MediaPunjab
ਮੀਡੀਆ ਪੰਜਾਬ ਦੀਆਂ ਖ਼ਬਰਾਂ

ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ


ਮੋਰਿੰਡਾ 28 ਨਵੰਬਰ   ( ਭਟੋਆ) ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਦੀ ਸਥਿਤੀ ਬੇਹਤਰ ਬਣਾਉਣ ਲਈ ਵਚਨਬੱਧ ਹੈ ਅਤੇ ਇਸੇ ਕੜੀ ਤਹਿਤ ਸਰਕਾਰ ਨੇ ਗੰਨੇ ਦੀ ਕੀਮਤ ਵਿੱਚ 50/-ਪ੍ਤੀ ਕੁਇੰਟਲ ਦਾ ਵਾਧਾ ਕੀਤਾ ਹੈ, ਜਿਸ ਨਾਲ ਕਿਸਾਨਾਂ ਨੂੰ ਗੰਨੇ ਦਾ ਭਾਅ 360/- ਪ੍ਤੀ ਕੁਇੰਟਲ ਮਿਲੇਗਾ।
ਇਹ ਪ੍ਗਟਾਵਾ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਨੇ ਚੀਨੀ ਮਿੱਲ ਮੋਰਿੰਡਾ ਦੇ ਨਵੇਂ ਸੀਜ਼ਨ ਦੀ ਸ਼ੁਰੂਆਤ ਸਮੇਂ ਰਖਵਾਏ ਸ੍ਰੀ ਅਖੰਡ ਪਾਠ ਦੇ ਭੋਗ ਸਮੇਂ ਜੁੜੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕੀਤਾ। ਮੁੱਖ ਮੰਤਰੀ ਨੇ ਕਿਹਾ ਪ੍ਰਾਈਵੇਟ ਮਿੱਲਾਂ ਵੱਲੋਂ ਸਰਕਾਰ ਦੇ ਧਿਆਨ ਵਿੱਚ ਲਿਆਂਦਾ ਹੈ ਕਿ ਉਹ ਕਿਸਾਨਾਂ ਨੂੰ ਸਰਕਾਰ ਵੱਲੋਂ ਗੰਨੇ ਦੇ ਮੁੱਲ ਦੇ ਵਧਾਏ 50/-ਪ੍ਤੀ ਕੁਇੰਟਲ ਦੇਣ ਤੋਂ ਅਸਮਰਥ ਹਨ, ਜਿਸ ਕਾਰਣ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਵਧਾਏ ਗਏ 50/- ਵਿੱਚੋਂ 35/- ਰੁਪਏ ਸਰਕਾਰ ਵੱਲੋਂ ਕਿਸਾਨਾਂ ਨੂੰ ਅਦਾ ਕੀਤੇ ਜਾਣਗੇ। ਮੁੱਖ ਮੰਤਰੀ ਸ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸਰਕਾਰ ਵੱਲੋਂ ਮੋਰਿੰਡਾ ਚੀਨੀ ਮਿੱਲ ਦੀ ਸਮਰੱਥਾ ਵਧਾਈ ਜਾਵੇਗੀ ਅਤੇ ਮਿੱਲ ਦੀ ਆਮਦਨ ਵਧਾਉਣ ਲਈ ਇੱਥੇ ਸੀਐਨਜੀ ਪਲਾਂਟ ਲਗਾਇਆ ਜਾ ਰਿਹਾ ਹੈ ਜਿਸ ਲਈ ਤਜਵੀਜ਼ ਤਿਆਰ ਕਰ ਲਈ ਗਈ ਹੈ। ਉਨ੍ਹਾਂ ਚੀਨੀ ਮਿੱਲ ਵਿੱਚ ਗੰਨਾ ਸੁੱਟਣ ਲਈ ਆਉਣ ਵਾਲੇ ਕਿਸਾਨਾਂ ਨੂੰ ਸਹੂਲਤਾਂ ਦੇਣ ਲਈ ਮਿੱਲ ਦੇ ਯਾਰਡ ਵਾਸਤੇ 1 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਅਤੇ ਆਲੇ ਦੁਆਲੇ ਦੇ ਪਿੰਡਾਂ ਨੂੰ ਚੀਨੀ ਮਿੱਲ ਨਾਲ ਜੋੜਨ ਵਾਲੀਆਂ ਸੜਕਾਂ ਨੂੰ ਨਵੀਂ ਦਿੱਖ ਪ੍ਦਾਨ ਕੀਤੀ ਗਈ ਹੈ।
    ਇਸ ਮੌਕੇ ਤੇ ਮਿੱਲ ਦੇ ਚੇਅਰਮੈਨ ਖੁਸ਼ਹਾਲ ਸਿੰਘ ਨੇ ਮੁੱਖ ਮੰਤਰੀ ਨੂੰ ਜੀ ਆਇਆਂ ਆਖਿਆ ਜਦਕਿ ਮਿੱਲ ਦੇ ਜਨਰਲ ਮੈਨੇਜਰ ਨੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਇਸ ਅਵਸਰ ਤੇ ਸੁਖਵਿੰਦਰ ਸਿੰਘ ਮੁੰਡੀਆਂ ਵਾਇਸ ਚੇਅਰਮੈਨ ਸਮੇਤ ਮਿੱਲ ਦੇ ਡਾਇਰੈਕਟਰ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।