MediaPunjab
ਮੀਡੀਆ ਪੰਜਾਬ ਦੀਆਂ ਖ਼ਬਰਾਂ

ਕਮਿਸ਼ਨਰੇਟ ਪੁਲਿਸ ਨੇ ਨਵੇਂ ਸਾਲ ਦੇ ਜਸ਼ਨਾਂ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ

* ਪੁਲਿਸ ਕਮਿਸ਼ਨਰ ਨੇ ਨਵੇਂ ਸਾਲ ਦੇ ਸਮਾਗਮਾਂ ਦੇ ਮੱਦੇਨਜ਼ਰ ਸੁਰੱਖਿਆ ਵਿਵਸਥਾ ਦੀ ਕੀਤੀ ਸਮੀਖਿਆ



ਜਲੰਧਰ, 30 ਦਸੰਬਰ (ਰਮੇਸ਼ ਗਾਬਾ) ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਨਵੇਂ ਸਾਲ ਦੇ ਜਸ਼ਨਾਂ ਲਈ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ ਤਾਂ ਜੋ ਲੋਕ ਨਵੇਂ ਸਾਲ ਦਾ ਸਵਾਗਤ ਸ਼ਾਂਤੀਪੂਰਵਕ, ਉਤਸ਼ਾਹ ਅਤੇ ਬਿਨਾਂ ਕਿਸੇ ਡਰ ਤੋਂ ਕਰ ਸਕਣ।

            ਪੁਲਿਸ ਕਮਿਸ਼ਨਰ ਸ਼੍ਰੀ ਨੌਨਿਹਾਲ ਸਿੰਘ, ਜਿਨ੍ਹਾਂ ਵੱਲੋਂ ਅੱਜ ਪੁਲਿਸ ਲਾਈਨਜ਼ ਵਿਖੇ ਮੀਟਿੰਗ ਦੌਰਾਨ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ, ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਮਿਸ਼ਨਰੇਟ ਪੁਲਿਸ ਹਰ ਕੀਮਤ 'ਤੇ ਅਮਨ-ਕਾਨੂੰਨ ਨੂੰ ਕਾਇਮ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਨਵੇਂ ਸਾਲ ਦੀ ਪੂਰਵ ਸੰਧਿਆ 'ਤੇ ਪੁਲਿਸ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਲੋਕ ਨਵੇਂ ਸਾਲ ਦਾ ਸਵਾਗਤ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਕਰ ਸਕਣ। ਸ਼੍ਰੀ ਨੌਨਿਹਾਲ ਸਿੰਘ ਨੇ ਦੱਸਿਆ ਕਿ ਅਧਿਕਾਰੀ/ਕਰਮਚਾਰੀਆਂ ਨੂੰ ਸਾਰੀਆਂ ਸੰਵੇਦਨਸ਼ੀਲ ਥਾਵਾਂ 'ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਪ੍ਰਬੰਧਾਂ ਦੀ ਸਮੀਖਿਆ ਕਰਨ ਦਾ ਇੱਕੋ-ਇੱਕ ਉਦੇਸ਼ ਸੁਰੱਖਿਆ ਪ੍ਰਣਾਲੀ ਨੂੰ ਵਧੇਰੇ ਜਵਾਬਦੇਹ ਅਤੇ ਕੁਸ਼ਲ ਬਣਾਉਣਾ ਹੈ।

ਪੁਲਿਸ ਕਮਿਸ਼ਨਰ ਨੇ ਕਿਹਾ ਕਿ ਕਮਿਸ਼ਨਰੇਟ ਪੁਲਿਸ ਦਾ ਮੁੱਖ ਫੋਕਸ ਅਪਰਾਧ ਦੀ ਰੋਕਥਾਮ ਅਤੇ ਵਸਨੀਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਹੈ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸ਼ਹਿਰ ਵਿੱਚ ਪਹਿਲਾਂ ਹੀ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਜਸ਼ਨਾਂ ਦੌਰਾਨ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਜੁਰਮ ਦੀ ਰੋਕਥਾਮ ਲਈ ਲੋਕਾਂ ਤੋਂ ਪੂਰਨ ਸਹਿਯੋਗ ਦੀ ਮੰਗ ਕਰਦਿਆਂ ਸ਼੍ਰੀ ਨੌਨਿਹਾਲ ਸਿੰਘ ਨੇ ਕਿਹਾ ਕਿ ਪੁਲਿਸ ਲੋਕਾਂ ਦੀ ਮਦਦ ਅਤੇ ਸਹਾਇਤਾ ਲਈ 24 ਘੰਟੇ ਤਤਪਰ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨਰੇਟ ਪੁਲਿਸ ਪੰਜਾਬ ਪੁਲਿਸ ਦੀ ਆਪਣੀ ਡਿਊਟੀ ਨੂੰ ਪੂਰੀ ਤਨਦੇਹੀ ਅਤੇ ਪੇਸ਼ੇਵਰ ਇਮਾਨਦਾਰੀ ਨਾਲ ਨਿਭਾਉਣ ਦੀ ਸ਼ਾਨਦਾਰ ਪਰੰਪਰਾ ਨੂੰ ਬਰਕਰਾਰ ਰੱਖੇਗੀ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਨਵੇਂ ਸਾਲ ਦੇ ਜਸ਼ਨਾਂ ਦੇ ਮੱਦੇਨਜ਼ਰ ਸਖ਼ਤ ਚੌਕਸੀ ਰੱਖਣ ਲਈ 1000 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਗਿਆ ਹੈ। ਕਿਸੇ ਵੀ ਤਰ੍ਹਾਂ ਦੀ ਸਮਾਜ ਵਿਰੋਧੀ ਗਤੀਵਿਧੀ ਨੂੰ ਰੋਕਣ ਲਈ ਸ਼ਹਿਰ ਵਿੱਚ ਸੁਰੱਖਿਆ ਵੀ ਵਧਾ ਦਿੱਤੀ ਗਈ ਹੈ। ਸ਼੍ਰੀ ਨੌਨਿਹਾਲ ਸਿੰਘ ਨੇ ਅੱਗੇ ਦੱਸਿਆ ਕਿ ਸ਼ਹਿਰ ਵਿੱਚ 24 ਘੰਟੇ ਚੌਕਸੀ ਲਈ ਪੁਲਿਸ ਦੀਆਂ ਵੱਖ-ਵੱਖ ਪੈਟਰੋਲਿੰਗ ਪਾਰਟੀਆਂ ਵੀ ਤਾਇਨਾਤ ਕੀਤੀਆਂ ਗਈਆਂ ਹਨ।

ਪੁਲਿਸ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਨਵੇਂ ਸਾਲ ਦੇ ਜਸ਼ਨਾਂ ਦੌਰਾਨ ਸੀਨੀਅਰ ਅਧਿਕਾਰੀਆਂ ਵੱਲੋਂ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ 'ਤੇ ਵਿਅਕਤੀਗਤ ਤੌਰ 'ਤੇ ਨਜ਼ਰ ਰੱਖੀ ਜਾਵੇਗੀ। ਸ਼੍ਰੀ ਨੌਨਿਹਾਲ ਸਿੰਘ ਨੇ ਲੋਕਾਂ ਨੂੰ ਕੋਵਿਡ ਪ੍ਰੋਟੋਕੋਲ ਅਤੇ ਕਾਨੂੰਨ ਵਿਵਸਥਾ ਦੇ ਨਿਯਮਾਂ ਦੀ ਪਾਲਣਾ ਕਰਦਿਆਂ ਨਵੇਂ ਸਾਲ ਦਾ ਪੂਰੇ ਉਤਸ਼ਾਹ ਅਤੇ ਜੋਸ਼ ਨਾਲ ਸਵਾਗਤ ਕਰਨ ਦੀ ਅਪੀਲ ਕੀਤੀ।

ਇਸ ਮੌਕੇ ਜੁਆਇੰਟ ਪੁਲਿਸ ਕਮਿਸ਼ਨਰ ਸ਼੍ਰੀ ਸੰਦੀਪ ਮਲਿਕ ਅਤੇ ਸ਼੍ਰੀ ਕੇਤਨ ਪਾਰੇਖ, ਡਿਪਟੀ ਕਮਿਸ਼ਨਰ ਆਫ ਪੁਲਿਸ ਸ਼੍ਰੀ ਜਗਮੋਹਨ ਸਿੰਘ, ਸ਼੍ਰੀ ਗੁਰਮੀਤ ਸਿੰਘ ਅਤੇ ਸ਼੍ਰੀ ਜੇ.ਐਸ.ਤੇਜਾ ਅਤੇ ਹੋਰ ਮੌਜੂਦ ਸਨ।