MediaPunjab
ਮੀਡੀਆ ਪੰਜਾਬ ਦੀਆਂ ਖ਼ਬਰਾਂ

CM ਮਾਨ ਦਾ ਅਕਾਲੀ ਦਲ ਤੇ ਕਾਂਗਰਸ ’ਤੇ ਵੱਡਾ ਹਮਲਾ, ਕਿਹਾ-ਪੰਜਾਬ ’ਚ ਗੈਂਗਸਟਰਵਾਦ ਲਈ ਦੋਵੇਂ ਨੇ ਜ਼ਿੰਮੇਵਾਰ

ਚੰਡੀਗੜ੍ਹ 5 ਅਕਤੂਬਰ (ਮਪ) ਪੰਜਾਬ ’ਚ ਗੈਂਗਸਟਰਵਾਦ ਲਈ ਅਕਾਲੀ-ਕਾਂਗਰਸ ਨੂੰ ਸਿੱਧੇ ਤੌਰ ’ਤੇ ਜ਼ਿੰਮੇਵਾਰ ਠਹਿਰਾਉਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਦੋਵਾਂ ਪਾਰਟੀਆਂ ਦੇ ਆਗੂ ਗੈਂਗਸਟਰਾਂ ਦੀ ਪੁਸ਼ਤਪਨਾਹੀ ਕਰਦੇ ਰਹੇ ਹਨ, ਜਿਸ ਕਰਕੇ ਇਹ ਲੋਕ ਅੱਜ ਸਮਾਜ ਲਈ ਖ਼ਤਰਾ ਬਣੇ ਹੋਏ ਹਨ। ਸਦਨ ’ਚ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ, “ਸਾਡੀ ਸਰਕਾਰ ਦੇ ਸੱਤਾ ’ਚ ਆਉਣ ਦੇ ਛੇ ਮਹੀਨਿਆਂ ਦੇ ਅੰਦਰ ਹੀ ਗੈਂਗਸਟਰ ਪੈਦਾ ਨਹੀਂ ਹੋਏ। ਅਸਲ ਗੱਲ ਇਹ ਹੈ ਕਿ ਗੈਂਗਸਟਰਾਂ ਨੂੰ ਕਾਂਗਰਸੀ ਅਤੇ ਅਕਾਲੀ ਸਰਕਾਰਾਂ ਮੌਕੇ ਪੂਰੀ ਸਰਪ੍ਰਸਤੀ ਹਾਸਲ ਹੁੰਦੀ ਸੀ। ਦੋਵਾਂ ਪਾਰਟੀਆਂ ਦੇ ਆਗੂਆਂ ਨੇ ਇਨ੍ਹਾਂ ਨੌਜਵਾਨਾਂ ਦੇ ਹੱਥਾਂ ’ਚ ਹਥਿਆਰ ਦੇ ਕੇ ਉਨ੍ਹਾਂ ਨੂੰ ਆਪਣੇ ਹਿੱਤਾਂ ਲਈ ਵਰਤਿਆ।”
ਮੁੱਖ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਐਤਵਾਰ ਨੂੰ ਪੁਲਸ ਹਿਰਾਸਤ ਤੋਂ ਭੱਜਣ ਵਾਲੇ ਗੈਂਗਸਟਰ ਨੂੰ ਫੜਨ ਲਈ ਸਪੈਸ਼ਲ ਆਪ੍ਰੇਸ਼ਨ ਸ਼ੁਰੂ ਕਰ ਦਿੱਤਾ ਗਿਆ ਅਤੇ ਉਹ ਜਲਦ ਹੀ ਸਲਾਖਾਂ ਪਿੱਛੇ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਸਦਨ ’ਚ ਮੁੱਖ ਮੰਤਰੀ ਨੇ ਦੱਸਿਆ ਕਿ ਇਸ ਗੈਂਗਸਟਰ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਉਸ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ ਦਿੱਤਾ ਹੈ ਅਤੇ ਨੇਪਾਲ ਦੇ ਬਾਰਡਰ ਉੱਤੇ ਵੀ ਸਖ਼ਤੀ ਵਧਾ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਘਟਨਾ ਲਈ ਜ਼ਿੰਮੇਵਾਰ ਪੁਲਸ ਅਧਿਕਾਰੀ ਪ੍ਰਿਤਪਾਲ ਸਿੰਘ ਨੂੰ ਬਰਖ਼ਾਸਤ ਕਰ ਦਿੱਤਾ ਗਿਆ ਹੈ ਅਤੇ ਉਸ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ, ਜਿਸ ਤੋਂ ਬਾਅਦ ਅਦਾਲਤ ਵੱਲੋਂ ਉਸ ਨੂੰ 7 ਅਕਤੂਬਰ ਤੱਕ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਉੱਘੇ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਬਹੁਤ ਹੀ ਮੰਦਭਾਗੀ ਘਟਨਾ ਦੱਸਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਪੁਲਸ ਨੇ ਇਸ ਕਤਲ ’ਚ ਹੁਣ ਤੱਕ 36 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ, ਜਿਨ੍ਹਾਂ  ’ਚੋਂ 4 ਸ਼ਾਰਪ ਸ਼ੂਟਰਾਂ ਸਮੇਤ 28 ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਮਾਮਲੇ ’ਚ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।