MediaPunjab
ਮੀਡੀਆ ਪੰਜਾਬ ਦੀਆਂ ਖ਼ਬਰਾਂ

ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ 'ਤੇ ਐਸ.ਡੀ.ਐਮ.-2 ਨੇ ਲਿਆ ਟੀਕਾਕਰਨ ਕੈਂਪ ਦਾ ਜਾਇਜ਼ਾ

ਕੋਵਿਡ ਪ੍ਰੋਟੋਕਾਲਜ਼ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਦੀ ਕੀਤੀ ਅਪੀਲ

ਜਲੰਧਰ, 6 ਜੂਨ (ਰਮੇਸ਼ ਗਾਬਾ) ਡਿਪਟੀ ਕਮਿਸ਼ਨਰ, ਜਲੰਧਰ ਘਨਸ਼ਿਆਮ ਥੋਰੀ ਦੀ ਅਪੀਲ ਨੂੰ ਭਰਵਾਂ ਹੁੰਗਾਰਾ ਦਿੰਦਿਆਂ ਵੱਖ-ਵੱਖ ਗੈਰ ਸਰਕਾਰੀ ਸੰਗਠਨਾਂ, ਮਾਰਕਿਟ ਤੇ ਵਪਾਰਕ ਐਸੋਸੀਏਸ਼ਨਾਂ ਅਤੇ ਹੋਰਨਾਂ ਵੱਲੋਂ ਯੋਗ ਲਾਭਪਾਤਰੀਆਂ ਦੀ ਸਹੂਲਤ ਲਈ ਵੱਖ-ਵੱਖ ਥਾਈਂ ਲਗਾਏ ਜਾ ਰਹੇ ਟੀਕਾਕਰਨ ਕੈਂਪਾਂ ਦੀ ਲੜੀ ਤਹਿਤ ਅੱਜ ਕਾਲੀਆ ਫਾਊਂਡੇਸ਼ਨ ਵੱਲੋਂ ਸੋਸ਼ਲ ਮਾਡਲ ਸੀਨੀਅਰ ਸੈਕੰਡਰੀ ਸਕੂਲ ਮਨਜੀਤ ਨਗਰ ਬਬਰੀਕ ਚੌਕ, ਜਲੰਧਰ ਵਿਖੇ ਮੁਫ਼ਤ ਟੀਕਾਕਰਨ ਕੈਂਪ ਲਗਾਇਆ ਗਿਆ, ਜਿਸ ਵਿੱਚ ਕਰੀਬ 120 ਲੋਕਾਂ ਨੂੰ ਵੈਕਸੀਨ ਦੀ ਖੁਰਾਕ ਲਗਾਈ ਗਈ।
ਕੈਂਪ ਵਿੱਚ ਵਿਸ਼ੇਸ਼ ਤੌਰ 'ਤੇ ਪੁੱਜੇ ਐਸ.ਡੀ.ਐਮ.-2 ਹਰਪ੍ਰੀਤ ਸਿੰਘ ਅਟਵਾਲ ਨੇ ਟੀਕਾਕਰਨ ਕੇਂਦਰ ਵਿੱਚ ਅਪਣਾਈ ਜਾ ਰਹੀ ਪੂਰੀ ਪ੍ਰਕਿਰਿਆ ਦਾ ਜਾਇਜ਼ਾ ਲਿਆ ਅਤੇ ਵਾਇਰਸ ਤੋਂ ਬਚਾਅ ਲਈ ਮਾਸਕ, ਸਮਾਜਿਕ ਦੂਰੀ ਸਮੇਤ ਹੋਰ ਸੁਰੱਖਿਆ ਸਾਵਧਾਨੀਆਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ।
ਸ਼੍ਰੀ ਅਟਵਾਲ ਨੇ ਫਾਊਂਡੇਸ਼ਨ ਵੱਲੋਂ ਕੀਤੇ ਗਏ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਲਾਭਪਾਤਰੀਆਂ ਦੇ ਟੀਕਾਕਰਨ ਲਈ ਐਨ.ਜੀ.ਓਜ਼ ਵੱਲੋਂ ਕੀਤੇ ਜਾ ਰਹੇ ਯਤਨ ਪ੍ਰਸ਼ੰਸਾਯੋਗ ਹਨ। ਐਨ.ਡੀ.ਓਜ਼ ਵੱਲੋਂ ਨਿਭਾਈ ਜਾ ਰਹੀ ਭੁਮਿਕਾ ਨੂੰ ਮਨੁੱਖਤਾ ਦੀ ਸੱਚੀ ਸੇਵਾ ਕਰਾਰ ਦਿੰਦਿਆਂ ਉਨ੍ਹਾਂ ਹੋਰਨਾਂ ਗੈਰ ਸਰਕਾਰੀ ਸੰਗਠਨਾਂ ਨੂੰ ਵੀ ਇਸ ਨੇਕ ਕਾਰਜ ਦਾ ਹਿੱਸਾ ਬਣਨ ਦਾ ਸੱਦਾ ਦਿੱਤਾ।


ਇਸ ਮੌਕੇ ਕਾਲੀਆ ਫਾਊਂਡੇਸ਼ਨ ਵੱਲੋਂ ਐਸ.ਡੀ.ਐਮ. ਸ਼੍ਰੀ ਹਰਪ੍ਰੀਤ ਸਿੰਘ ਅਟਵਾਲ ਦਾ ਸਨਮਾਨ ਵੀ ਕੀਤਾ ਗਿਆ। ਫਾਊਂਡੇਸ਼ਨ ਦੀ ਬਾਨੀ ਮੋਨਿਕਾ ਕਾਲੀਆ ਨੇ ਕਿਹਾ ਕਿ ਸੰਸਥਾ ਦਾ ਇਕੋ ਇਕ ਮਕਸਦ ਲੋੜਵੰਦ ਲੋਕਾਂ ਦੀ ਮਦਦ ਕਰਨਾ ਹੈ। ਇਸ ਮੌਕੇ ਐਡਵੋਕੇਟ ਰਾਜ ਕੁਮਾਰ ਭੱਲਾ, ਸੁਮਨ ਕਾਲੀਆ, ਪ੍ਰਸ਼ਾਂਤ ਕਾਲੀਆ, ਰਾਕੇਸ਼ ਮਹਾਜਨ, ਲੀਨਾ ਮਹਾਜਨ, ਸੰਜੇ ਕੁਮਾਰ, ਹਿਤੇਸ਼ ਚੱਢਾ, ਮਨੀਸ਼ ਸ਼ਰਮਾ, ਸੋਨੂੰ ਸ਼ਰਮਾ ਅਤੇ ਸੋਸ਼ਲ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਸਟਾਫ ਦੇ ਮੈਂਬਰ ਵੀ ਮੌਜੂਦ ਸਨ।