ ਦੇਸ਼ ਪ੍ਰਤੀ ਵਫਾਦਾਰੀ ਨੂੰ ਮੁਖ ਰਖ ਕੇ ਨਹੀਂ, ਸਗੋਂ  ਆਪਣੇ ਪ੍ਰਤੀ ਵਫਾਦਰੀ ਨੂੰ ਮੁੱਖ ਰਖਦਿਆਂ ਹੀ ਲਾਈ ਜਾਂਦੀ ਹੈ।

ਵਾਇਦੇ ਜਾਂ ਲਾਲੀਪਾਪ : ਇਸਤੋਂ ਬਾਅਦ ਚੋਣ-ਮੈਦਾਨ ਵਿੱਚ ਨਿਤਰਨ ਤੋਂ ਪਹਿਲਾਂ ਹਰ ਰਾਜਸੀ ਪਾਰਟੀ ਵਲੋਂ ਇੱਕ ਚੋਣ ਮਨੋਰਥ ਪਤ੍ਰ ਜਾਰੀ ਕੀਤਾ ਜਾਂਦਾ ਹੈ। ਨੈਤਿਕਤਾ ਦੀ ਮੰਗ ਤਾਂ ਇਹ ਹੁੰਦੀ ਹੈ ਕਿ ਇਸ ਚੋਣ ਮਨੋਰਥ ਪਤ੍ਰ ਰਾਹੀਂ ਮਤਦਾਤਾਵਾਂ ਨਾਲ ਉਹ ਹੀ ਵਾਇਦੇ ਕੀਤੇ ਜਾਣ, ਜਿਨ੍ਹਾਂ ਨੂੰ ਪੂਰਿਆਂ ਕਰਨ ਦੇ ਪਾਰਟੀ ਸਮਰਥਾ ਹੋਵੇ।ਪਰ ਹੁੰਦਾ ਇਹ ਹੈ ਕਿ ਹਰ ਪਾਰਟੀ ਦੇ ਆਗੂਆਂ ਦੀ ਕੌਸ਼ਿਸ਼ ਇਹ ਹੁੰਦੀ ਹੈ ਕਿ ਉਹ ਮਤਦਾਤਾਵਾਂ ਨੂੰ ਲੁਭਾਣ ਲਈ ਦੂਸਰਿਆਂ ਨਾਲੋਂ ਕਿਤੇ ਵੱਡੇ ਸਬਜ਼ ਬਾਗ ਵਿਖਾਣ। ਜਿਸਦਾ ਮਤਲਬ ਇਹ ਹੁੰਦਾ ਹੈ ਕਿ ਚੋਣਾਂ ਦੌਰਾਨ ਲੋਕਾਂ ਨਾਲ ਅਜਿਹੇ ਦਿਲ-ਲੁਭਾਣੇ ਵਾਇਦੇ ਕੀਤੇ ਜਾਂਦੇ ਹਨ, ਜਿਨ੍ਹਾਂ ਨੂੰ ਵੇਖ-ਸੁਣ ਹਰੇਕ ਇਹ ਸੋਚਣ ਤੇ ਮਜਬੂਰ ਹੋ ਜਾਂਦਾ ਹੈ ਕਿ ਕੀ ਇਹ ਵਾਇਦੇ ਪੂਰਿਆਂ ਕਰਨ ਦੀ ਸਮਰਥਾ ਇਨ੍ਹਾਂ ਰਾਜਸੀ ਪਾਰਟੀਆਂ ਵਿੱਚ ਹੈ ਵੀ?

ਵਿਚਾਰਾ ਮਤਦਾਤਾ : ਫਿਰ ਵਾਰੀ ਆਉਂਦੀ ਹੈ, ਮਤਦਾਤਾ ਦੀ! ਦੇਸ਼ ਦੇ ਮਤਦਾਤਾ ਵੀ ਨਿਜੀ ਕਾਰਣਾਂ ਦੇ ਅਧਾਰ 'ਤੇ ਵੱਖ-ਵੱਖ ਵੰਡੇ ਹੁੰਦੇ ਹਨ। ਇਨ੍ਹਾਂ ਵਿਚੋਂ ਕਈ ਤਾਂ ਜਾਤ-ਬਿਰਾਦਰੀ ਦਾ ਖਿਆਲ ਰਖਦਿਆਂ, ਕੁਝ ਨਿਜੀ ਸੰਬੰਧਾਂ ਨੂੰ ਮੁਖ ਰਖਦਿਆਂ ਅਤੇ ਕੁਝ ਸ਼ਰਾਬ ਦੀਆਂ ਬੋਤਲਾਂ ਤੇ ਪੈਸਾ ਆਦਿ ਲੈ, ਆਪਣੇ ਮਤ-ਅਧਿਕਾਰ ਦੀ ਵਰਤੋਂ ਕਰਦੇ ਹਨ। ਬਹੁਤ ਹੀ ਘਟ ਅਜਿਹੇ ਮਤਦਾਤਾ ਹੁੰਦੇ ਹਨ, ਜੋ ਆਪਣੀ ਜ਼ਮੀਰ ਦੀ ਆਵਾਜ਼ 'ਤੇ ਮਤਦਾਨ ਕਰ ਪਾਂਦੇ ਹਨ। ਕਿਉਂਕਿ ਦੇਸ਼ ਦੇ ਰਾਜਸੀ ਹਾਲਾਤ ਹੀ ਅਜਿਹੇ ਬਣਾ ਦਿੱਤੇ ਗਏ ਹੋਏ ਹਨ ਕਿ ਜਿਨ੍ਹਾਂ ਦੇ ਚਲਦਿਆਂ ਸਾਰਿਆਂ ਸਾਹਮਣੇ ਆਪੋ-ਆਪਣੀਆਂ ਅਜਿਹੀਆਂ ਕਮਜ਼ੋਰੀਆਂ ਆ ਜਾਂਦੀਆਂ ਹਨ, ਜੋ ਉਨ੍ਹਾਂ ਨੂੰ ਜ਼ਮੀਰ ਦੀ ਆਵਾਜ਼ ਤੇ ਮਤਦਾਨ ਕਰਨ ਤੋਂ ਰੋਕਣ ਵਿੱਚ ਮੁੱਖ ਭੂਮਿਕਾ ਨਿਭਾਂਦੀਆਂ ਹਨ।
ਗਲ ਪਾਰਟੀ ਲੀਡਰ ਚੁਣਨ ਦੀ : ਇਸਤੋਂ ਬਾਅਦ 'ਸਬੰਧਤ' ਸੰਸਥਾ; ਨਗਰ ਨਿਗਮ, ਵਿਧਾਨ ਸਭਾ ਆਦਿ ਵਿੱਚ ਪਾਰਟੀ ਦੇ ਲੀਡਰ ਦੀ ਚੋਣ ਕਰਨ ਦੀ ਵਾਰੀ ਆਉਂਦੀ ਹੈ! ਦੇਸ਼ ਦੇ ਸੰਵਿਧਾਨ ਰਾਹੀਂ ਜਿਸਦੀ ਚੋਣ ਕਰਨ ਦਾ ਅਧਿਕਾਰ ਸੰਬੰਧਤ 'ਸੰਸਥਾ' ਦੇ ਚੁਣੇ ਹੋਏ ਮੈਂਬਰਾਂ ਨੂੰ ਦਿੱਤਾ ਗਿਆ ਹੋਇਆ ਹੈ, ਪਰ ਉਹ ਆਪਣੀ ਮਰਜ਼ੀ ਨਾਲ ਇਸ ਅਧਿਕਾਰ ਦੀ ਵਰਤੋਂ ਨਹੀਂ ਕਰ ਪਾਂਦੇ। ਹੋਰ ਤਾਂ ਹੋਰ ਲੋਕਸਭਾ ਵਿੱਚਲੀ ਸਭ ਤੋਂ ਵੱਡੀ ਪਾਰਟੀ ਜਾਂ ਗਠਜੋੜ ਦੇ ਲੀਡਰ, ਜਿਸਨੇ ਦੇਸ਼ ਦੀ ਕਿਸਮਤ ਸਿਰਜਣੀ ਹੈ, ਅਰਥਾਤ ਪ੍ਰਧਾਨ ਮੰਤਰੀ ਦੇ ਅਹੁਦੇ ਦੀਆਂ ਜ਼ਿਮੇਂਦਾਰੀਆਂ ਸੰਭਾਲਣੀਆਂ ਹਨ, ਦੀ ਚੋਣ ਵੀ ਸੰਬੰਧਤ ਪਾਰਟੀ ਦੇ ਲੋਕਸਭਾ ਲਈ ਚੁਣੇ ਹੋਏ ਮੈਂਬਰ ਆਪ ਨਹੀਂ ਕਰ ਸਕਦੇ। ਉਨ੍ਹਾਂ ਸਾਰਿਆਂ ਨੂੰ ਪਾਰਟੀ ਦੀ ਹਾਈ ਕਮਾਂਡ ਵਲੋਂ ਥੋਪੇ, ਵਿਅਕਤੀ ਨੂੰ ਹੀ ਆਪਣੇ ਲੀਡਰ ਵਜੋਂ ਸਵੀਕਾਰ ਕਰ, ਉਸਦੀ ਚੋਣ 'ਤੇ 'ਸਰਬ-ਸੰਮਤੀ ਨਾਲ ਹੋਣ' ਦੀ ਮੋਹਰ ਲਾਉਣੀ ਪੈਂਦੀ ਹੈ।

ਹਾਸੋਹੀਣਾ ਦਾਅਵਾ : ਇਹ ਸਭ ਕੁਝ ਚਿੱਟੇ ਦਿਨ ਵਾਂਗ ਸਾਫ ਹੋਣ ਦੇ ਬਾਵਜੂਦ ਅਸੀਂ ਬੜੇ ਮਾਣ ਨਾਲ ਦਾਅਵਾ ਕਰਦੇ ਹਾਂ ਕਿ ਸਾਡਾ 'ਭਾਰਤ ਮਹਾਨ' ਹੈ ਅਤੇ ਅਸੀਂ ਉਸ ਆਜ਼ਾਦ ਦੇਸ਼ ਦੇ ਵਾਸੀ ਹਾਂ, ਜਿਸਦੀ ਸਰਕਾਰ ਅਸੀਂ ਆਪ, ਆਪਣੀ ਮਰਜ਼ੀ ਨਾਲ ਚੁਣਦੇ ਅਤੇ ਸਿਰਜਦੇ ਹਾਂ। ਕਿਤਨਾ ਅਜੀਬ ਅਤੇ ਹਾਸੋਹੀਣਾ ਹੈ ਇਹ ਦਾਅਵਾ? ਅੱਜ ਵੀ, ਆਜ਼ਾਦੀ ਦੇ 72 ਵਰ੍ਹੇ ਅਤੇ ਲੋਕਤੰਤਰ ਸੰਵਿਧਾਨ ਦੀ ਪ੍ਰਾਪਤੀ ਦੇ 69 ਵਰ੍ਹੇ ਬੀਤ ਜਾਣ ਤੋਂ ਬਾਅਦ ਵੀ ਜੰਜੀਰਾਂ ਵਿੱਚ ਨੂੜੇ ਹੋਏ ਵਿਅਕਤੀ ਹੋਣ ਦੇ ਬਾਵਜੂਦ, ਇਸ ਦੇਸ਼ ਦੇ ਵਾਸੀਆਂ ਨੂੰ 'ਕਾਗਜ਼ੀ ਆਜ਼ਾਦੀ ਅਤੇ ਲੋਕਤੰਤਰ' ਤੇ ਮਾਣ ਕਰਨਾ ਪੈ ਰਿਹਾ ਹੈ।


ਭਗਤ ਸਿੰਘ ਅਤੇ ਜਿਨਹਾ : ਭਾਰਤ ਦੀ ਅਜ਼ਾਦੀ ਦੇ ਇਤਿਹਾਸ ਦੇ ਪੰਨੇ, ਜੋ ਆਸ਼ੂਤੋਸ਼ ਕੁਮਾਰ ਨੇ ਆਪਣੀ ਫੇਸਬੁਕ ਤੇ ਖੋਲ੍ਹੇ ਹਨ, ਇਸ ਗਲ ਦੀ ਗੁਆਹੀ ਭਰਦੇ ਹਨ ਕਿ ਭਗਤ ਸਿੰਘ ਅਤੇ ਬਟੁਕੇਸ਼ਵਰ ਦੱਤ ਨੇ 'ਬਹਿਰਿਆਂ (ਡੋਰਿਆਂ) ਦੇ ਕੰਨ ਖੋਲ੍ਹ ਉਨ੍ਹਾਂ ਨੂੰ ਦੇਸ਼ ਦੀ ਅਜ਼ਾਦੀ ਦੀ ਅਵਾਜ਼ ਸੁਨਾਣ ਲਈ' ਜਿਸ ਸੈਂਟਰਲ ਅਸੰਬਲੀ ਵਿੱਚ ਬੰਬ ਸੁਟਿਆ ਸੀ, ਉਸ ਵਿੱਚ ਮੁਹੰਮਦ ਅਲੀ ਜਿਨਹਾ ਵੀ ਮੌਜੂਦ ਸੀ। ਉਹ ਬੰਬ ਬਹਿਰਿਆਂ (ਡੋਰਿਆਂ) ਦੇ ਕੰਨ ਖੋਲ੍ਹਣ ਵਿੱਚ ਤਾਂ ਸਫਲ ਨਾ ਹੋ ਸਕਿਆ। ਪਰ ਦੋਹਾਂ, ਭਗਤ ਸਿੰਘ ਅਤੇ ਬਟੁਕੇਸ਼ਵਰ ਦੱਤ ਨੂੰ ਫੜ ਜੇਲ੍ਹ ਵਿੱਚ ਬੰਦ ਕਰ ਦਿੱਤਾ ਗਿਆ। ਜੇਲ੍ਹ ਵਿੱਚ ਆਪਣੇ ਨਾਲ ਹੋ ਰਹੀ ਬੇਇਨਸਾਫੀ ਅਤੇ ਦੁਰਵਿਹਾਰ ਵਿਰੁਧ ਭਗਤ ਸਿੰਘ ਅਤੇ ਉਸਦੇ ਸਾਥੀਆਂ ਨੇ ਭੁਖ ਹੜਤਾਲ ਕਰ ਦਿੱਤੀ। ਹੜਤਾਲ ਕਰ ਰਹੇ ਕ੍ਰਾਂਤੀਕਾਰੀਆਂ ਦੀ ਸੇਹਤ ਇਤਨੀ ਵਿਗੜ ਗਈ ਕਿ ਉਹ ਅਦਾਲਤ ਵਿੱਚ ਪੇਸ਼ ਕਰਨ ਲਾਇਕ ਵੀ ਨਾ ਰਹੇ। ਉਸ ਸਮੇਂ ਦੀਆਂ ਕਾਨੂੰਨੀ ਮਾਨਤਾਵਾਂ ਅਨੁਸਾਰ, ਅਦਾਲਤ ਵਿੱਚ ਉਨ੍ਹਾਂ ਦੀ ਹਾਜ਼ਰੀ ਤੋਂ ਬਿਨਾ, ਉਨ੍ਹਾਂ ਵਿਰੁਧ ਮੁਕਦਮਾ ਨਹੀਂ ਸੀ ਚਲ ਸਕਦਾ। ਇਸ ਰੁਕਾਵਟ ਨੂੰ ਦੂਰ ਕਰਨ ਲਈ ਸਰਕਾਰ ਵਲੋਂ ਸੈਂਟਰਲ ਅਸੰਬਲੀ ਵਿੱਚ ਇੱਕ ਸੋਧ ਬਿਲ ਪੇਸ਼ ਕੀਤਾ ਗਿਆ, ਤਾਂ ਜੋ ਉਸਨੂੰ ਕੈਦੀਆਂ ਦੀ ਗੈਰ-ਹਾਜ਼ਰੀ ਵਿੱਚ, ਉਨ੍ਹਾਂ ਵਿਰੁਧ ਮੁਕਦਮਾ ਚਲਾਣ ਦਾ ਅਧਿਕਾਰ ਮਿਲ ਸਕੇ। ਉਸ ਬਿਲ ਪੁਰ ਹੋ ਰਹੀ ਚਰਚਾ ਵਿੱਚ ਹਿਸਾ ਲੈਂਦਿਆਂ ਮੁਹੰਮਦ ਅਲੀ ਜਿਨਹਾ ਨੇ ਆਪਣੇ ਤਿੱਖੇ ਅਤੇ ਤੇਜ਼ ਭਾਸ਼ਣ ਰਾਹੀਂ ਸੋਧ ਬਿਲ ਦੀਆਂ ਧਜੀਆਂ ਉੱਡਾ ਦਿੱਤੀਆਂ। ਉਸਦਾ ਭਾਸ਼ਣ ਦਲੀਲਾਂ ਅਤੇ ਸਬੂਤਾਂ ਦੇ ਨਾਲ ਹੀ ਵਿਅੰਗ ਬਾਣਾਂ ਦੇ ਨਾਲ ਭਰਪੂਰ ਸੀ। ਉਸਨੇ ਆਪਣੇ ਦਲੀਲਾਂ ਭਰੇ ਭਾਸ਼ਣ ਨਾਲ ਸਦਨ ਅਤੇ ਸਰਕਾਰ ਨੂੰ ਮਜਬੂਰ ਕਰ ਦਿੱਤਾ ਕਿ ਉਹ ਵੇਖਣ ਕਿ ਭਗਤ ਸਿੰਘ ਕੋਈ ਸਾਧਾਰਣ ਅਪਰਾਧੀ ਨਹੀਂ, ਸਗੋਂ ਦਬੇ-ਕੁਚਲੇ ਜਾ ਰਹੇ ਕਰੋੜਾਂ ਹਿੰਦੁਸਤਾਨੀਆਂ ਦੀ ਬਗਾਵਤ ਦੀ ਆਵਾਜ਼ ਹੈ। ਉਸਦੇ ਇਸ ਭਾਸ਼ਣ ਕਾਰਣ ਸਰਕਾਰੀ ਪ੍ਰਸਤਾਵ ਪਾਸ ਨਾ ਹੋ ਸਕਿਆ। ਜਿਸਤੇ ਸਰਕਾਰ ਨੇ ਆਰਡੀਨੈਂਸ ਜਾਰੀ ਕਰ, ਇੱਕ ਟ੍ਰਿਬਿਊਨਲ ਗਠਤ ਕਰ ਦਿੱਤਾ। ਜਿਸ ਦੀ ਮਿਆਦ ਕੇਵਲ ਚਾਰ ਮਹੀਨੇ ਹੀ ਸੀ। ਇਸ ਮਿਆਦ ਦੇ ਖਤਮ ਹੋਣ ਤੋਂ ਕੇਵਲ ਛੇ ਹੀ ਦਿਨ ਪਹਿਲਾਂ ਟ੍ਰਿਬਿਊਨਲ ਨੇ ਸੁਣਵਾਈ ਸ਼ੁਰੂ ਕਰ, ਫੈਸਲਾ ਸੁਣਾ ਦਿੱਤਾ, ਜਿਸਤੋਂ ਇਹ ਸਪਸ਼ਟ ਜਾਪਦਾ ਸੀ ਕਿ ਉਸ ਟ੍ਰਿਬਿਊਨਲ ਨੇ ਕ੍ਰਾਂਤੀਕਾਰੀਆਂ ਨੂੰ ਫਾਂਸੀ ਦੇਣ ਦੀ ਜੋ ਸਜ਼ਾ ਸੁਣਾਈ, ਉਹ ਨੈਤਿਕ ਤੇ ਵਿਧਾਨਕ, ਦੋਹਾਂ ਦੇ ਅਧਾਰ ਤੇ ਖੋਖਲੀ ਸੀ।


...ਅਤੇ ਅੰਤ ਵਿੱਚ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550-ਸਾਲਾ ਪ੍ਰਕਾਸ਼ ਪੁਰਬ ਨਾਲ ਸੰਬੰਧਤ ਸਮਾਗਮਾਂ ਦੇ ਆਯੋਜਨ ਦੀ 'ਲੜੀ' ਸ਼ੁਰੂ ਕਰਨ ਦਾ ਬੀੜਾ ਜਿਨ੍ਹਾਂ ਸੰਸਥਾਵਾਂ ਨੇ ਚੁਕਿਆ ਹੋਇਆ ਹੈ, ਉਨ੍ਹਾਂ ਵਿੱਚ ਪੰਜਾਬੀ ਪ੍ਰੋਮੋਸ਼ਨ ਕੌਂਸਿਲ ਨੇ ਵੀ ਅਪਨੀ ਸ਼ਮੂਲੀਅਤ ਦਰਜ ਕਰਵਾ ਲਈ ਹੈ। ਇਹ ਦਾਅਵਾ ਕਰਦਿਆਂ ਪੰਜਾਬ ਕਾਂਗ੍ਰਸ ਦੇ ਮੁਖੀ ਆਰਐਸ ਜੋੜਾ ਨੇ ਦਸਿਆ ਕਿ ਬੀਤੇ ਦਿਨੀਂ ਇਸ ਸੰਸਥਾ ਵਲੋਂ ਪਹਿਲਾ ਸਮਾਗਮ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਆਯੋਜਿਤ ਕੀਤਾ ਗਿਆ। ਜਿਸ ਵਿੱਚ ਪ੍ਰਮੁਖ ਕੀਰਤਨੀ ਜਥਿਆਂ ਅਤੇ ਪ੍ਰਚਾਰਕਾਂ ਨੇ ਜੇਲ੍ਹ ਵਿੱਚ ਬੰਦ ਕੈਦੀਆਂ ਨੂੰ ਪ੍ਰੇਰਨਾ ਕੀਤੀ ਕਿ ਉਹ ਆਪਣੇ ਅਪਰਾਧਕ ਛਬੀ ਵਾਲੇ ਅਤੀਤ ਨੂੰ ਭੁਲਾ, ਆਪਣੇ ਬਾਕੀ ਰਹਿੰਦੇ ਜੀਵਨ ਨੂੰ ਲੋਕ-ਭਲਾਈ ਦੇ ਕੰਮਾਂ ਵਿੱਚ ਸਮਰਪਤ ਕਰਨ ਦਾ ਸੰਕਲਪ ਕਰ, ਨਵੇਂ ਜੀਵਨ ਦੀ ਅਰੰਭਤਾ ਕਰਨ। ਸ. ਜੋੜਾ ਅਨੁਸਾਰ ਇਸ ਸਮਾਗਮ ਦੀ ਸਫਲਤਾ ਵਿੱਚ ਕੌਂਸਿਲ ਦੇ ਪ੍ਰਧਾਨ ਜਸਵੰਤ ਸਿੰਘ ਬੌਬੀ ਅਤੇ ਸਰਪ੍ਰਸਤ ਐਮਪੀ ਸਿੰਘ ਆਦਿ ਮੁਖੀਆਂ ਨੇ ਮਹਤੱਤਪੁਰਣ ਭੂਮਿਕਾ ਅਦਾ ਕੀਤੀ।

Mobile : + 91 95 82 71 98 90
E-mail : jaswantsinghajit@gmail.com

Address : Jaswant Singh ‘Ajit’, Flat No. 51, Sheetal Apartment, Plot No. 12,
 Sector – 14, Rohini,  DELHI-110085