ਕਿਰਤ ਕਾਨੂੰਨਾਂ ਵਿਚ ਤਬਦੀਲੀ ਦੇ ਮਾਇਨੇ - ਡਾ. ਕੇਸਰ ਸਿੰਘ ਭੰਗੂ

ਦੁਨੀਆ ਭਰ ਦੇ ਕਿਰਤੀਆਂ ਨੇ ਸਾਮਰਾਜੀ ਅਤੇ ਪੂੰਜੀਪਤੀ ਮਾਲਕਾਂ ਵੱਲੋਂ ਕੀਤੇ ਜਾਂਦੇ ਸ਼ੋਸ਼ਣ ਤੋਂ ਨਿਜਾਤ ਪਾਉਣ ਦੇ ਮਕਸਦ ਨਾਲ ਪਿਛਲੀ ਸਦੀ ਦੇ ਸ਼ੁਰੂ ਦੇ ਸਾਲਾਂ ਵਿਚ ਸੰਘਰਸ਼ ਕਰ ਕੇ ਆਪਣੀ ਸੁਰੱਖਿਆ ਲਈ ਬਹੁਤ ਸਾਰੇ ਕਿਰਤ ਕਾਨੂੰਨ ਬਣਾਉਣ ਅਤੇ ਲਾਗੂ ਕਰਵਾਉਣ ਵਿਚ ਸਫਲਤਾ ਹਾਸਲ ਕੀਤੀ ਸੀ। ਦੁਨੀਆ ਭਰ ਵਿਚ ਕਿਰਤ ਮਿਆਰਾਂ ਵਿਚ ਇਕਸਾਰਤਾ ਲਿਆਉਣ ਅਤੇ ਕਾਮਿਆਂ ਦੀ ਲੁੱਟ-ਖਸੁੱਟ ਅਤੇ ਸ਼ੋਸ਼ਣ ਬੰਦ ਕਰਵਾਉਣ ਦੇ ਮਕਸਦ ਨਾਲ 1919 ਵਿਚ ਕੌਮਾਂਤਰੀ ਮਜ਼ਦੂਰ ਸੰਗਠਨ ਦੀ ਹੋਂਦ ਸਭ ਤੋਂ ਵਧ ਜ਼ਿਕਰਯੋਗ ਘਟਨਾ ਹੈ ਅਤੇ ਇਹ ਮਜ਼ਦੂਰਾਂ ਬਾਰੇ ਕਾਨੂੰਨਾਂ ਅਤੇ ਮਸਲਿਆਂ ਦੇ ਨਬੇੜੇ ਲਈ ਮੀਲ ਪੱਧਰ ਸਾਬਤ ਹੋਈ ਹੈ। ਇਸੇ ਮਕਸਦ ਨਾਲ ਭਾਰਤ ਵਿਚ ਵੀ ਮਜ਼ਦੂਰੀ ਦੀਆਂ ਦਰਾਂ, ਮਜ਼ਦੂਰਾਂ ਦੀ ਸਿਹਤ ਤੇ ਸੁਰੱਖਿਆ, ਮਜ਼ਦੂਰਾਂ ਦੇ ਕਲਿਆਣ, ਮਜ਼ਦੂਰ ਯੂਨੀਅਨਾਂ, ਸਨਅਤੀ ਝਗੜੇ ਸੁਲਝਾਉਣ, ਰੁਜ਼ਗਾਰ ਦੀ ਸੁਰੱਖਿਆ ਅਤੇ ਮਜ਼ਦੂਰਾਂ ਦੇ ਹੋਰ ਮਸਲਿਆਂ ਬਾਰੇ ਅਨੇਕਾਂ ਕਾਨੂੰਨ ਬਣੇ ਅਤੇ ਲਾਗੂ ਕੀਤੇ ਗਏ। ਇਥੇ ਇਹ ਵਰਨਣ ਕਰਨਾ ਵਾਜਿਬ ਹੋਵੇਗਾ ਕਿ ਮਜ਼ਦੂਰਾਂ ਬਾਰੇ ਲਾਗੂ ਕੀਤੇ ਕਾਨੂੰਨਾਂ ਨੇ ਬਿਨਾ ਕਿਸੇ ਸ਼ੱਕ ਮਜ਼ਦੂਰ ਜਮਾਤ ਨੂੰ ਲੋੜੀਂਦੀ ਰਾਹਤ ਅਤੇ ਸੁਰੱਖਿਆ ਮੁਹੱਈਆ ਕਰਵਾਈ ਹੈ। ਇਨ੍ਹਾਂ ਕਾਨੂੰਨਾਂ ਵਿਚ ਲੋੜ ਅਨੁਸਾਰ ਸਮੇਂ ਸਮੇਂ ਤਬਦੀਲੀਆਂ ਵੀ ਕੀਤੀਆਂ ਜਾਂਦੀਆਂ ਰਹੀਆਂ ਹਨ।
        ਉਦਾਰਵਾਦੀ ਨੀਤੀਆਂ ਲਾਗੂ ਹੋਣ ਤੋਂ ਬਾਅਦ ਕੌਮਾਂਤਰੀ ਸੰਸਥਾਵਾਂ ਜਿਵੇਂ ਕਿ ਵਿਸ਼ਵ ਬੈਂਕ, ਕੌਮਾਂਤਰੀ ਮੁਦਰਾ ਕੋਸ਼, ਅਤੇ ਸਾਮਰਾਜੀ ਤੇ ਪੂੰਜੀਪਤੀ ਸ਼ਕਤੀਆਂ ਨੇ ਸਮੇਂ ਸਮੇਂ ਦੀਆਂ ਸਰਕਾਰਾਂ ਉੱਤੇ ਨਿਵੇਸ਼ ਵਧਾਉਣ ਅਤੇ ਆਰਥਿਕ ਤਰੱਕੀ ਦੀ ਦਰ ਉੱਚੀ ਕਰਨ ਦੇ ਬਹਾਨੇ ਇਹ ਦਬਾਅ ਬਣਾਇਆ ਕਿ ਮੌਜੂਦਾ ਮਜ਼ਦੂਰਾਂ ਬਾਰੇ ਕਾਨੂੰਨਾਂ ਵਿਚ ਸਰਮਾਏਦਾਰਾਂ ਅਤੇ ਪੂੰਜੀਪਤੀਆਂ ਦੇ ਪੱਖ ਵਿਚ ਤਬਦੀਲੀਆਂ ਕੀਤੀਆਂ ਜਾਣ। ਪਿਛਲੇ 25 ਸਾਲਾਂ ਤੋਂ ਸਨਅਤਕਾਰਾਂ ਅਤੇ ਸਰਮਾਏਦਾਰਾਂ ਦੇ ਦਬਾਅ ਕਾਰਨ ਵੱਖ ਵੱਖ ਕੇਂਦਰ ਸਰਕਾਰਾਂ ਨੇ ਮਜ਼ਦੂਰਾਂ ਦੇ ਹੱਕਾਂ ਦੇ ਖਿਲਾਫ ਮਜ਼ਦੂਰਾਂ ਬਾਰੇ ਕਾਨੂੰਨਾਂ ਵਿਚ ਸੋਧਾਂ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਹਨ। ਇਸੇ ਪ੍ਰਸੰਗ ਵਿਚ ਅਟਲ ਬਿਹਾਰੀ ਬਾਜਪਾਈ ਦੀ ਸਰਕਾਰ ਨੇ 1999 ਵਿਚ ਦੂਜਾ ਲੇਬਰ ਕਮਿਸ਼ਨ ਬਣਾਇਆ ਸੀ। ਇਸ ਕਮਿਸ਼ਨ ਨੇ 2002 ਵਿਚ 40 ਤੋਂ ਵੱਧ ਕੇਂਦਰੀ ਅਤੇ 100 ਦੇ ਨੇੜੇ ਸੂਬਿਆਂ ਦੇ ਮਜ਼ਦੂਰਾਂ ਬਾਰੇ ਕਾਨੂੰਨਾਂ ਨੂੰ ਚਾਰ ਜਾਂ ਪੰਜ ਕਿਰਤ ਕੋਡਾਂ ਵਿਚ ਇਕੱਠਾ ਕਰਨ ਦੀਆਂ ਸਿਫਾਰਸ਼ਾਂ ਕੀਤੀਆਂ। ਮੌਜੂਦਾ ਸਰਕਾਰ ਨੇ ਮਜ਼ਦੂਰਾਂ ਬਾਰੇ ਸਾਰੇ ਕਾਨੂੰਨਾਂ ਨੂੰ ਚਾਰ ਕਿਰਤ ਕੋਡਾਂ ਵਿਚ ਇਕੱਠਾ ਕਰ ਦਿੱਤਾ ਹੈ।
       ਸਭ ਤੋਂ ਪਹਿਲਾਂ ਉਜਰਤਾਂ ਦਾ ਕੋਡ ਐਕਟ ਅਗਸਤ 2019 ਵਿਚ ਪਾਸ ਕੀਤਾ ਗਿਆ। ਇਸ ਕੋਡ ਵਿਚ ਉਜਰਤਾਂ ਬਾਰੇ ਸਾਰੇ ਕਾਨੂੰਨ ਇਕੱਠੇ ਕਰ ਦਿੱਤੇ ਹਨ। ਉਦਯੋਗਿਕ ਕੋਡ ਐਕਟ 2020 ਵਿਚ ਟਰੇਡ ਯੂਨੀਅਨ ਐਕਟ 1926, ਇੰਡਸਟਰੀਅਲ ਡਿਸਪਿਊਟਸ ਐਕਟ 1947 ਅਤੇ ਇੰਡਸਟਰੀਅਲ ਐਂਪਲਾਇਮੈਂਟ ਸਟੈਂਡਿਗ ਆਰਡਰਜ਼ ਐਕਟ 1946 ਨੂੰ ਇਕੱਠਾ ਕਰ ਦਿੱਤਾ ਗਿਆ ਹੈ। ਸੋਸ਼ਲ ਸਕਿਓਰਿਟੀ ਕੋਡ ਐਕਟ 2020 ਵਿਚ ਸਮਾਜਿਕ ਸੁਰੱਖਿਆ ਅਤੇ ਕਲਿਆਣ ਬਾਰੇ ਕਾਨੂੰਨਾਂ ਨੂੰ ਇਕੱਠਾ ਕੀਤਾ ਗਿਆ ਹੈ। ਇਸੇ ਤਰ੍ਹਾਂ ਕਿੱਤਾਮੁਖੀ ਸੁਰੱਖਿਆ, ਸਿਹਤ ਤੇ ਕੰਮ ਕਰਨ ਦੇ ਹਾਲਾਤ ਕੋਡ ਐਕਟ 2020 ਵਿਚ ਤਕਰੀਬਨ 13 ਕਾਨੂੰਨਾਂ ਜਿਹੜੇ ਮਜ਼ਦੂਰਾਂ ਨੂੰ ਸਿਹਤ, ਕੰਮ ਕਰਨ ਵਾਲੀ ਥਾਂ ਦੀ ਹਾਲਤ ਅਤੇ ਰੁਜ਼ਗਾਰ ਦੀ ਸੁਰੱਖਿਆ ਮੁਹੱਈਆ ਕਰਵਾਉਂਦੇ ਸਨ, ਨੂੰ ਸ਼ਾਮਲ ਕੀਤਾ ਗਿਆ ਹੈ। ਸਰਕਾਰ ਅਤੇ ਕਿਰਤ ਕੋਡਾਂ ਦੀ ਹਮਾਇਤ ਕਰਨ ਵਾਲੇ ਲੋਕ, ਰਾਜਨੀਤਕ ਪਾਰਟੀਆਂ ਅਤੇ ਹੋਰ, ਮਜ਼ਦੂਰਾਂ ਬਾਰੇ ਕਾਨੂੰਨਾਂ ਵਿਚ ਸੋਧਾਂ ਨੂੰ ਮਜ਼ਦੂਰ ਪੱਖੀ, ਮਜ਼ਦੂਰਾਂ ਦੀ ਭਲਾਈ ਤੇ ਕਲਿਆਣ ਵਾਲੇ ਅਤੇ ਮਜ਼ਦੂਰਾਂ ਦੀਆਂ ਹਰ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਵਾਲੇ ਗਰਦਾਨ ਰਹੇ ਹਨ। ਇਹ ਸੋਧਾਂ ਕਰਨ ਵੇਲੇ ਹਾਕਮ ਜਮਾਤ ਨੇ ਪੂੰਜੀਪਤੀਆਂ ਮਿਲ ਕੇ ਬੜੀ ਚਲਾਕੀ ਨਾਲ ਇਨ੍ਹਾਂ ਕਿਰਤ ਕੋਡਾਂ ਵਿਚ ਮਜ਼ਦੂਰਾਂ ਨੂੰ ਭਰਮਾਉਣ ਵਾਲੀ ਸ਼ਬਦਾਬਲੀ ਦੀ ਵਰਤੋਂ ਕੀਤੀ ਗਈ ਹੈ ਪਰ ਜੇ ਗਹੁ ਨਾਲ ਇਨ੍ਹਾਂ ਸੋਧਾਂ ਦਾ ਨਿਰੀਖਣ ਕੀਤਾ ਜਾਵੇ ਤਾਂ ਪਤਾ ਲਗਦਾ ਹੈ ਕਿ ਇਹ ਸਾਰੀਆਂ ਸੋਧਾਂ ਮਜ਼ਦੂਰਾਂ ਦੇ ਖਿਲਾਫ ਅਤੇ ਪੂੰਜੀਪਤੀਆਂ/ਕਾਰਪੋਰੇਟਾਂ ਦੇ ਹਿਤਾਂ ਨੂੰ ਧਿਆਨ ਵਿਚ ਰੱਖ ਕੇ ਕੀਤੀਆਂ ਗਈਆਂ ਹਨ। ਸਾਰੇ ਹੀ ਕਿਰਤ ਕੋਡਾਂ ਵਿਚ ਮਜ਼ਦੂਰਾਂ ਦੇ ਹਿੱਤਾਂ ਦੀ ਰਾਖੀ ਕਰਨ ਵਾਲੀਆਂ ਮੱਦਾਂ ਨੂੰ ਸਨਅਤਕਾਰਾਂ ਅਤੇ ਸਰਮਾਏਦਾਰਾਂ ਦੇ ਹਿਤਾਂ ਵਿਚ ਨਰਮ ਕੀਤਾ ਗਿਆ ਹੈ। ਇਸ ਲੇਖ ਵਿਚ ਉਦਯੋਗਿਕ ਕੋਡ ਐਕਟ 2020 ਰਾਹੀਂ ਟਰੇਡ ਯੂਨੀਅਨ ਐਕਟ 1926, ਇੰਡਸਟਰੀਅਲ ਡਿਸਪਿਊਟਸ ਐਕਟ 1947 ਅਤੇ ਇੰਡਸਟਰੀਅਲ ਐਂਪਲਾਇਮੈਂਟ ਸਟੈਂਡਿਗ ਆਰਡਰਜ਼ ਐਕਟ 1946 ਵਿਚ ਸਨਅਤਕਾਰਾਂ ਅਤੇ ਸਰਮਾਏਦਾਰਾਂ ਦੇ ਹਿਤਾਂ ਧਿਆਨ ਵਿਚ ਰੱਖ ਕੇ ਕੀਤੀਆਂ ਸੋਧਾਂ ਦਾ ਜ਼ਿਕਰ ਕੀਤਾ ਗਿਆ ਹੈ।
      ਸਭ ਤੋਂ ਪਹਿਲਾਂ ਜ਼ਿਕਰ ਕਰਨਾ ਜ਼ਰੂਰੀ ਹੈ ਕਿ ਪਹਿਲੇ ਕੌਮੀ ਮਜ਼ਦੂਰ ਕਮਿਸ਼ਨ 1969 ਦੀਆਂ ਸਿਫਾਰਸ਼ਾਂ ਅਨੁਸਾਰ ਸਰਕਾਰ ਨੇ 1976 ਵਿਚ ਇੰਡਸਟਰੀਅਲ ਡਿਸਪਿਊਟਸ ਐਕਟ 1947 ਵਿਚ ਸੋਧ ਕਰ ਕੇ 300 ਜਾਂ 300 ਤੋਂ ਜ਼ਿਆਦਾ ਮਜ਼ਦੂਰ ਭਰਤੀ ਕਰਨ ਵਾਲੇ ਕਾਰਖਾਨੇ ਅਤੇ ਫੈਕਟਰੀਆਂ ਨੂੰ ਮਜ਼ਦੂਰਾਂ ਦੀ ਛਾਂਟੀ ਕਰਨ ਲਈ ਜਾਂ ਜੇਕਰ ਮਾਲਕ ਕਾਰਖਾਨਾ/ਫੈਕਟਰੀ ਬੰਦ ਕਰਨਾ ਚਾਹੁੰਦਾ ਹੈ ਤਾਂ ਪਹਿਲਾਂ ਉਸ ਨੂੰ ਅਜਿਹਾ ਕਰਨ ਲਈ ਸਰਕਾਰ ਤੋਂ ਪ੍ਰਵਾਨਗੀ ਲੈਣੀ ਜ਼ਰੂਰੀ ਕਰ ਦਿੱਤੀ ਸੀ। ਮਜ਼ਦੂਰ ਸੰਗਠਨਾਂ ਦੇ ਦਬਾਅ ਕਾਰਨ ਅਤੇ 1982 ਵਿਚ ਬੰਬੇ ਟੈਕਸਟਾਇਲ ਹੜਤਾਲ ਦੇ ਅਸਰ ਕਾਰਨ ਸਰਕਾਰ ਨੇ 1984 ਵਿਚ ਐਕਟ ਵਿਚ ਸੋਧ ਕਰ ਕੇ ਭਰਤੀ ਮਜ਼ਦੂਰਾਂ ਦੀ ਗਿਣਤੀ 300 ਤੋਂ ਘਟਾ ਕੇ 100 ਕਰ ਦਿੱਤੀ ਸੀ। ਅਜਿਹਾ ਕਰਨ ਨਾਲ ਇੰਡਸਟਰੀਅਲ ਡਿਸਪਿਊਟਸ ਐਕਟ 1947 ਦਾ ਘੇਰਾ ਵਧਣ ਕਾਰਨ ਬਹੁਤ ਸਾਰੇ ਹੋਰ ਕਾਰਖਾਨੇ ਅਤੇ ਫੈਕਟਰੀਆਂ ਦੇ ਮਜ਼ਦੂਰਾਂ ਨੂੰ ਲੋੜੀਂਦੀ ਸੁਰੱਖਿਆ ਮਿਲ ਗਈ ਸੀ। ਉਦਾਰਵਾਦੀ ਨੀਤੀਆਂ ਲਾਗੂ ਹੋਣ ਤੋਂ ਬਾਅਦ ਸਨਅਤਕਾਰਾਂ ਅਤੇ ਕਾਰਪੋਰੇਟਾਂ ਨੇ ਸਰਕਾਰ ਤੋਂ ਇਹ ਗਿਣਤੀ 300 ਜਾਂ 500 ਮਜ਼ਦੂਰ ਕਰਨ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ। ਹੁਣ ਉਦਯੋਗਿਕ ਕੋਡ ਐਕਟ 2020 ਰਾਹੀਂ ਸਰਕਾਰ ਨੇ ਇਕ ਵਾਰ ਫਿਰ ਭਰਤੀ ਮਜ਼ਦੂਰਾਂ ਦੀ ਗਿਣਤੀ 100 ਤੋਂ ਵਧਾ ਕੇ 300 ਕਰ ਦਿੱਤੀ ਹੈ, ਨਤੀਜੇ ਵਜੋਂ ਮਜ਼ਦੂਰਾਂ ਦੀ ਬਹੁਤ ਵੱਡੀ ਗਿਣਤੀ ਐਕਟ ਵੱਲੋਂ ਮੁਹੱਈਆ ਕੀਤੀ ਜਾਂਦੀ ਸੁਰੱਖਿਆ ਤੋਂ ਬਾਹਰ ਹੋ ਜਾਵੇਗੀ। ਇਉਂ ਕਾਨੂੰਨ ਦੇ ਘੇਰੇ ਵਿਚੋਂ ਬਾਹਰ ਹੋਏ ਮਜ਼ਦੂਰਾਂ ਨੂੰ ਸਰਕਾਰ ਨੇ ਕਾਰਖਾਨੇ/ਫੈਕਟਰੀਆਂ ਦੇ ਮਾਲਕਾਂ ਦੇ ਰਹਿਮੋ-ਕਰਮ ਤੇ ਛੱਡ ਦਿੱਤਾ ਗਿਆ ਹੈ। ਇਸੇ ਹੀ ਕਿਰਤ ਕੋਡ ਵਿਚ ਮਜ਼ਦੂਰਾਂ ਦੇ ਹੜਤਾਲ ਕਰਨ ਦੇ ਅਧਿਕਾਰ ਨੂੰ ਵੀ ਖੋਰਾ ਲਾਇਆ ਗਿਆ ਹੈ ਕਿਉਂਕਿ ਪਹਿਲਾ ਮਜ਼ਦੂਰ ਯੂਨੀਅਨਾਂ ਦੋ ਹਫਤਿਆਂ ਦਾ ਨੋਟਿਸ ਦੇ ਕੇ ਹੜਤਾਲ ਕਰ ਸਕਦੀਆਂ ਸਨ ਪਰ ਹੁਣ ਇਹ ਸੋਧ ਕੇ ਹੜਤਾਲ ਕਰਨ ਲਈ 60 ਦਿਨਾਂ ਦਾ ਨੋਟਿਸ ਦੇਣਾ ਲਾਜ਼ਮੀ ਕਰ ਦਿੱਤਾ ਹੈ। ਇਸ ਤੋਂ ਵੀ ਅੱਗੇ ਜੇਕਰ ਉਦਯੋਗਕ ਝਗੜਾ ਟ੍ਰਿਬਿਊਨਲ ਕੋਲ ਹੈ ਤਾਂ ਹੜਤਾਲ ਨਹੀਂ ਕੀਤੀ ਜਾ ਸਕਦੀ, ਜੇਕਰ ਟ੍ਰਿਬਿਊਨਲ ਨੇ ਆਪਣਾ ਫੈਸਲਾ ਸੁਣਾ ਦਿੱਤਾ ਤਾਂ ਵੀ ਉਸ ਤੋਂ 60 ਦਿਨਾਂ ਬਾਅਦ ਤੱਕ ਹੜਤਾਲ ਨਹੀਂ ਕੀਤੀ ਜਾ ਸਕਦੀ।
      ਦੂਜਾ, ਇੰਡਸਟਰੀਅਲ ਐਂਪਲਾਇਮੈਂਟ ਸਟੈਂਡਿੰਗ ਆਰਡਰਜ਼ ਐਕਟ 1946 ਦੇ ਤਹਿਤ ਜਿਨ੍ਹਾਂ ਕਾਰਖਾਨਿਆਂ/ਫੈਕਟਰੀਆਂ ਵਿਚ 100 ਜਾਂ 100 ਤੋਂ ਵੱਧ ਮਜ਼ਦੂਰ ਭਰਤੀ ਸਨ, ਨੂੰ ਮਜ਼ਦੂਰਾਂ ਦੇ ਕੰਮ ਕਰਨ ਦੇ ਢੰਗ-ਤਰੀਕੇ (ਜਿਵੇਂ ਕੰਮ ਕਰਨ ਦੇ ਘੰਟੇ, ਸਿਫਟਾਂ ਦੇ ਸਮੇਂ ਆਦਿ) ਅਤੇ ਮਜ਼ਦੂਰਾਂ ਦੇ ਵਿਹਾਰ ਬਾਰੇ ਰੂਲਜ਼ ਬਣਾਉਣੇ ਪੈਂਦੇ ਸਨ ਤਾਂ ਕਿ ਕਾਰਖਾਨਿਆਂ/ਫੈਕਟਰੀਆਂ ਦੇ ਮਾਲਕ ਆਪਹੁਦਰੀਆਂ ਨਾ ਕਰ ਸਕਣ। ਇਨ੍ਹਾਂ ਰੂਲਜ਼ ਨੂੰ ਪ੍ਰਬੰਧਕਾਂ ਵੱਲੋਂ ਕਾਰਖਾਨੇ/ਫੈਕਟਰੀ ਦੇ ਨੋਟਿਸ ਬੋਰਡਾਂ ਉਤੇ ਲਾਉਣ ਦੇ ਨਾਲ ਨਾਲ ਮਜ਼ਦੂਰਾਂ ਨੂੰ ਵੀ ਜਾਣੂ ਕਰਵਾਉਣਾ ਪੈਂਦਾ ਸੀ। ਹੁਣ ਇਸ ਕਿਰਤ ਕੋਡ ਵਿਚ 100 ਮਜ਼ਦੂਰਾਂ ਤੋਂ ਗਿਣਤੀ ਵਧਾ ਕੇ 300 ਕਰਨ ਨਾਲ ਦੇਸ਼ ਵਿਚ ਮਜ਼ਦੂਰਾਂ ਦੀ ਵੱਡੀ ਗਿਣਤੀ ਕਾਨੂੰਨ ਦੇ ਘੇਰੇ ਤੋਂ ਬਾਹਰ ਹੋ ਜਾਵੇਗੀ ਅਤੇ ਉਨ੍ਹਾਂ ਮਜ਼ਦੂਰਾਂ ਉੱਤੇ ਪੂੰਜੀਪਤੀ ਮਾਲਕ ਮਰਜ਼ੀ ਮੁਤਾਬਿਕ ਕੰਮ ਕਰਨ ਅਤੇ ਵਿਹਾਰ ਦੇ ਰੂਲਜ਼ ਲਾਗੂ ਕਰ ਸਕਦੇ ਹਨ।
      ਤੀਜਾ, ਟਰੇਡ ਯੂਨੀਅਨ ਐਕਟ 1926 ਤਹਿਤ ਮਜ਼ਦੂਰਾਂ ਨੂੰ ਮਜ਼ਦੂਰ ਸੰਗਠਨ ਬਣਾ ਕੇ ਆਪਣੀਆਂ ਵਿੱਤੀ ਅਤੇ ਹੋਰ ਮੰਗਾਂ ਲਈ ਸੰਘਰਸ਼ ਕਰਨ ਦੀ ਖੁੱਲ੍ਹ ਸੀ ਅਤੇ ਮਜ਼ਦੂਰਾਂ ਦੇ ਜਥੇਬੰਦ ਹੋਣ ਨਾਲ ਉਨ੍ਹਾਂ ਦੀ ਸੌਦੇਬਾਜ਼ੀ ਦੀ ਤਾਕਤ (Bargaining power) ਵਧਣ ਕਾਰਨ ਮਜ਼ਦੂਰਾਂ ਨੂੰ ਆਪਣੀਆਂ ਮੰਗਾਂ ਦੀ ਪੂਰਤੀ ਵਿਚ ਕਾਫੀ ਸਹਾਇਤਾ ਮਿਲਦੀ ਰਹੀ ਹੈ। ਟਰੇਡ ਯੂਨੀਅਨ ਲੀਡਰਾਂ ਨੂੰ ਹੜਤਾਲਾਂ ਅਤੇ ਸੰਘਰਸ਼ ਕਰਨ ਦੇ ਦੌਰਾਨ ਕਈ ਕਿਸਮ ਦੇ ਸਿਵਿਲ ਅਤੇ ਫੌਜਦਾਰੀ ਕਾਨੂੰਨਾਂ ਤੋਂ ਛੋਟ ਮਿਲੀ ਹੋਈ ਸੀ। ਐਕਟ ਅਧੀਨ ਕਾਰਖਾਨੇ/ਫੈਕਟਰੀ ਦੇ ਕੋਈ ਵੀ 7 ਜਾਂ 7 ਤੋਂ ਵੱਧ ਮਜ਼ਦੂਰ ਆਪਣੇ ਨਾਮ ਅਤੇ ਪਤਾ ਦੱਸ ਕੇ ਸੰਬੰਧਤ ਰਜਿਸਟਰਾਰ ਕੋਲ ਆਪਣੀ ਯੂਨੀਅਨ ਰਜਿਸਟਰਡ ਕਰਵਾ ਸਕਦੇ ਸਨ। ਪੂੰਜੀਪਤੀ ਸਨਅਤਕਾਰ ਐਕਟ ਦੀ ਇਸ ਧਾਰਾ ਨੂੰ ਹਮੇਸ਼ਾ ਅੜਿੱਕਾ ਸਮਝਦੇ ਰਹੇ ਹਨ ਅਤੇ ਮੰਗ ਕਰਦੇ ਰਹੇ ਹਨ ਕਿ ਯੂਨੀਅਨ ਰਜਿਸਟਰਡ ਕਰਵਾਉਣ ਲਈ ਮਜ਼ਦੂਰਾਂ ਦੀ ਗਿਣਤੀ ਵਿਚ ਵੱਡਾ ਵਾਧਾ ਕੀਤਾ ਜਾਵੇ। ਨਵੇਂ ਕਿਰਤ ਕੋਡ ਵਿਚ ਮਜ਼ਦੂਰਾਂ ਦੇ ਸੰਗਠਤ ਹੋਣ ਦੇ ਹੱਕ ਨੂੰ ਵੀ ਢਾਹ ਲਗਾਈ ਗਈ ਹੈ, ਕਿਉਂਕਿ ਹੁਣ ਮਜ਼ਦੂਰ ਯੂਨੀਅਨ ਰਜਿਸਟਰਡ ਕਰਵਾਉਣ ਲਈ ਕਾਰਖਾਨੇ/ਫੈਕਟਰੀ ਵਿਚ ਕੰਮ ਕਰਦੇ 10 ਫ਼ੀਸਦ ਜਾਂ ਵੱਧ ਮਜ਼ਦੂਰਾਂ ਦੀ ਸਹਿਮਤੀ ਹੋਣੀ ਲਾਜ਼ਮੀ ਕਰ ਦਿੱਤੀ ਗਈ ਹੈ। ਇਸ ਦੀ ਮੰਗ ਕਾਰਖਾਨੇ/ਫੈਕਟਰੀਆਂ ਦੇ ਮਾਲਕ ਲੰਮੇ ਸਮੇਂ ਤੋਂ ਕਰ ਰਹੇ ਸੀ ਪਰ ਮਜ਼ਦੂਰ ਯੂਨੀਅਨਾਂ ਇਸ ਦਾ ਵਿਰੋਧ ਕਰਦੀਆਂ ਰਹੀਆਂ ਹਨ।
       ਉਪਰੋਕਤ ਵਿਸ਼ਲੇਸ਼ਣ ਸਪੱਸ਼ਟ ਕਰਦਾ ਹੈ ਕਿ ਮੌਜੂਦਾ ਕੇਂਦਰ ਸਰਕਾਰ ਨੇ ਨਵੇਂ ਕਿਰਤ ਕੋਡ ਬਣਾ ਕੇ ਮਜ਼ਦੂਰਾਂ ਦੇ ਹੱਕਾਂ ਨੂੰ ਅਣਗੌਲਿਆ ਹੀ ਨਹੀਂ ਕੀਤਾ ਸਗੋਂ ਉਨ੍ਹਾਂ ਨੂੰ ਖੋਰਾ ਲਾਉਣ ਦੇ ਨਾਲ ਨਾਲ ਇਹ ਪੂੰਜੀਪਤੀਆਂ, ਸਰਮਾਏਦਾਰਾਂ ਅਤੇ ਕਾਰਪੋਰੇਟਾਂ ਦੇ ਹਿੱਤਾਂ ਦੀ ਰਾਖੀ ਕਰ ਕੇ ਉਨ੍ਹਾਂ ਦੇ ਹੱਕ ਵਿਚ ਭੁਗਤੀ ਹੈ। ਕਰੋਨਾ ਮਹਾਮਾਰੀ ਦੌਰਾਨ ਜਿਸ ਜਲਦਬਾਜ਼ੀ ਵਿਚ ਕੇਂਦਰ ਸਰਕਾਰ ਨੇ ਸਾਰੇ ਕਿਰਤ ਕੋਡ ਪਾਰਲੀਮੈਂਟ ਵਿਚੋਂ ਪਾਸ ਕਰਵਾਏ ਹਨ, ਇਸ ਤੋਂ ਸੱਤਾ ਉਤੇ ਕਾਬਜ਼ ਧਿਰ ਦਾ ਪੂੰਜੀਪਤੀਆਂ, ਸਰਮਾਏਦਾਰਾਂ ਅਤੇ ਕਾਰਪੋਰੇਟਾਂ ਦੇ ਹੱਕਾਂ ਅਤੇ ਹਿੱਤਾਂ ਵਿਚ ਭੁਗਤਣ ਦਾ ਖਦਸ਼ਾ ਸੱਚ ਸਾਬਤ ਹੋ ਜਾਂਦਾ ਹੈ। ਇਹ ਵੀ ਮਹਿਸੂਸ ਕੀਤਾ ਜਾ ਰਿਹਾ ਹੈ ਕਿ ਇਹ ਸਭ ਕੁਝ ਸਹਿਜੇ ਹੀ ਸੰਭਵ ਨਹੀਂ ਹੋਇਆ, ਲਗਦਾ ਹੈ ਕਿ ਵਰਤਮਾਨ ਸਮੇਂ ਵਿਚ ਭਾਰਤ-ਚੀਨ ਦੇ ਸੰਬੰਧਾਂ ਵਿਚ ਕੁੜੱਤਣ ਦੀ ਆੜ ਵਿਚ ਕੌਮਾਂਤਰੀ ਪੂੰਜੀਪਤੀਆਂ ਅਤੇ ਕਾਰਪੋਰੇਟਾਂ ਨੇ ਵਗੈਰ ਕਰੋਨਾ ਮਹਾਮਾਰੀ ਦੀ ਪ੍ਰਵਾਹ ਕੀਤਿਆਂ ਭਾਰਤੀ ਹਾਕਮਾਂ ਦੀ ਬਾਂਹ ਮਰੋੜ ਕੇ ਜਲਦਬਾਜ਼ੀ ਵਿਚ ਨਵੇਂ ਮਜ਼ਦੂਰ ਵਿਰੋਧੀ ਕਿਰਤ ਕੋਡਾਂ ਨੂੰ ਲਾਗੂ ਕਰਵਾਇਆ ਹੈ।

'ਪ੍ਰੋਫੈਸਰ ਆਫ ਇਕਨਾਮਿਕਸ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੰਪਰਕ: 98154-27127