MediaPunjab
ਮੀਡੀਆ ਪੰਜਾਬ ਦੀਆਂ ਖ਼ਬਰਾਂ

ਅਸੀਂ ਭਾਰਤ ਦੇ ਮਾਣ-ਸਨਮਾਨ ਨੂੰ ਸੱਟ ਨਹੀਂ ਵੱਜਣ ਦਿਆਂਗੇ - ਰਾਜਨਾਥ ਸਿੰਘ

ਨਵੀਂ ਦਿੱਲੀ,  30 ਮਈ (ਮਪ) ਭਾਰਤ-ਚੀਨ ਵਿਚਾਲੇ ਸਰਹੱਦ 'ਤੇ ਖਿੱਚੋਤਾਣ ਵਿਚਾਲੇ ਭਾਰਤੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਹੈ ਕਿ ਦੋਵੇਂ ਦੇਸ਼ਾਂ ਵਿਚਾਲੇ ਫ਼ੌਜੀ ਅਤੇ ਕੂਟਨੀਤਕ ਪੱਧਰ 'ਤੇ ਗੱਲਬਾਤ ਜਾਰੀ ਹੈ ਪਰ ਸਰਕਾਰ ਦੀ ਕੋਸ਼ਿਸ਼ ਹੋਵੇਗੀ ਕਿ ਕਿਸੇ ਵੀ ਸਥਿਤੀ ਵਿਚ ਭਾਰਤ ਦੇ ਮਾਣ-ਸਨਮਾਨ ਨੂੰ ਸੱਟ ਨਾ ਵੱਜੇ। ਰੱਖਿਆ ਮੰਤਰੀ ਨੇ ਸ਼ਨਿਚਰਵਾਰ ਨੂੰ ਕਿਹਾ ਕਿ ਅਮਰੀਕੀ ਰੱਖਿਆ ਮੰਤਰੀ ਮਾਰਕ ਐਸਪਰ ਨਾਲ ਉਨ੍ਹਾਂ ਦੀ ਸ਼ੁੱਕਰਵਾਰ ਨੂੰ ਫੋਨ 'ਤੇ ਗੱਲਬਾਤ ਹੋਈ ਸੀ। ਇਸ ਗੱਲਬਾਤ ਵਿਚ ਸਪੱਸ਼ਟ ਕਰ ਦਿੱਤਾ ਗਿਆ ਹੈ ਕਿ ਭਾਰਤ ਤੇ ਚੀਨ ਵਿਚਾਲੇ ਗੱਲਬਾਤ ਦਾ ਇਕ ਤੰਤਰ ਹੈ। ਉਸੇ ਤੰਤਰ ਜ਼ਰੀਏ ਫ਼ੌਜੀ ਤੇ ਡਿਪਲੋਮੈਟਿਕ ਪੱਧਰ 'ਤੇ ਗੱਲਬਾਤ ਨਾਲ ਮਾਮਲੇ ਦਾ ਹੱਲ ਕੱਢਣ ਦੀ ਕੋਸ਼ਿਸ਼ ਹੋ ਰਹੀ ਹੈ। ਦੱਸਣਯੋਗ ਹੈ ਕਿ ਭਾਰਤ ਤੇ ਚੀਨ ਵਿਚਾਲੇ ਤਣਾਅ ਵਧਣ ਦੇ ਦਰਮਿਆਨ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬੁੱਧਵਾਰ ਨੂੰ ਵਿਚੋਲਗੀ ਦੀ ਪੇਸ਼ਕਸ਼ ਕੀਤੀ ਸੀ। ਵੀਰਵਾਰ ਨੂੰ ਇਸ ਪੇਸ਼ਕਸ਼ ਨੂੰ ਉਨ੍ਹਾਂ ਫਿਰ ਦੁਹਰਾ ਦਿੱਤਾ। ਭਾਰਤੀ ਵਿਦੇਸ਼ ਮੰਤਰਾਲੇ ਨੇ ਇਸ ਪੇਸ਼ਕਸ਼ ਨੂੰ ਠੁਕਰਾ ਦਿੱਤਾ ਸੀ ਪਰ ਇਹ ਪਹਿਲੀ ਵਾਰ ਹੈ ਜਦੋਂ ਕੇਂਦਰੀ ਮੰਤਰੀ ਦੇ ਪੱਧਰ ਦੇ ਕਿਸੇ ਨੇਤਾ ਨੇ ਇਸ ਮੁੱਦੇ 'ਤੇ ਭਾਰਤ ਦੀ ਸਥਿਤੀ ਸਪੱਸ਼ਟ ਕੀਤੀ ਹੈ। ਇਕ ਨਿਊਜ਼ ਚੈਨਲ ਨਾਲ ਗੱਲਬਾਤ ਵਿਚ ਰੱਖਿਆ ਮੰਤਰੀ ਨੇ ਕਿਹਾ ਕਿ ਪੂਰਬੀ ਲੱਦਾਖ ਵਿਚ ਜਾਰੀ ਸਰਹੱਦੀ ਵਿਵਾਦ ਨੂੰ ਸੁਲਝਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਇਸ ਮਾਮਲੇ ਵਿਚ ਕਿਸੇ ਤੀਜੀ ਧਿਰ ਦੀ ਵਿਚੋਲਗੀ ਦੀ ਕੋਈ ਗੁੰਜਾਇਸ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਮੈਂ ਸਾਰਿਆਂ ਨੂੰ ਭਰੋਸਾ ਦਿੰਦਾ ਹਾਂ ਕਿ ਕਿਸੇ ਵੀ ਹਾਲਾਤ ਵਿਚ ਭਾਰਤ ਦੇ ਮਾਣ-ਸਨਮਾਨ ਨੂੰ ਸੱਟ ਨਹੀਂ ਵੱਜਣ ਦਿੱਤੀ ਜਾਵੇਗੀ। ਅਸੀਂ ਆਪਣੇ ਗੁਆਂਢੀਆਂ ਨਾਲ ਚੰਗੇ ਸਬੰਧ ਰੱਖਣਾ ਚਾਹੁੰਦੇ ਹਾਂ। ਇਹ ਕੋਈ ਨਵੀਂ ਗੱਲ ਨਹੀਂ ਹੈ। ਅਸੀਂ ਇਸ ਨੀਤੀ 'ਤੇ ਲੰਬੇ ਸਮੇਂ ਤੋਂ ਚੱਲ ਰਹੇ ਹਾਂ। ਚੀਨ ਨਾਲ ਕਦੇ-ਕਦੇ ਸਮੱਸਿਆ ਖੜ੍ਹੀ ਹੁੰਦੀ ਹੈ। ਅਜਿਹਾ ਪਹਿਲਾਂ ਵੀ ਹੁੰਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਚੀਨ ਨੇ ਵੀ ਇਸ ਮਾਮਲੇ ਨੂੰ ਗੱਲਬਾਤ ਨਾਲ ਹੱਲ ਕਰਨ ਦੀ ਗੱਲ ਕਹੀ ਹੈ। ਭਾਰਤ ਦੀ ਵੀ ਕੋਸ਼ਿਸ਼ ਹੈ ਕਿ ਮਾਮਲਾ ਹੋਰ ਨਾ ਵਧੇ। ਦੋਵੇਂ ਦੇਸ਼ਾਂ ਵਿਚਾਲੇ ਸਮੱਸਿਆ ਦਾ ਹੱਲ ਕੱਢਣ ਲਈ ਫ਼ੌਜੀ ਅਤੇ ਡਿਪਲੋਮੈਟਿਕ ਪੱਧਰ 'ਤੇ ਗੱਲਬਾਤ ਚੱਲ ਰਹੀ ਹੈ।