MediaPunjab
ਮੀਡੀਆ ਪੰਜਾਬ ਦੀਆਂ ਖ਼ਬਰਾਂ

ਸਿਹਤ ਸੰਭਾਲ ਖੇਤਰ ਵਿੱਚ ਸਫ਼ਲਤਾ ਦੀ ਨਵੀਂ ਕਹਾਣੀ ਲਿਖ ਰਿਹੈ ਪੰਜਾਬ : ਸਿਵਲ ਸਰਜਨ ਡਾ. ਦਵਿੰਦਰ ਢਾਂਡਾ

- ਨਵੀਆਂ ਆਦਮੀ ਕਲੀਨਿਕਾਂ ਦੇ ਉਦਘਾਟਨ ਲਈ ਉਲਟੀ ਗਿਣਤੀ ਸ਼ੁਰੂ
- ਸਿਵਲ ਸਰਜਨ ਨੇ ਪੀ.ਐੱਚ.ਸੀ. ਜੱਬੋਵਾਲ ਵਿਖੇ ਬਣਾਏ ਜਾ ਰਹੇ ਨਵੇਂ ‘ਆਮ ਆਦਮੀ ਕਲੀਨਿਕ ਦੇ ਕੰਮਕਾਜ ਦਾ ਲਿਆ ਜਾਇਜ਼ਾ



ਨਵਾਂਸ਼ਹਿਰ, 25 ਜਨਵਰੀ,  (ਵਿਪਨ ਕੁਮਾਰ) ਪੰਜਾਬ ਦੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਲਈ 400 ਤੋਂ ਵੱਧ ਨਵੀਆਂ ‘ਆਮ ਆਦਮੀ ਕਲੀਨਿਕਾਂ’ ਦੇ ਉਦਘਾਟਨ ਲਈ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ। ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ 27 ਜਨਵਰੀ ਨੂੰ ਨਵੀਆਂ ‘ਆਮ ਆਦਮੀ ਕਲੀਨਿਕਾਂ’ ਦੀ ਰਸਮੀ ਸ਼ੁਰੂਆਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।

ਇਸ ਸਬੰਧ ਵਿੱਚ ਸਿਵਲ ਸਰਜਨ ਨੇ ਅੱਜ ਪੀ.ਐੱਚ.ਸੀ. ਜੱਬੋਵਾਲ ਵਿਖੇ ਬਣਾਏ ਜਾ ਰਹੇ ਨਵੇਂ ‘ਆਮ ਆਦਮੀ ਕਲੀਨਿਕ ਦੇ ਕੰਮਕਾਜ ਦਾ ਜਾਇਜ਼ਾ ਲਿਆ ਤਾਂ ਜੋ ਮੁੱਖ ਮੰਤਰੀ ਦੇ ਸੁਪਨਮਈ ਪ੍ਰਾਜੈਕਟ ਨੂੰ ਸਮੇਂ ਸਿਰ ਨੇਪਰੇ ਚਾੜ੍ਹਿਆ ਜਾ ਸਕੇ।

ਇਸ ਮੌਕੇ ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਨਾਲ ਪੰਜਾਬ ਸਿਹਤ ਸੰਭਾਲ ਖੇਤਰ ਵਿੱਚ ਸਫ਼ਲਤਾ ਦੀ ਨਵੀਂ ਕਹਾਣੀ ਲਿਖ ਰਿਹਾ ਹੈ। ਪੰਜਾਬ ਸਰਕਾਰ 27 ਜਨਵਰੀ 2023 ਨੂੰ ਪੰਜਾਬ ਵਿੱਚ ਨਵੇਂ 400 ਤੋਂ ਵੱਧ ‘ਆਮ ਆਦਮੀ ਕਲੀਨਿਕ’ ਲੋਕਾਂ ਨੂੰ ਸਮਰਪਿਤ ਕਰਨ ਜਾ ਰਹੀ ਹੈ, ਜਿਨਾਂ੍ਹ ਵਿੱਚ ਜਿਲ੍ਹੇ ਦੇ 10 ਆਮ ਆਦਮੀ ਕਲੀਨਿਕ ਵੀ ਸ਼ਾਮਲ ਹਨ।

ਡਾ. ਢਾਂਡਾ ਨੇ ਕਿਹਾ ਕਿ ਨਵੇਂ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਪੰਜਾਬ ਦੇ ਸਿਹਤ ਖੇਤਰ ਵਿਚ ਵੱਡੀ ਪੁਲਾਂਘ ਹੋਵੇਗੀ। ਇਨ੍ਹਾਂ ਕਲੀਨਿਕਾਂ ਨਾਲ ਪੰਜਾਬ ਵਿੱਚ ਸਿਹਤ ਸੰਭਾਲ ਢਾਂਚੇ ’ਚ ਮਿਸਾਲੀ ਸੁਧਾਰ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ‘ਆਮ ਆਦਮੀ ਕਲੀਨਿਕਾ’ ਵਿਖੇ ਬਿਹਤਰੀਨ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।

ਉਨ੍ਹਾਂ ਕਿਹਾ ਕਿ ਇਹ ਕਲੀਨਿਕ ਬਿਮਾਰੀਆਂ ਦੀ ਜਾਂਚ ਅਤੇ ਕਲੀਨੀਕਲ ਟੈਸਟਾਂ ਸਮੇਤ ਵੱਖ-ਵੱਖ ਸੇਵਾਵਾਂ ਲੋਕਾਂ ਨੂੰ ਬਿਨਾਂ ਕਿਸੇ ਮੁਸ਼ਕਿਲ ਦੇ ਪ੍ਰਦਾਨ ਕਰਕੇ ਮੁੱਢਲੇ ਸਿਹਤ ਸੰਭਾਲ ਸਿਸਟਮ ਨੂੰ ਮਜ਼ਬੂਤ ਕਰਨਗੇ। ਉਨ੍ਹਾਂ ਕਿਹਾ ਕਿ ਮਰੀਜ਼ਾਂ ਨੂੰ ਮਿਆਰੀ ਇਲਾਜ ਮਿਲੇਗਾ ਅਤੇ ਇਹ ਕਲੀਨਿਕ ਰੈਫ਼ਰਲ ਪ੍ਰਬੰਧਨ ਨੂੰ ਮਜ਼ਬੂਤ ਕਰਨ ਵਿੱਚ ਹੋਰ ਮੱਦਦ ਕਰਨਗੇ।

ਉਨ੍ਹਾਂ ਅੱਗੇ ਕਿਹਾ ਕਿ ਆਮ ਆਦਮੀ ਕਲੀਨਿਕ ਵਿੱਚ ਮਰੀਜ਼ਾਂ ਦਾ ਇਲਾਜ ਕਰਨ ਅਤੇ ਬਿਮਾਰੀਆਂ ਦੀ ਜਾਂਚ ਕਰਨ ਲਈ ਐਮਬੀਬੀਐਸ ਡਾਕਟਰ, ਫਾਰਮਾਸਿਸਟ ਸਮੇਤ 4 ਸਟਾਫ਼ ਮੈਂਬਰ ਤਾਇਨਾਤ ਹੋਣਗੇ। ਇਨ੍ਹਾਂ ਕਲੀਨਿਕਾਂ ਵਿੱਚ ਲੋਕਾਂ ਨੂੰ ਲਗਭਗ 100 ਤਰ੍ਹਾਂ ਦੇ ਕਲੀਨੀਕਲ ਟੈਸਟਾਂ ਵਾਲੇ 41 ਪੈਕੇਜ ਮੁਫ਼ਤ ਦਿੱਤੇ ਜਾਣਗੇ। ਇਨ੍ਹਾਂ ਕਲੀਨਿਕਾਂ ਵਿੱਚ 90 ਫੀਸਦੀ ਮਰੀਜ਼ਾਂ ਦਾ ਮੁਫ਼ਤ ਇਲਾਜ ਹੋਵੇਗਾ, ਜਿਸ ਨਾਲ ਹਸਪਤਾਲਾਂ 'ਤੇ ਬੋਝ ਘਟੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ ਜਸਵਿੰਦਰ ਕੌਰ, ਸੀਨੀਅਰ ਲੈਬ ਟੈਕਨੀਸ਼ੀਅਨ ਅੰਮ੍ਰਿਤਪਾਲ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਮੁਲਾਜ਼ਮ ਮੌਜੂਦ ਸਨ।