MediaPunjab
ਮੀਡੀਆ ਪੰਜਾਬ ਦੀਆਂ ਖ਼ਬਰਾਂ

ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੇ ਫਰੰਟ ਦੀ ਸੂਬਾ ਪੱਧਰੀ ਮੀਟਿੰਗ ਵਿੱਚ ਅਗਲੇ ਸੰਘਰਸ਼ਾਂ ਦਾ ਐਲਾਨ

*3 ਨਵੰਬਰ ਨੂੰ ਜ਼ਿਲ੍ਹਾ ਪੱਧਰੀ ਰੈਲੀਆਂ ਕਰਕੇ ਵਿੱਤ ਮੰਤਰੀ ਦੇ ਪੁਤਲੇ ਫੂਕਣ ਦਾ ਸੱਦਾ
*13 ਨਵੰਬਰ ਨੂੰ ਮਨਪ੍ਰੀਤ ਬਾਦਲ ਦੇ ਖ਼ਿਲਾਫ ਬਠਿੰਡਾ ਵਿਖੇ ਹੋਵੇਗੀ ਵਿਸ਼ਾਲ ਰੈਲੀ

ਮੋਰਿੰਡਾ, 29 ਅਕਤੂਬਰ (ਭਟੋਆ)  ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰ ਸਾਂਝੇ ਫਰੰਟ ਵੱਲੋਂ ਅੱਜ ਮੋਰਿੰਡਾ ਵਿਖੇ ਚੱਲ ਰਹੇ ਪੱਕੇ ਮੋਰਚੇ ਵਿੱਚ ਬਾਜ ਸਿੰਘ ਖਹਿਰਾ ਦੀ ਪ੍ਰਧਾਨਗੀ ਹੇਠ ਸੂਬਾਈ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਹਾਜ਼ਰ ਮੁਲਾਜ਼ਮ ਤੇ ਪੈਨਸ਼ਨਰ ਆਗੂਆਂ ਵੱਲੋਂ ਪੰਜਾਬ ਸਰਕਾਰ ਦੇ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਵਤੀਰੇ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ ਅਤੇ ਮਹਿਸੂਸ ਕੀਤਾ ਕਿ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਅੜੀਅਲ ਵਤੀਰਾ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਦੀ ਪ੍ਰਾਪਤੀ ਦੇ ਰਸਤੇ ਵਿੱਚ ਵੱਡਾ ਅੜਿੱਕਾ ਬਣਿਆ ਹੋਇਆ ਹੈ। ਸਾਂਝੇ ਫਰੰਟ ਵੱਲੋਂ ਫੈਸਲਾ ਕੀਤਾ ਗਿਆ ਕਿ ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਦੇ ਲੋਕ ਵਿਰੋਧੀ ਰੋਲ ਨੂੰ ਲੋਕਾਂ ਦੀ ਕਚਹਿਰੀ ਵਿੱਚ ਨੰਗਾ ਕਰਨ ਵਾਸਤੇ 3 ਨਵੰਬਰ ਨੂੰ ਜ਼ਿਲ੍ਹਾ ਪੱਧਰੀ ਰੈਲੀਆਂ ਕਰਕੇ ਸਮੁੱਚੇ ਜ਼ਿਲ੍ਹਿਆਂ ਅੰਦਰ ਵਿੱਤ ਮੰਤਰੀ ਦੇ ਪੁਤਲੇ ਫੂਕੇ ਜਾਣਗੇ ਅਤੇ 13 ਨਵੰਬਰ ਮਨਪ੍ਰੀਤ ਸਿੰਘ ਬਾਦਲ ਦੇ ਖ਼ਿਲਾਫ ਬਠਿੰਡਾ ਵਿਖੇ ਹਜ਼ਾਰਾਂ ਦੀ ਗਿਣਤੀ ਵਿੱਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ ਅਤੇ ਵਿੱਤ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ।
ਵਰਨਣ ਯੋਗ ਹੈ ਕਿ ਮੁਲਾਜ਼ਮ ਤੇ ਪੈਨਸ਼ਨਰ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਲਈ ਲਗਾਤਾਰ ਸੰਘਰਸ਼ ਕਰ ਰਹੇ ਹਨ ਅਤੇ 16 ਅਕਤੂਬਰ ਤੋਂ ਮੋਰਿੰਡਾ ਵਿਖੇ ਦਿਨ ਰਾਤ ਦਾ ਪੱਕਾ ਮੋਰਚਾ ਲਗਾ ਕੇ ਬੈਠੇ ਹੋਏ ਹਨ।  ਪੰਜਾਬ ਸਰਕਾਰ ਵੱਲੋਂ ਪਿਛਲੇ ਦਿਨੀਂ 25 ਅਕਤੂਬਰ ਨੂੰ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਸਾਂਝੇ ਫਰੰਟ ਦੇ ਕਨਵੀਨਰਾਂ ਨਾਲ ਮੀਟਿੰਗ ਕਰਕੇ ਕੁਝ ਮੰਗਾਂ ਮੰਨਣ ਦੇ ਸੰਕੇਤ ਦਿੱਤੇ ਸਨ, ਪ੍ਰੰਤੂ ਅੱਜ ਫਿਰ ਸਾਂਝੇ ਫਰੰਟ ਵੱਲੋਂ ਸਮੂਹ ਮੰਗਾਂ ਦੀ ਪ੍ਰਾਪਤੀ ਤੱਕ ਸੰਘਰਸ਼ ਨੂੰ ਚੱਲਦਾ ਰੱਖਣ ਦਾ ਐਲਾਨ ਕੀਤਾ ਗਿਆ ਹੈ।
ਇਸ ਮੌਕੇ ਸਾਂਝਾ ਫਰੰਟ ਦੇ ਕਨਵੀਨਰਜ਼ ਸਤੀਸ਼ ਰਾਣਾ, ਜਰਮਨਜੀਤ ਸਿੰਘ, ਜਗਦੀਸ਼ ਸਿੰਘ ਚਾਹਲ, ਪ੍ਰੇਮ ਸਾਗਰ ਸ਼ਰਮਾ, ਸੁਖਦੇਵ ਸੈਣੀ, ਮੇਘ ਸਿੰਘ ਸਿੱਧੂ ਆਦਿ ਤੋਂ ਇਲਾਵਾ ਸਾਂਝਾ ਫਰੰਟ ਦੇ ਆਗੂ ਬਲਦੇਵ ਸਿੰਘ ਮੰਢਾਲੀ, ਕੁਲਦੀਪ ਸਿੰਘ ਖੰਨਾ, ਰਣਜੀਤ ਰਾਣਵਾ, ਸੁਖਵਿੰਦਰ ਸਿੰਘ ਲਵਲੀ, ਨਰਿੰਦਰ ਸਿੰਘ ਸੈਣੀ, ਕਰਮਜੀਤ ਸਿੰਘ ਬੀਹਲਾ, ਹਰਭਜਨ ਸਿੰਘ ਪਿਲਖਣੀ, ਮਲਾਗਰ ਸਿੰਘ ਖਮਾਣੋਂ, ਮਹਿੰਦਰ ਸਿੰਘ ਧਾਲੀਵਾਲ, ਇਕਬਾਲ ਸਿੰਘ, ਅਜੀਬ ਦਿਵੇਦੀ, ਰਾਮ ਲੁਭਾਇਆ, ਦਰਸ਼ਨ ਬੜਵਾ ਅਤੇ ਅਮਰਜੀਤ ਸਿੰਘ ਆਦਿ ਆਗੂ ਵੀ ਹਾਜ਼ਰ ਸਨ।