MediaPunjab
ਮੀਡੀਆ ਪੰਜਾਬ ਦੀਆਂ ਖ਼ਬਰਾਂ

ਗਊ ਰੱਖਿਆ ਦੇ ਨਾਂ 'ਤੇ ਹਿੰਸਾ ਫੈਲਾਉਣ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ : ਮੋਦੀ

ਨਵੀਂ ਦਿੱਲੀ, 16 ਜੁਲਾਈ (ਮਪ)  ਸੰਸਦ ਦੇ ਮਾਨਸੂਨ ਸੈਸ਼ਨ ਤੋਂ ਪਹਿਲਾਂ ਬੁਲਾਈ ਗਈ ਸਰਵਦਲੀ ਬੈਠਕ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗਊ ਰੱਖਿਆ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਗਊ ਰੱਖਿਆ ਦੇ ਨਾਂ 'ਤੇ ਕਾਨੂੰਨ ਨੂੰ ਹੱਥ ਵਿੱਚ ਲੈਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਬਿਨਾਂ ਭ੍ਰਿਸ਼ਟਾਚਾਰ ਦੇ ਮੁੱਦੇ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਇਸ ਵਿਰੁੱਧ ਸਰਕਾਰ ਦੀ ਜ਼ੀਰੋ ਟਾਲਰੰਸ ਦੀ ਨੀਤੀ ਜਾਰੀ ਰਹੇਗੀ। ਮੰਨਿਆ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਦਾ ਇਸ਼ਾਰਾ ਹਾਲ ਵਿੱਚ ਆਰਜੇਡੀ ਮੁਖੀ ਲਾਲੂ ਯਾਦਵ ਅਤੇ ਉਨ੍ਹਾਂ ਦੇ ਪਰਿਵਾਰ 'ਤੇ ਹੋਈ ਕਾਰਵਾਈ ਵੱਲ ਸੀ। ਬੈਠਕ ਤੋਂ ਬਾਅਦ ਸੰਸਦੀ ਕਾਰਜ ਮੰਤਰੀ ਅਨੰਤ ਕੁਮਾਰ ਨੇ ਦੱਸਿਆ ਕਿ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਗਊ ਰੱਖਿਆ ਦੇ ਨਾਂ 'ਤੇ ਜੋ ਹਿੰਸਾ ਕਰ ਰਹੇ ਹਨ, ਉਨ੍ਹਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਕੁਮਾਰ ਮੁਤਾਬਕ ਮੋਦੀ ਨੇ ਕਿਹਾ ਕਿ ਕਾਨੂੰਨ ਵਿਵਸਥਾ ਰਾਜ ਸਰਕਾਰ ਦੀ ਅਹਿਮ ਜ਼ਿੰਮੇਦਾਰੀ ਹੈ। ਇਸ ਸਬੰਧ ਵਿੱਚ ਇੱਕ ਸਲਾਹ ਵੀ ਸੂਬਿਆਂ ਨੂੰ ਭੇਜੀ ਜਾ ਚੁੱਕੀ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਜੋ ਅਜਿਹੇ ਅਪਰਾਧ ਕਰ ਰਹੇ ਹਨ, ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਦਾ ਸਿਆਸੀ ਲਾਭ ਲੈਣ ਦੀ ਦੌੜ ਵੀ ਸ਼ੁਰੂ ਹੋਈ ਹੈ, ਪਰ ਉਸ ਨਾਲ ਦੇਸ਼ ਨੂੰ ਕੋਈ ਲਾਭ ਨਹੀਂ ਹੋਵੇਗੀ। ਸਾਰੇ ਦਲਾਂ ਨੂੰ ਮਿਲ ਕੇ ਇਸ ਨੂੰ ਸਮਾਪਤ ਕਰਨਾ ਹੋਵੇਗਾ। ਦੇਸ਼ ਵਿੱਚ ਇਹ ਭਾਵਨਾ ਹੈ ਕਿ ਗਊ ਮਾਤਾ ਦੀ ਰੱਖਿਆ ਹੋਣੀ ਚਾਹੀਦੀ ਹੈ, ਪਰ ਉਸ ਦੇ ਲਈ ਕਾਨੂੰਨ ਹੈ। ਕਾਨੂੰਨ ਹੱਥ ਵਿੱਚ ਲੈਣਾ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸਾਰੀਆਂ ਸੂਬਾਈ ਸਰਕਾਰਾਂ ਨੂੰ ਇਸ ਨੂੰ ਲੈ ਕੇ ਕਾਰਵਾਈ ਕਰਨੀ ਚਾਹੀਦੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਹਿਮਦਾਬਾਦ ਦੇ ਸਾਬਰਮਤੀ ਆਸ਼ਰਮ ਵਿੱਚ ਇੱਕ ਪ੍ਰੋਗਰਾਮ ਦੌਰਾਨ ਗਊ ਰੱਖਿਆ ਦੀ ਆੜ ਵਿੱਚ ਕੀਤੀ ਜਾ ਰਹੀ ਹਿੰਸਾ ਦੀ ਸਖ਼ਤ ਨਿੰਦਾ ਕੀਤੀ ਸੀ। ਬੈਠਕ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਭ੍ਰਿਸ਼ਟਾਚਾਰ ਵਿਰੁੱਧ ਜੋ ਲੜਾਈ ਸ਼ੁਰੂ ਹੋਈ ਹੈ, ਉਹ ਜਾਰੀ ਰਹੇਗੀ। ਉਨ੍ਹਾਂ ਨੇ ਸਾਰੀਆਂ ਪਾਰਟੀਆਂ ਨੂੰ ਇਸ ਵਿੱਚ ਸਹਿਯੋਗ ਦੇਣ ਦਾ ਸੱਦਾ ਦਿੱਤਾ। ਪ੍ਰਧਾਨ ਮੰਤਰੀ ਨੇ ਸਾਰੀਆਂ ਪਾਰਟੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਭ੍ਰਿਸ਼ਟ ਨੇਤਾਵਾਂ ਨੂੰ ਦੂਰ ਕਰਦੇ ਹੋਏ, ਕਾਨੂੰਨੀ ਕਾਰਵਾਈ ਨੂੰ ਅੱਗੇ ਵਧਾਉਣ ਲਈ ਸੰਘਰਸ਼ ਕਰਨ। ਹਾਲ ਵਿੱਚ ਸਿਆਸੀ ਗਲਿਆਰਿਆਂ ਵਿੱਚ ਭ੍ਰਿਸ਼ਟਾਚਾਰ ਨੂੰ ਲੈ ਕੇ ਸਭ ਤੋਂ ਵੱਧ ਚਰਚਾ ਲਾਲੂ ਯਾਦਵ ਅਤੇ ਉਨ੍ਹਾਂ ਦੇ ਪਰਿਵਾਰ 'ਤੇ ਹੋਈ ਕਾਰਵਾਈ ਦੀ ਹੈ। ਅਜਿਹੇ ਵਿੱਚ ਮੋਦੀ ਦੀ ਟਿੱਪਣੀ ਨੂੰ ਉਸੇ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।