MediaPunjab
ਮੀਡੀਆ ਪੰਜਾਬ ਦੀਆਂ ਖ਼ਬਰਾਂ

UNHRC ਵਿੱਚ ਭਾਰਤ ਦੀ ਪਾਕਿ ਨੂੰ ਫਟਕਾਰ, ਕਿਹਾ, 'ਕਸ਼ਮੀਰ ਸਾਡਾ ਸੀ, ਹੈ ਤੇ ਰਹੇਗਾ'

ਜਿਨੇਵਾ 26 ਫਰਵਰੀ (ਮਪ) ਭਾਰਤ ਨੇ ਕਸ਼ਮੀਰ ਮੁੱਦੇ 'ਤੇ ਪਾਕਿਸਤਾਨ ਨੂੰ ਇਕ ਵਾਰ ਮੁੜ ਕਰਾਰਾ ਜਵਾਬ ਦਿੱਤਾ ਹੈ। ਜਿਨੇਵਾ ਵਿਚ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਪਰੀਸ਼ਦ ਦੀ ਬੁੱਧਵਾਰ ਨੂੰ ਹੋਈ ਬੈਠਕ ਵਿਚ ਇਕ ਚੋਟੀ ਦੇ ਭਾਰਤੀ ਡਿਪਲੋਮੈਟ ਨੇ ਕਿਹਾ ਕਿ ਕਸ਼ਮੀਰ ਭਾਰਤ ਦਾ ਅਨਿੱਖੜਵਾਂ ਹਿੱਸਾ ਸੀ, ਹੈ ਤੇ ਰਹੇਗਾ। ਦੱਸ ਦਈਏ ਕਿ ਇਕ ਦਿਨ ਪਹਿਲਾਂ ਮੰਗਲਵਾਰ ਨੂੰ ਪਾਕਿਸਤਾਨ ਨੇ ਕਸ਼ਮੀਰ ਮੁੱਦੇ 'ਤੇ ਅੰਤਰਰਾਸ਼ਟਰੀ ਭਾਈਚਾਰੇ ਨੂੰ ਦਖਲ ਦੇਣ ਦੀ ਮੰਗ ਕੀਤੀ ਸੀ। ਸਵਿਟਜ਼ਰਲੈਂਡ ਦੇ ਜਿਨੇਵਾ ਵਿਚ 24 ਫਰਵਰੀ ਤੋਂ 20 ਮਾਰਚ ਤੱਕ ਆਯੋਜਿਤ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਪਰੀਸ਼ਦ ਦੇ 43ਵੇਂ ਸੈਸ਼ਨ ਵਿਚ ਬੁੱਧਵਾਰ ਨੂੰ ਵਿਦੇਸ਼ ਮੰਤਰਾਲੇ ਦੇ ਸਕੱਤਰ (ਪੱਛਮ) ਵਿਕਾਸ ਸਵਰੂਪ ਨੇ ਪਾਕਿਸਤਾਨ ਨੂੰ ਗਲੋਬਲ ਅੱਤਵਾਦ ਦਾ ਕੇਂਦਰ ਦੱਸਿਆ।
ਸੈਸ਼ਨ ਵਿਚ ਉਹਨਾਂ ਨੇ ਪਾਕਿਸਤਾਨ ਦਾ ਜ਼ਿਕਰ ਕਰਦੇ ਹੋਏ ਉਹਨਾਂ ਦੇਸ਼ਾਂ ਦੇ ਖਿਲਾਫ ਫੈਸਲਾਕੁੰਨ ਕਾਰਵਾਈ ਕਰਨ ਦੀ ਅਪੀਲ ਕੀਤੀ ਜੋ ਅੱਤਵਾਦੀਆਂ ਨੂੰ ਨਿਰਦੇਸ਼ ਦਿੰਦੇ ਹਨ, ਉਹਨਾਂ ਨੂੰ ਕੰਟਰੋਲ ਕਰਦੇ ਹਨ, ਉਹਨਾਂ ਦਾ ਵਿੱਤ ਪੋਸ਼ਣ ਕਰਦੇ ਹਨ ਤੇ ਉਹਨਾਂ ਨੂੰ ਪਨਾਹ ਦਿੰਦੇ ਹਨ। ਸਵਰੂਪ ਨੇ ਕਿਹਾ ਕਿ ਪਾਕਿਸਤਾਨ 'ਤੇ ਉਸ ਦੇ ਗੁਆਂਢੀ ਅੱਤਵਾਦੀ ਸਮੂਹਾਂ ਨੂੰ ਪਨਾਹ ਦੇਣ ਦਾ ਦੋਸ਼ ਲਾਉਂਦੇ ਹਨ। ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਪਰੀਸ਼ਦ ਵਿਚ ਸਵਰੂਪ ਦੀ ਇਹ ਟਿੱਪਣੀ ਪਾਕਿਸਤਾਨ ਵਲੋਂ ਇਕ ਦਿਨ ਪਹਿਲਾਂ ਕੀਤੀ ਗਈ ਟਿੱਪਣੀ ਦੇ ਜਵਾਬ ਵਿਚ ਆਈ ਹੈ। ਮੰਗਲਵਾਰ ਨੂੰ ਪਾਕਿਸਤਾਨ ਦੀ ਮਨੁੱਖੀ ਅਧਿਕਾਰ ਮੰਤਰੀ ਸ਼ਿਰੀਨ ਮਜਾਰੀ ਨੇ ਦੋਸ਼ ਲਾਇਆ ਸੀ ਕਿ ਭਾਰਤ ਕਸ਼ਮੀਰੀ ਲੋਕਾਂ ਦੇ ਮਨੁੱਖੀ ਅਧਿਕਾਰਾਂ ਦਾ ਉਲੰਘਣ ਕਰ ਰਿਹਾ ਹੈ। ਇਸ ਦੇ ਨਾਲ ਹੀ ਉਹਨਾਂ ਨੇ ਭਾਰਤ ਵਲੋਂ ਪਿਛਲੇ ਸਾਲ ਵਿਚ ਅਗਸਤ ਵਿਚ ਚੁੱਕੇ ਗਏ ਸਾਰੇ ਕਦਮਾਂ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਸੀ। ਜ਼ਿਕਰਯੋਗ ਹੈ ਕਿ ਭਾਰਤ ਨੇ ਬੀਤੇ ਸਾਲ ਪੰਜ ਅਗਸਤ ਨੂੰ ਧਾਰਾ 370 ਦੇ ਤਹਿਤ ਜੰਮੂ ਕਸ਼ਮੀਰ ਨੂੰ ਮਿਲਿਆ ਵਿਸ਼ੇਸ਼ ਦਰਜਾ ਖਤਮ ਕਰ ਦਿੱਤਾ ਸੀ ਤੇ ਉਸ ਨੂੰ ਦੋ ਕੇਂਦਰੀ ਸ਼ਾਸਤ ਪ੍ਰਦੇਸ਼ਾਂ ਵਿਚ ਵੰਡ ਦਿੱਤਾ ਸੀ।