MediaPunjab
ਮੀਡੀਆ ਪੰਜਾਬ ਦੀਆਂ ਖ਼ਬਰਾਂ

ਓਲੀ ਨੂੰ ਵੱਡਾ ਝਟਕਾ, ਨੇਪਾਲ ਦੀ SC ਨੇ ਸ਼ੇਰ ਬਹਾਦੁਰ ਨੂੰ ਪੀ.ਐੱਮ ਬਣਾਉਣ ਦਾ ਦਿੱਤਾ ਆਦੇਸ਼

ਕਾਠਮੰਡੂ 12 ਜੁਲਾਈ  (ਮਪ) ਨੇਪਾਲ ਦੀ ਸੁਪਰੀਮ ਕੋਰਟ (SC) ਨੇ ਅੰਤਰਿਮ ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਨੂੰ ਵੱਡਾ ਝਟਕਾ ਦਿੱਤਾ ਹੈ। ਸੁਪਰੀਮ ਕੋਰਟ ਨੇ ਆਦੇਸ਼ ਦਿੱਤਾ ਹੈ ਕਿ ਅਗਲੇ 28 ਘੰਟੇ ਵਿਚ ਸ਼ੇਰ ਬਹਾਦੁਰ ਦੇਉਬਾ ਨੂੰ ਅਗਲਾ ਪ੍ਰਧਾਨ ਮੰਤਰੀ ਨਿਯੁਕਤ ਕਰ ਦਿੱਤਾ ਜਾਵੇ। ਇਹ ਆਦੇਸ਼ ਉਦੋਂ ਆਇਆ ਹੈ ਜਦੋਂ ਨੇਪਾਲ ਵਿਚ ਪਿਛਲੇ ਲੰਬੇਂ ਸਮੇਂ ਤੋਂ ਰਾਜਨੀਤਕ ਲੀਡਰਸ਼ਿਪ ਦਾ ਸੰਕਟ ਹੈ।  ਕੇਪੀ ਸ਼ਰਮਾ ਓਲੀ ਦੀ ਅਗਵਾਈ ਵਾਲੀ ਮੌਜੂਦਾ ਸਰਕਾਰ ਨੇ ਪਿਛਲੇ ਪੰਜ ਮਹੀਨਿਆਂ ਵਿਚ ਦੂਜੀ ਵਾਰ ਸਦਨ ਵਿਚ ਬਹੁਮਤ ਗਵਾਇਆ ਹੈ। ਅਜਿਹੇ ਵਿਚ ਸੋਮਵਾਰ ਨੂੰ ਸੁਪਰੀਮ ਕੋਰਟ ਨੇ ਤੁਰੰਤ ਨਵੀਂ ਸਰਕਾਰ ਬਣਾਉਣ ਲਈ ਕਿਹਾ ਹੈ। ਨੇਪਾਲ ਦੀ ਸੁਪਰੀਮ ਕੋਰਟ ਦੀ ਪੰਜ ਮੈਂਬਰਾਂ ਦੀ ਸੰਵਿਧਾਨਕ ਬੈਂਚ ਨੇ ਨਿਰਦੇਸ਼ ਦਿੱਤਾ ਹੈ ਕਿ 28 ਘੰਟੇ ਦੇ ਅੰਦਰ ਨੇਪਾਲੀ ਕਾਂਗਰਸ ਦੇ ਪ੍ਰਮੁੱਖ ਸ਼ੇਰ ਬਹਾਦੁਰ ਦੇਉਬਾ ਨੂੰ ਪ੍ਰਧਾਨ ਮੰਤਰੀ ਨਿਯੁਕਤ ਕੀਤਾ ਜਾਵੇ। ਇੱਥੇ ਦੱਸ ਦਈਏ ਕਿ ਨੇਪਾਲ ਦੀ ਰਾਸ਼ਟਰਪਤੀ ਵਿਦਿਆ ਦੇਵੀ ਭੰਡਾਰੀ ਨੇ ਮਈ ਵਿਚ 275 ਮੈਂਬਰਾਂ ਦੀ ਸੰਸਦ ਨੂੰ ਭੰਗ ਕਰ ਦਿੱਤਾ ਸੀ ਜਿਸ ਮਗਰੋਂ ਨਵੰਬਰ ਵਿਚ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਕੀਤਾ ਗਿਆ। ਰਾਸ਼ਟਰਪਤੀ ਨੇ ਓਲੀ ਨੂੰ ਅੰਤਰਿਮ ਪ੍ਰਧਾਨ ਮੰਤਰੀ ਨਿਯੁਕਤ ਕੀਤਾ ਸੀ। ਹੁਣ ਸੁਪਰੀਮ ਕੋਰਟ ਨੇ ਰਾਸ਼ਟਰਪਤੀ ਦੇ ਸੰਸਦ ਨੂੰ ਭੰਗ ਕਰਨ ਦੇ ਫ਼ੈਸਲੇ ਨੂੰ ਪਲਟ ਦਿੱਤਾ ਹੈ। ਰਾਸ਼ਟਰਪਤੀ ਦੇ ਇਸ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਵਿਚ ਕਈ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ।  ਵਿਰੋਧੀ ਦਲਾਂ ਵੱਲੋਂ ਦਾਇਰ ਕਰੀਬ 30 ਤੋਂ ਵੱਧ ਪਟੀਸ਼ਨਾਂ ਵਿਚ ਰਾਸ਼ਟਰਪਤੀ ਦੇ ਆਦੇਸ਼ ਨੂੰ ਗਲਤ ਕਰਾਰ ਦਿੱਤਾ ਗਿਆ ਸੀ।ਵਿਰੋਧੀ ਦਲਾਂ ਨੇ ਸੁਪਰੀਮ ਕੋਰਟ ਦੇ ਸਾਹਮਣੇ ਮੰਗ ਰੱਖੀ ਸੀ ਕਿ ਨੇਪਾਲੀ ਕਾਂਗਰਸ ਦੇ ਪ੍ਰਧਾਨ ਸ਼ੇਰ ਬਹਾਦੁਰ ਦੇਉਬਾ ਨੂੰ ਪ੍ਰਧਾਨ ਮੰਤਰੀ ਨਿਯੁਕਤ ਕੀਤਾ ਜਾਵੇ। ਕਰੀਬ 150 ਸਾਂਸਦਾਂ ਨੇ ਇਸ ਦੇ ਪੱਖ ਵਿਚ ਦਸਤਖ਼ਤ ਕੀਤੇ ਸਨ।