Pavel-Kussa

ਵਾਤਾਵਰਨ ਅਤੇ ਕਿਰਤ ਦੀ ਰਾਖੀ ਦੇ ਜੁੜਵੇਂ ਸਰੋਕਾਰ - ਪਾਵੇਲ ਕੁੱਸਾ

ਵਾਤਾਵਰਨ ਦੀ ਤਬਾਹੀ ਦਾ ਮਸਲਾ ਬੇਹੱਦ ਗੰਭੀਰ ਮਸਲਾ ਹੈ ਤੇ ਇਸ ਦੀ ਰਾਖੀ ਦੇ ਸਰੋਕਾਰਾਂ ਦੀ ਚਰਚਾ ਦੇ ਵੀ ਇਸ ਮਸਲੇ ਵਾਂਗ ਬਹੁਤ ਪਸਾਰ ਹਨ। ਹਵਾ, ਪਾਣੀ, ਮਿੱਟੀ ਦੇ ਪ੍ਰਦੂਸ਼ਣ ਤੋਂ ਲੈ ਕੇ ਜੰਗਲਾਂ ਦੀ ਤਬਾਹੀ ਨਾਲ ਜੁੜਦੇ ਮੌਸਮ ਵਿਗਾੜਾਂ ਤਕ ਦੇ ਖੇਤਰ ਇੱਕ ਦੂਜੇ ਨਾਲ ਜੁੜੇ ਹੋਏ ਹਨ ਤੇ ਇੱਕ ਦੂਜੇ ਤੋਂ ਨਿਖੇੜ ਕੇ ਨਹੀਂ ਸਗੋਂ ਮਨੁੱਖਤਾ ਵੱਲੋਂ ਸਮੁੱਚਤਾ ਵਿਚ ਹੀ ਸੰਬੋਧਨ ਹੋਣ ਦੀ ਮੰਗ ਕਰਦੇ ਹਨ।
       ਧਰਤੀ ਦੇ ਵਾਤਾਵਰਨ ਦੀ ਰਾਖੀ ਦੇ ਸਰੋਕਾਰਾਂ ਨੂੰ ਸੰਬੋਧਨ ਹੋਣ ਵੇਲੇ ਇਹ ਸਵਾਲ ਅਕਸਰ ਉੱਠਦਾ ਹੈ ਕਿ ਕੀ ਇਹ ਰਾਖੀ ਸਿਰਫ਼ ਹਕੂਮਤਾਂ ਦਾ ਹੀ ਕਾਰਜ ਖੇਤਰ ਹੈ ਜਾਂ ਆਮ ਲੋਕਾਂ ਸਿਰ ਵੀ ਕੋਈ ਜ਼ਿੰਮੇਵਾਰੀ ਹੈ। ਹੁਣ ਕਿਸਾਨਾਂ ਵੱਲੋਂ ਕਣਕ ਦਾ ਨਾੜ ਸਾੜਨ ਜਾਂ ਪੰਜਾਬ ਅੰਦਰ ਝੋਨੇ ਕਾਰਨ ਪਾਣੀ ਦੇ ਡਿੱਗਦੇ ਪੱਧਰ ਬਾਰੇ ਹੋ ਰਹੀ ਚਰਚਾ ਵਿਚ ਵੀ ਸਵਾਲ ਉੱਠਦਾ ਰਿਹਾ ਹੈ ਕਿ ਕੀ ਇਹ ਜਿ਼ੰਮੇਵਾਰੀ ਕਿਸਾਨਾਂ ’ਤੇ ਆਇਦ ਨਹੀਂ ਹੋਣੀ ਚਾਹੀਦੀ। ਇਸੇ ਸਵਾਲ ਦਾ ਇਸ ਤੋਂ ਅਗਲਾ ਪਸਾਰ ਇਹ ਬਣ ਜਾਂਦਾ ਹੈ ਕਿ ਸਮਾਜ ਅੰਦਰ ਲੋਕਾਂ ਨੂੰ ਚੇਤਨ ਹੋ ਕੇ ਵਾਤਾਵਰਨ ਦੀ ਤਬਾਹੀ ਕਰਨ ਵਾਲੇ ਤੌਰ ਤਰੀਕਿਆਂ ਨੂੰ ਬੰਦ ਕਰਨਾ ਚਾਹੀਦਾ ਹੈ ਤੇ ਵਾਤਾਵਰਨ ਬਚਾਉਣਾ ਚਾਹੀਦਾ ਹੈ। ਸਿਰਫ਼ ਸਰਕਾਰਾਂ ਨੂੰ ਦੋਸ਼ ਦੇਣ ਨਾਲ ਹੀ ਕੁਝ ਨਹੀਂ ਹੋਣਾ ਸਗੋਂ ਲੋਕਾਂ ਨੂੰ ਆਪਣੇ ਪੱਧਰ ’ਤੇ ਯਤਨ ਕਰਨੇ ਪੈਣਗੇ, ਜਾਂ ਸਮੱਸਿਆ ਦਾ ਇਸ ਤੋਂ ਵੀ ਜਿ਼ਆਦਾ ਸਾਧਾਰਨੀਕਰਨ ਕਰ ਦਿੱਤਾ ਜਾਂਦਾ ਹੈ ਕਿ ਹਕੂਮਤਾਂ ਤਾਂ ਹਨ ਹੀ ਅਜਿਹੀਆਂ, ਉਨ੍ਹਾਂ ਤਾਂ ਕੀ ਕਰਨਾ ਹੈ, ਲੋਕਾਂ ਨੂੰ ਖ਼ੁਦ ਹੀ ਕਰਨਾ ਚਾਹੀਦਾ ਹੈ।
ਅਜਿਹੀ ਪਹੁੰਚ ਧਰਤੀ ’ਤੇ ਫੈਲ ਰਹੇ ਪ੍ਰਦੂਸ਼ਣ ਦੇ ਕਾਰਨਾਂ ਅਤੇ ਇਨ੍ਹਾਂ ਕਾਰਨਾਂ ਦੀਆਂ ਮਨੁੱਖਾ ਸਮਾਜ ਦੀਆਂ ਮੌਜੂਦਾ ਆਰਥਿਕ ਸਮਾਜਿਕ ਬਣਤਰਾਂ ਨਾਲ ਜੁੜਦੀਆਂ ਤੰਦਾਂ ਬਾਰੇ ਸਹੀ ਭੇਤ ਨਾ ਹੋਣ ਵਿਚੋਂ ਨਿਕਲਦੀ ਹੈ।
        ਵਾਤਾਵਰਨ ਦੀ ਤਬਾਹੀ ਅਤੇ ਆਬੋ-ਹਵਾ ਵਿਚ ਫੈਲ ਰਿਹਾ ਪ੍ਰਦੂਸ਼ਣ ਮਨੁੱਖ ਦੀ ਪੈਦਾਵਾਰੀ ਸਰਗਰਮੀ ਅਤੇ ਉਸ ਦੇ ਅੰਗ ਵਜੋਂ ਹੀ ਰਹਿਣ ਸਹਿਣ ਦੇ ਤਰੀਕੇ ਸਲੀਕੇ ਦੀ ਦੇਣ ਹੈ। ਵਿਗਿਆਨ ਦੀ ਤਰੱਕੀ ਤੇ ਤਕਨੀਕ ਦੇ ਪਸਾਰੇ ਨੇ ਹੌਲੀ ਹੌਲੀ ਕੁਦਰਤ ਨਾਲ ਜੱਦੋਜਹਿਦ ਵਿਚ ਮਨੁੱਖ ਦਾ ਹੱਥ ਉੱਪਰ ਕਰ ਦਿੱਤਾ ਤੇ ਬਹੁਤ ਸਾਰੀਆਂ ਗੈਰ ਕੁਦਰਤੀ ਪ੍ਰਕਿਰਿਆਵਾਂ ਜ਼ੋਰ ਫੜਦੀਆਂ ਗਈਆਂ। ਮਨੁੱਖ ਦੀ ਪੈਦਾਵਾਰੀ ਸਰਗਰਮੀ ਵਿਚ ਮੁੱਖ ਤੌਰ ’ਤੇ ਖੇਤੀ ਤੇ ਸਨਅਤ ਹੈ ਜਦਕਿ ਮਨੁੱਖ ਸਮਾਜ ਦੀਆਂ ਸੇਵਾਵਾਂ ਦਾ ਖੇਤਰ ਵੀ ਹੈ ਜਿਹੜੇ ਰਲ ਕੇ ਮਨੁੱਖ ਦੀ ਵਾਤਾਵਰਨ ਨੂੰ ਤਬਾਹ ਕਰਨ ਵਾਲੀ ਸਰਗਰਮੀ ਦਾ ਆਧਾਰ ਬਣਦੇ ਹਨ। ਜੇ ਤਾਂ ਇਹ ਮਨੁੱਖਾ ਸਮਾਜ ਇਕਸਾਰ ਹੋਵੇ ਤਾਂ ਇਉਂ ਕਹਿ ਕੇ ਸਾਰਿਆ ਜਾ ਸਕਦਾ ਹੈ ਕਿ ਮਨੁੱਖ ਨੂੰ ਆਪਣਾ ਰਹਿਣ ਸਹਿਣ ਤੇ ਸਮੁੱਚੀ ਪੈਦਾਵਾਰੀ ਸਰਗਰਮੀ ਕੁਦਰਤ ਅਨੁਕੂਲ ਕਰਨੀ ਚਾਹੀਦੀ ਹੈ। ਇਸੇ ਕਰਕੇ ਵਾਤਾਵਰਨ ਸਰੋਕਾਰਾਂ ਨੂੰ ਪ੍ਰਣਾਏ ਕੁਝ ਹਿੱਸੇ ਇਸ ਨਜ਼ਰੀਏ ਤੋਂ ਵਾਤਾਵਰਨ ਤਬਾਹੀ ਲਈ ਆਮ ਲੋਕਾਂ ਨੂੰ ਜਿ਼ੰਮੇਵਾਰ ਠਹਿਰਾਉਣ ਤਕ ਚਲੇ ਜਾਂਦੇ ਹਨ ਤੇ ਇਹਦਾ ਹੱਲ ਵੀ ਜਨ-ਸਾਧਾਰਨ ਦੀਆਂ ਚੇਤਨ ਕੋਸ਼ਿਸ਼ਾਂ ਤਕ ਹੀ ਦੇਖਦੇ ਹਨ।
         ਹਕੀਕਤ ਇਹ ਨਹੀਂ। ਸੰਸਾਰ ’ਤੇ ਮਨੁੱਖ ਦੀ ਪੈਦਾਵਾਰੀ ਸਰਗਰਮੀ ਦੇ ਤੌਰ ਤਰੀਕੇ ਅਤੇ ਸਮੁੱਚੀ ਜੀਵਨ ਜਾਚ ਵੱਖ ਵੱਖ ਦੇਸ਼ਾਂ ਦੇ ਨਿਜ਼ਾਮ ਵਿਉਂਤ ਰਹੇ ਹਨ। ਇਨ੍ਹਾਂ ਨਿਜ਼ਾਮਾਂ ਦੀਆਂ ਕਿਸਮਾਂ ਵੱਖ ਵੱਖ ਹੋ ਕੇ ਵੀ ਇਨ੍ਹਾਂ ਸਭ ਦਾ ਸੁਭਾਅ ਮੂਲ ਰੂਪ ਵਿਚ ਲੁਟੇਰਾ ਹੈ। ਵੱਖ ਵੱਖ ਦੇਸ਼ਾਂ ਅੰਦਰ ਕੀਤੀ ਜਾ ਰਹੀ ਪੈਦਾਵਾਰ ਮਨੁੱਖੀ ਲੋੜਾਂ ਨੂੰ ਕੇਂਦਰ ਵਿਚ ਨਾ ਰੱਖ ਕੇ ਮੁਨਾਫ਼ਾ ਕੇਂਦਰਿਤ ਹੈ। ਇਸ ਲਈ ਪੈਦਾਵਾਰ ਸਰਗਰਮੀ ਦਾ ਪੈਮਾਨਾ, ਪੈਦਾਵਾਰ ਦੇ ਢੰਗ ਤੇ ਉਹਦਾ ਮੰਤਵ ਆਦਿ ਸਭ ਕੁਝ ਮਨੁੱਖਾ ਸਮਾਜ ’ਤੇ ਕਾਬਜ਼ ਸੰਸਾਰ ਸਰਮਾਏਦਾਰੀ ਤੈਅ ਕਰ ਰਹੀ ਹੈ। ਸੰਸਾਰ ਦੀ ਅਤਿ ਵਿਕਸਤ ਸਰਮਾਏਦਾਰ ਜਮਾਤ ਇਹ ਨਾ ਸਿਰਫ਼ ਆਪਣੇ ਮੁਲਕਾਂ ਵਿਚ ਹੀ ਤੈਅ ਕਰਦੀ ਹੈ ਸਗੋਂ ਦੁਨੀਆ ਦੇ ਕੋਨੇ ਕੋਨੇ ਵਿਚ ਵੱਸਦੇ ਗਰੀਬ ਮੁਲਕਾਂ ਤੱਕ, ਉੱਥੋਂ ਦੀ ਖੇਤੀ ਤੇ ਸਨਅਤ ਸਮੇਤ ਹਰ ਕਿਸਮ ਦੀ ਪੈਦਾਵਾਰੀ ਸਰਗਰਮੀ ਨੂੰ ਮਿੱਥਦੀ ਹੈ। ਸੰਸਾਰ ਸਰਮਾਏਦਾਰੀ ਜਿਹੜੀ ਸਾਮਰਾਜ ਵਿਚ ਵਟ ਚੁੱਕੀ ਹੈ ਤੇ ਜਿਸ ਦੀਆਂ ਲੁਟੇਰੀਆਂ ਲਾਲਸਾਵਾਂ ਦਿਨੋ-ਦਿਨ ਫੈਲਦੀਆਂ ਜਾ ਰਹੀਆਂ ਹਨ, ਇਸ ਧਰਤੀ ’ਤੇ ਵਾਪਰਨ ਵਾਲੀ ਹਰ ਤਰ੍ਹਾਂ ਦੀ ਸਰਗਰਮੀ ਨੂੰ ਆਪਣੇ ਹੱਥ ਲੈ ਰਹੀ ਹੈ। ਉਸ ਨੇ ਤਕਨੀਕ ਦਾ ਵਿਕਾਸ ਵੀ ਮੁਨਾਫ਼ੇ ਦੀਆਂ ਦਰਾਂ ਵਧਾਉਣ ਦੀਆਂ ਲੋੜਾਂ ਦੇ ਹਿਸਾਬ ਨਾਲ ਕੀਤਾ ਹੈ। ਇਸੇ ਮੁਨਾਫ਼ੇ ਦੀ ਹਵਸ ਵਿਚੋਂ ਉਸ ਨੇ ਇਸ ਧਰਤੀ ਦੇ ਕੁਦਰਤੀ ਸੋਮਿਆਂ ਤੇ ਮਨੁੱਖ ਦੀ ਕਿਰਤ ਨੂੰ ਰੱਜ ਕੇ ਲੁੱਟਿਆ ਹੈ। ਸੰਸਾਰ ਸਾਮਰਾਜ ਦੁਨੀਆ ਭਰ ਦੇ ਮੁਲਕਾਂ ’ਤੇ ਰਾਜਨੀਤਕ ਸਮਾਜਿਕ ਸੱਭਿਆਚਾਰਕ, ਭਾਵ ਹਰ ਪੱਖੋਂ ਗਲਬੇ ਵਾਲੀ ਹੈਸੀਅਤ ਵਿਚ ਹੈ। ਇਹ ਗਲਬਾ ਕਿਸੇ ਵੀ ਮੁਲਕ ਵਿਚ ਮੁਨਾਫ਼ੇ ਦੀਆਂ ਲੋੜਾਂ ਅਨੁਸਾਰ ਉਥੋਂ ਦੇ ਵਾਤਾਵਰਨ ਤੇ ਪੌਣ-ਪਾਣੀ ਤੋਂ ਉਲਟ ਗੈਰ-ਕੁਦਰਤੀ ਖੇਤੀ ਕਰਵਾ ਸਕਦਾ ਹੈ ਜਿਸ ਦੀ ਉਦਾਹਰਨ ਪੰਜਾਬ ਵਿਚ ਹਰੇ ਇਨਕਲਾਬ ਦੇ ਨਾਂ ਹੇਠ ਪੰਜਾਬ ਵਿਚ ਝੋਨੇ ਦੀ ਫ਼ਸਲ ਬੀਜਣ ਲਾਉਣਾ ਹੈ। ਅਜਿਹਾ ਕੁਝ ਹੀ ਅਫਰੀਕਾ ਦੇ ਕੁਝ ਮੁਲਕਾਂ ਵਿਚ ਸੋਇਆਬੀਨ ਦੀ ਖੇਤੀ ਕਰਵਾ ਕੇ ਕੀਤਾ ਗਿਆ ਹੈ। ਸਾਮਰਾਜ ਦੇ ਇਤਿਹਾਸ ਦੀ ਲੰਘੀ ਡੇਢ ਸਦੀ ਅਜਿਹੀਆਂ ਉਦਾਹਰਨਾਂ ਨਾਲ ਭਰੀ ਪਈ ਹੈ। ਸੰਸਾਰ ਸਰਮਾਏਦਾਰੀ ਵੱਲੋਂ ਲੁਟੇਰੇ ਹਿੱਤਾਂ ਲਈ ਦੁਨੀਆ ਭਰ ਵਿਚ ਮਚਾਈ ਵਾਤਾਵਰਨ ਤਬਾਹੀ ਦੇ ਕੁਕਰਮਾਂ ਦੀ ਸੂਚੀ ਬਹੁਤ ਲੰਮੀ ਹੈ।
        ਹੁਣ ਤਾਂ ਗੱਲਾਂ ਹੋਰ ਵੀ ਅੱਗੇ ਜਾ ਚੁੱਕੀਆਂ ਹਨ। ਸੰਸਾਰ ਦੀਆਂ ਸਾਮਰਾਜੀ ਬਹੁਕੌਮੀ ਕੰਪਨੀਆਂ ਨੇ ਅਤਿ ਪ੍ਰਦੂਸ਼ਣ ਫੈਲਾਉਣ ਵਾਲੀਆਂ ਸਨਅਤਾਂ ਨੂੰ ਤੀਜੀ ਦੁਨੀਆ ਦੇ ਗਰੀਬ ਮੁਲਕਾਂ ਵੱਲ ਤਬਦੀਲ ਕਰ ਦਿੱਤਾ ਹੈ। ਬੰਗਲਾਦੇਸ਼ ਦੇ ਟੈਕਸਟਾਈਲ ਹੱਬ ਵਜੋਂ ਉੱਭਰਨ ਵਿਚ ਉਥੇ ਬੇਹੱਦ ਸਸਤੀ ਕਿਰਤ ਸ਼ਕਤੀ ਦਾ ਰੋਲ ਹੈ ਪਰ ਨਾਲ ਹੀ ਇਹ ਟੈਕਸਟਾਈਲ ਇੰਡਸਟਰੀ ਉੱਥੋਂ ਦੇ ਪਾਣੀ ਸੋਮਿਆਂ ਨੂੰ ਬੁਰੀ ਤਰ੍ਹਾਂ ਪਲੀਤ ਕਰ ਰਹੀ ਹੈ ਜਿਹੜਾ ਕਿਸੇ ਵਿਕਸਤ ਪੱਛਮੀ ਪੂੰਜੀਵਾਦੀ ਮੁਲਕ ਅੰਦਰ ਕਰ ਸਕਣਾ ਸੰਭਵ ਨਹੀਂ ਹੈ, ਤੇ ਅਜਿਹਾ ਕੁਝ ਹੀ ਵੇਦਾਂਤਾ ਦੇ ਕਾਪਰ ਪਲਾਂਟ ਵੱਲੋਂ ਤਾਮਿਲ ਨਾਡੂ ਵਿਚ ਕੀਤਾ ਜਾ ਰਿਹਾ ਸੀ ਤੇ ਸੰਸਾਰ ਦੀਆਂ ਸਾਮਰਾਜੀ ਬਹੁ-ਕੌਮੀ ਕੰਪਨੀਆਂ ਵੱਲੋਂ ਤੀਜੀ ਦੁਨੀਆ ਦੀ ਧਰਤੀ ਦੇ ਚੱਪੇ ਚੱਪੇ ’ਤੇ ਕੀਤਾ ਜਾ ਰਿਹਾ ਹੈ। ਸਾਮਰਾਜੀ ਰਜ਼ਾ ਅਨੁਸਾਰ ਚੱਲਣ ਵਾਲੇ ਤੀਜੀ ਦੁਨੀਆ ਦੇ ਮੁਲਕਾਂ ਦੇ ਹਾਕਮਾਂ ਵੱਲੋਂ ਆਮ ਕਰਕੇ ਹੀ ਆਪਣੇ ਮੁਲਕਾਂ ਦੇ ਵਾਤਾਵਰਨ ਕਾਨੂੰਨਾਂ ਨੂੰ ਸਾਮਰਾਜੀ ਲੁਟੇਰੇ ਕਾਰੋਬਾਰਾਂ ਦੀਆਂ ਲੋੜਾਂ ਅਨੁਸਾਰ ਹੋਰ ਕਮਜ਼ੋਰ ਕੀਤਾ ਜਾ ਰਿਹਾ ਹੈ ਤੇ ਕਾਗਜ਼ਾਂ ਵਿਚ ਮੌਜੂਦ ਨਾਮ ਨਿਹਾਦ ਕਾਨੂੰਨਾਂ ਦੀ ਵੀ ਇਨ੍ਹਾਂ ਕੰਪਨੀਆਂ ਵੱਲੋਂ ਕੋਈ ਪ੍ਰਵਾਹ ਨਹੀਂ ਕੀਤੀ ਜਾਂਦੀ ਹੈ।
      ਹੋਰ ਅਗਾਂਹ ਗੱਲ ਕਰੀਏ ਤਾਂ ਮਨੁੱਖ ਦੇ ਰਹਿਣ ਸਹਿਣ ਤੇ ਸਮੁੱਚੀ ਜੀਵਨ ਜਾਚ ਨੂੰ ਸਾਮਰਾਜੀ ਨਿਜ਼ਾਮ ਨੇ ਪੂਰੀ ਤਰ੍ਹਾਂ ਆਪਣੀਆਂ ਕਾਰੋਬਾਰੀ ਲੋੜਾਂ ਅਨੁਸਾਰ ਢਾਲਣ ਦੀ ਕੋਸਿ਼ਸ਼ ਕੀਤੀ ਹੈ। ਖ਼ਾਸ ਤਰ੍ਹਾਂ ਦੇ ਖਪਤਕਾਰੀ ਸਭਿਆਚਾਰ ਦਾ ਪਸਾਰਾ ਕੀਤਾ ਗਿਆ ਹੈ ਜਿਹੜਾ ਵਿਅਕਤੀ ਨੂੰ ਖ਼ਪਤ ਵਾਲੀ ਮਸ਼ੀਨ ਵਿਚ ਬਦਲ ਦੇਣ ਲਈ ਯਤਨ ਕਰ ਰਿਹਾ ਹੈ। ਖ਼ਪਤ ਮਸ਼ੀਨ ਵਜੋਂ ਮਨੁੱਖੀ ਰਹਿਣ ਸਹਿਣ ਦਾ ਤਰੀਕਾ ਤੇ ਸਲੀਕਾ ਵਾਤਾਵਰਨ ਨਾਲ ਟਕਰਾਅ ਵਿਚ ਆ ਰਿਹਾ ਹੈ। ਇਹ ਮਹਿਜ਼ ਵਿਅਕਤੀਗਤ ਚੋਣ ਦਾ ਮਸਲਾ ਨਹੀਂ ਹੈ ਸਗੋਂ ਸੰਸਾਰ ਸਾਮਰਾਜ ਵੱਲੋਂ ਬਾਜ਼ਾਰ ਕੇਂਦਰਿਤ ਜੀਵਨ ਜਾਚ ਉਸਾਰਨ ਦਾ ਸਿੱਟਾ ਹੈ। ਸੰਸਾਰ ਸਾਮਰਾਜੀ ਮੰਡੀ ਜਿੱਥੋਂ ਤੱਕ ਫੈਲਦੀ ਗਈ ਹੈ, ਨਾਲ ਨਾਲ ਪ੍ਰਦੂਸ਼ਣ ਵੀ ਫੈਲਦਾ ਗਿਆ ਹੈ। ਇਸ ਜੀਵਨ ਜਾਚ ਤੋਂ ਖਹਿੜਾ ਛੁਡਾਉਣ ਦਾ ਅਰਥ ਮਨੁੱਖਾ ਜਿ਼ੰਦਗੀ ਵਿਚੋਂ ਬਾਜ਼ਾਰ ਦੀ ਭੂਮਿਕਾ ਨੂੰ ਮਨਫੀ ਕਰਨ ਤਕ ਜਾਣਾ ਹੈ।
        ਦੁਨੀਆ ਦੇ ਇਸ ਨਿਜ਼ਾਮ ਵਿਚ ਆਮ ਵਿਅਕਤੀ ਦੀ ਸਮਾਜੀ ਆਰਥਿਕ ਸਰਗਰਮੀ ਉਸ ਦੀ ਆਪਣੀ ਰਜ਼ਾ ਅਨੁਸਾਰ ਤੈਅ ਨਹੀਂ ਹੁੰਦੀ ਸਗੋਂ ਉਹ ਇਨ੍ਹਾਂ ਸਾਮਰਾਜੀ ਕੰਟਰੋਲ ਵਾਲੀਆਂ ਪੈਦਾਵਾਰੀ ਸਰਗਰਮੀਆਂ ਦਾ ਹੀ ਅੰਗ ਹੈ। ਇਸ ਲਈ ਵਾਤਾਵਰਨ ਦੀ ਤਬਾਹੀ ਰੋਕਣ ਪੱਖੋਂ ਜਿੱਥੇ ਆਮ ਮਜ਼ਦੂਰ ਤਾਂ ਲਾਚਾਰ ਹੈ ਹੀ ਕਿਉਂਕਿ ਫੈਕਟਰੀ ਦੀ ਤਕਨੀਕ ਤੈਅ ਕਰਨ ਅਤੇ ਸਮੁੱਚੀ ਫੈਕਟਰੀ ਦਾ ਪ੍ਰਬੰਧ ਤੈਅ ਕਰਨ ਵਿਚ ਉਹਦੀ ਕੋਈ ਹਿੱਸੇਦਾਰੀ ਨਹੀਂ ਹੈ ਸਗੋਂ ਕਿਸਾਨ ਦੇ ਵੀ ਆਪਣੇ ਹੱਥ ਬਹੁਤਾ ਕੁਝ ਨਹੀਂ ਹੈ। ਜੇ ਪੰਜਾਬ ਦੇ ਕਿਸਾਨਾਂ ਦੇ ਹਵਾਲੇ ਨਾਲ ਦੇਖਣਾ ਹੋਵੇ ਤਾਂ ਝੋਨੇ ਵਰਗੀ ਪਰਾਈ ਫਸਲ ’ਤੇ ਨਿਰਭਰ ਹੋ ਗਈ ਕਿਸਾਨੀ ਇਸ ਤੋਂ ਖਹਿੜਾ ਛੁਡਾਉਣਾ ਚਾਹੁੰਦੇ ਹੋਏ ਵੀ ਨਹੀਂ ਛੁਡਾ ਸਕਦੀ ਕਿਉਂਕਿ ਆਰਥਿਕਤਾ ਬੁਨਿਆਦੀ ਪਹਿਲੂ ਹੈ ਤੇ ਇਸ ਦੀ ਵਿਉਂਤਬੰਦੀ ਹਕੂਮਤਾਂ ਦੇ ਹੱਥ ਵੱਸ ਹੈ। ਇਹ ਹਕੂਮਤਾਂ ਆਮ ਕਰਕੇ ਬਹੁਕੌਮੀ ਕੰਪਨੀਆਂ ਤੇ ਦੇਸੀ ਕਾਰਪੋਰੇਟਾਂ, ਜਗੀਰਦਾਰਾਂ ਦੇ ਮੁਨਾਫ਼ਿਆਂ ਦੇ ਚੌਖਟਿਆਂ ਵਿਚ ਰਹਿ ਕੇ ਹੀ ਸੋਚਦੀਆਂ ਹਨ। ਇਸ ਪ੍ਰਸੰਗ ਵਿਚ ਪੰਜਾਬ ਦੇ ਪਾਣੀ ਦੇ ਡਿੱਗਦੇ ਪੱਧਰ ਦੀ ਵਿਉਂਤਬੰਦੀ ਦਾ ਮਸਲਾ ਹਕੂਮਤਾਂ ਦਾ ਮਸਲਾ ਬਣਦਾ ਹੈ, ਕਰਜ਼ੇ ਵਿੰਨ੍ਹੀ ਕਿਸਾਨੀ ਖੁਦ ਅਜਿਹੀ ਪਹਿਲਕਦਮੀ ਦੀ ਹਾਲਤ ਵਿਚ ਨਹੀਂ।
       ਮਨੁੱਖੀ ਪੈਦਾਵਾਰੀ ਸਰਗਰਮੀਆਂ ਰਾਹੀਂ ਫੈਲਦਾ ਪ੍ਰਦੂਸ਼ਣ ਰੋਕਣ ਦਾ ਸਬੰਧ ਇਸ ਪੈਦਾਵਾਰ ਦੇ ਮੰਤਵ ਤੇ ਤਰੀਕਾਕਾਰ ਨੂੰ ਬਦਲਣਾ ਹੈ। ਇਸ ਨੂੰ ਬਦਲਣ ਦਾ ਅਰਥ ਦੁਨੀਆ ਦੇ ਸਰਮਾਏਦਾਰਾਂ ਦੇ ਮੁਨਾਫ਼ਾਮੁਖੀ ਹਿੱਤਾਂ ਦੀ ਪੂਰਤੀ ਦੀ ਥਾਂ ਸਮਾਜ ਦੇ ਹਿੱਤਾਂ ਦੀ ਪੂਰਤੀ ਲਈ ਜੁਟਾਉਣਾ ਹੈ। ਅਜਿਹਾ ਕਰਨਾ ਸਿਰਫ਼ ਵਾਤਾਵਰਨ ਦੀ ਰਾਖੀ ਲਈ ਹੀ ਜ਼ਰੂਰੀ ਨਹੀਂ ਹੈ ਸਗੋਂ ਸੰਸਾਰ ਭਰ ਦੇ ਕਿਰਤੀਆਂ ਦੀ ਕਿਰਤ ਦੀ ਲੁੱਟ ਦੀ ਬੰਦ ਖਲਾਸੀ ਲਈ ਵੀ ਜ਼ਰੂਰੀ ਹੈ। ਸਮਾਜਿਕ ਆਰਥਿਕ ਬਰਾਬਰੀ ਲਈ ਜ਼ਰੂਰੀ ਹੈ ਤੇ ਦੁਨੀਆ ਭਰ ਦੇ ਲੋਕਾਂ ਦੀ ਖੁਸ਼ਹਾਲੀ ਵਾਲੇ ਸਮਾਜ ਲਈ ਜ਼ਰੂਰੀ ਹੈ। ਪੈਦਾਵਾਰ ਦਾ ਅਜਿਹਾ ਮੰਤਵ ਹੀ ਉਸ ਦੀ ਤਕਨੀਕ ਨੂੰ ਤੈਅ ਕਰਦਾ ਹੈ ਤੇ ਖੇਤੀ/ਸਨਅਤਾਂ ਦੀ ਰਹਿੰਦ ਖੂੰਹਦ ਨੂੰ ਪ੍ਰਦੂਸ਼ਣ ਰਹਿਤ ਤਰੀਕਿਆਂ ਨਾਲ ਨਜਿੱਠਣ ਲਈ ਵੀ ਤਕਨੀਕ ਦਾ ਵਿਕਾਸ ਕਰਨ ਦੀ ਲੋੜ ਖੜ੍ਹੀ ਕਰਦਾ ਹੈ। ਮੌਜੂਦਾ ਲੁਟੇਰੇ ਮੰਤਵਾਂ ਲਈ ਹੋ ਰਹੀ ਪੈਦਾਵਾਰ ਅਜਿਹੀ ਤਕਨੀਕ ਖੋਜਣ ਤੇ ਵਿਕਸਤ ਕਰਨ ਵੱਲ ਰੁਚੀ ਨਹੀਂ ਰੱਖਦੀ ਕਿਉਂਕਿ ਇਹ ਮੁਨਾਫ਼ਿਆਂ ਦਾ ਜ਼ਰੀਆ ਨਹੀਂ ਬਣਦੀ।
       ਇਸ ਲਈ ਵਾਤਾਵਰਨ ਦੀ ਰਾਖੀ ਲਈ ਹੋਣ ਵਾਲਾ ਸੰਘਰਸ਼ ਇਸ ਦੁਨੀਆ ਵਿਚ ਕਿਰਤੀਆਂ ਦੀ ਕਿਰਤ ਦੀ ਰਾਖੀ ਲਈ ਹੋਣ ਵਾਲੇ ਸੰਘਰਸ਼ ਦਾ ਹੀ ਅੰਗ ਬਣਦਾ ਹੈ। ਵਾਤਾਵਰਨ ਦੀ ਤਬਾਹੀ ਕਰਨ ਲਈ ਜਿ਼ੰਮੇਵਾਰ ਉਹੀ ਸੰਸਾਰ ਸਾਮਰਾਜੀ ਕਾਰਪੋਰੇਟ ਜਗਤ ਹੈ ਜਿਹੜਾ ਦੁਨੀਆ ਭਰ ਦੇ ਕਿਰਤੀਆਂ ਦੀ ਕਿਰਤ ਨੂੰ ਲੁੱਟਣ ਲਈ ਜਿ਼ੰਮੇਵਾਰ ਹੈ। ਸੰਸਾਰ ਕਾਰਪੋਰੇਟ ਜਗਤ ਵੱਲੋਂ ਇਸ ਧਰਤੀ ਦੇ ਕੁਦਰਤੀ ਸੋਮਿਆਂ ਤੇ ਮਨੁੱਖ ਦੀ ਕਿਰਤ ਦਾ ਸ਼ੋਸ਼ਣ ਜੁੜਵਾਂ ਅਮਲ ਹੀ ਹੈ ਤੇ ਇਨ੍ਹਾਂ ਦੋਹਾਂ ਦੀ ਰਾਖੀ ਹੀ ਲੋਕਾਂ ਦੀਆਂ ਜਦੋਜਹਿਦਾਂ ਦਾ ਜੁੜਵਾਂ ਮਸਲਾ ਬਣਨਾ ਚਾਹੀਦਾ ਹੈ। ਇਸ ਲਈ ਲੋਕਾਂ ਨੂੰ ਆਪਣੀਆਂ ਹੱਕੀ ਜੱਦੋਜਹਿਦਾਂ ਵਿਚ ਵਾਤਾਵਰਨ ਦੀ ਰਾਖੀ ਨਾਲ ਸਬੰਧਿਤ ਮੁੱਦਿਆਂ ਦਾ ਸਥਾਨ ਵਧਾਉਣ ਦੀ ਜ਼ਰੂਰਤ ਦਰਪੇਸ਼ ਹੈ। ਵਾਤਾਵਰਨ ਪ੍ਰੇਮੀਆਂ ਨੂੰ ਇਹ ਸਮਝਣ ਦੀ ਜ਼ਰੂਰਤ ਹੈ ਕਿ ਲੋਕਾਂ ਅੰਦਰ ਵਾਤਾਵਰਨ ਦੀ ਰਾਖੀ ਦੇ ਜਾਗੇ ਹੋਏ ਸਰੋਕਾਰ ਆਖਿ਼ਰ ਨੂੰ ਹਕੂਮਤਾਂ ਮਜਬੂਰ ਕਰਨ ਵਾਲੀਆਂ ਮੰਗਾਂ ਦੇ ਸਰੋਕਾਰਾਂ ਵਿਚ ਵਟ ਕੇ ਹੀ ਸਾਰਥਕ ਹੋ ਸਕਦੇ ਹਨ। ਇਸ ਅਮਲ ਦੌਰਾਨ ਹੀ ਲੋਕ ਖ਼ੁਦ ਦੇ ਵਿਹਾਰ ਦੇ ਵਿਗਾੜਾਂ ’ਤੇ ਵੀ ਕਾਬੂ ਪਾਉਂਦੇ ਹਨ।
       ਲੋਕਾਂ ਦੀ ਆਪਣੀ ਜ਼ਿੰਦਗੀ ਦੀ ਖੁਸ਼ਹਾਲੀ ਲਈ ਹੋਣ ਵਾਲੀ ਜਮਾਤੀ ਜੱਦੋਜਹਿਦ ਨਾਲੋਂ ਨਿੱਖੜ ਜਾਣ ਵਾਲੇ ਵਾਤਾਵਰਨ ਸਰੋਕਾਰ ਚੰਗੀ ਭਾਵਨਾ ਦੇ ਹੁੰਦਿਆਂ ਵੀ ਗ਼ੈਰ-ਪ੍ਰਸੰਗਿਕ ਕੇ ਰਹਿ ਜਾਣ ਲਈ ਸਰਾਪੇ ਜਾਂਦੇ ਹਨ। ਵਾਤਾਵਰਨ ਦੀ ਰਾਖੀ ਦਾ ਮਸਲਾ ਅੰਤਮ ਤੌਰ ’ਤੇ ਇਸ ਧਰਤੀ ਤੋਂ ਸੰਸਾਰ ਸਾਮਰਾਜੀ ਪ੍ਰਬੰਧ ਦੇ ਖਾਤਮੇ ਨਾਲ ਜੁੜਿਆ ਹੋਇਆ ਹੈ। ਇਸ ਖ਼ਾਤਮੇ ਲਈ ਚੱਲਣ ਵਾਲੀ ਮਨੁੱਖਤਾ ਦੀ ਜੱਦੋਜਹਿਦ ਦਾ ਹੀ ਹਿੱਸਾ ਹੈ।
ਸੰਪਰਕ : pavelnbs11@gmail.com

ਨੀਤੀ ਆਧਾਰ ਤੋਂ ਸੱਖਣੇ ਚੋਣ ਵਾਅਦੇ - ਪਾਵੇਲ ਕੁੱਸਾ

ਪੰਜਾਬ ਦੀਆਂ ਵਿਧਾਨ ਸਭਾਈ ਚੋਣਾਂ ਦਾ ਮਾਹੌਲ ਪੂਰਾ ਗਰਮ ਹੈ। ਆਮ ਕਰਕੇ ਇਹ ਚੋਣ ਮੁਹਿੰਮਾਂ ਲੋਕਾਂ ਦੇ ਹਕੀਕੀ ਸਰੋਕਾਰਾਂ ਤੋਂ ਪਾਸੇ ਹੀ ਰਹਿੰਦੀਆਂ ਹਨ। ਵੋਟਾਂ ਹਾਸਲ ਕਰਨ ਲਈ ਸਮਾਜ ਅੰਦਰ ਜਾਤਾਂ, ਗੋਤਾਂ, ਧਰਮਾਂ ਤੇ ਹੋਰ ਬਹੁਤ ਸਾਰੀਆਂ ਪਿਛਾਖੜੀ ਵੰਡੀਆਂ ਦਾ ਸਹਾਰਾ ਲਿਆ ਜਾਂਦਾ ਹੈ। ਪਾਰਟੀਆਂ ਦੇ ਮੈਨੀਫੈਸਟੋ ਮਹਿਜ਼ ਰਸਮ ਬਣੇ ਹੋਏ ਹਨ। ਫਿਰ ਵੀ ਸੰਘਰਸ਼ਸ਼ੀਲ ਤਬਕਿਆਂ ਦੇ ਹੱਕੀ ਮੁੱਦੇ ਆਪਣੇ ਸੰਘਰਸ਼ਾਂ ਦੇ ਜ਼ੋਰ ਇਨ੍ਹਾਂ ਮੈਨੀਫੈਸਟੋ ’ਚ ਵੀ ਆਉਂਦੇ ਹਨ। ਇਹ ਪੰਜਾਬ ਦੀਆਂ ਚੋਣਾਂ ਅੰਦਰ ਵੀ ਆ ਰਹੇ ਹਨ, ਉਨ੍ਹਾਂ ਮੁੱਦਿਆਂ ’ਚੋਂ ਕਈ ਵਾਅਦੇ ਵੀ ਬਣ ਰਹੇ ਹਨ। ਜਿਵੇਂ ਉਦਾਹਰਣ ਵਜੋਂ ਫ਼ਸਲਾਂ ਦੀ ਐੱਮ.ਐੱਸ.ਪੀ. ਤੇ ਪੁਰਾਣੀ ਪੈਨਸ਼ਨ ਸਕੀਮ ਬਹਾਲੀ ਦੇ ਮੁੱਦਿਆਂ ਦੀ ਚਰਚਾ ਪਾਰਟੀਆਂ ਦੇ ਵਾਅਦਿਆਂ ’ਚ ਵੀ ਹੋ ਰਹੀ ਹੈ।
        ਚੋਣਾਂ ਅੰਦਰ ਉਤਰੇ ਉਮੀਦਵਾਰਾਂ ਅਤੇ ਪਾਰਟੀਆਂ ਵੱਲੋਂ ਦਿੱਤੇ ਜਾ ਰਹੇ ਨਾਅਰਿਆਂ ਜਾਂ ਵਾਅਦਿਆਂ ’ਤੇ ਝਾਤ ਮਾਰਦਿਆਂ ਕਿਹਾ ਜਾ ਸਕਦਾ ਹੈ ਕਿ ਇਹ ਸਭ ਮਹਿਜ਼ ਨਿਗੂਣੀਆਂ ਰਿਆਇਤਾਂ ਤੱਕ ਸੁੰਗੜੇ ਹੋਏ ਹਨ। ਰਵਾਇਤੀ ਵੋਟ ਪਾਰਟੀਆਂ ਦੀ ਹਾਲਤ ਬਾਰੇ ਚਰਚਾ ਪਹਿਲਾਂ ਹੀ ਬਹੁਤ ਹੋ ਰਹੀ ਹੈ। ਪਰ ਆਪਣੇ ਆਪ ਨੂੰ ‘ਵੱਖਰੀ ਸਿਆਸਤ’ ਦੇ ਦਾਅਵੇਦਾਰਾਂ ’ਚ ਸ਼ੁਮਾਰ ਕਰ ਰਹੇ ਚੋਣ ਖਿਡਾਰੀਆਂ ਬਾਰੇ ਸੱਚ ਵੀ ਬਹੁਤਾ ਵੱਖਰਾ ਨਹੀਂ ਜਾਪਦਾ। ਲੋਕਾਂ ਨੂੰ ਬਦਲ ਮੁਹੱਈਆ ਕਰਨ ਦਾ ਵਾਅਦਾ ਕਰਨ ਜਾ ਰਹੇ ਨਵੇਂ ਨਵੇਂ ਪਲੇਟਫਾਰਮ ਜਾਂ ਪਾਰਟੀਆਂ ਦਾ ਬਦਲ ਕਿਸੇ ਬੁਨਿਆਦੀ ਤਬਦੀਲੀ ਦਾ ਬਦਲ ਨਹੀਂ ਹੈ। ਆਪਣੇ ਆਪ ਨੂੰ ਵੱਧ ਤੋਂ ਵੱਧ ਬਦਲਵੀਂ ਸਿਆਸਤ ਵਾਲੇ ਪੇਸ਼ ਕਰਨ ਵਾਲੇ ਵੀ ਸਿਰਫ਼ ਇਸ ਪ੍ਰਬੰਧ ਦੀਆਂ ਅਲਾਮਤਾਂ ’ਤੇ ਹੀ ਚਰਚਾ ਕਰ ਰਹੇ ਹਨ। ਕੋਈ ਵੱਡੀਆਂ ਅਲਾਮਤਾਂ ਦੀ ਗੱਲ ਕਰ ਲੈਂਦਾ ਹੈ ਤੇ ਕੋਈ ਬਹੁਤ ਹੀ ਨਿਗੂਣੀਆਂ ਦੀ, ਪਰ ਇਨ੍ਹਾਂ ਅਲਾਮਤਾਂ ਨੂੰ ਪੈਦਾ ਕਰਨ ਵਾਲੇ ਕਾਣੀ ਵੰਡ ਵਾਲੇ ਢਾਂਚੇ ’ਚ ਜਮਾਤਾਂ ਦੇ ਦਾਬੇ ਤੇ ਗ਼ੁਲਾਮੀ ਦੇ ਦਸਤੂਰ ਨੂੰ ਬਦਲਣ ਦੀ ਕੋਈ ਗੱਲ ਨਹੀਂ ਕਰ ਰਿਹਾ। ਵੱਖ ਵੱਖ ਮਾਡਲਾਂ ਦੀ ਹੋ ਰਹੀ ਚਰਚਾ ਵੀ ਵੱਖ ਵੱਖ ਜੁਗਾੜਾਂ ਨਾਲ ਮਾਲੀਆ ਇੱਕ ਪਾਸਿਓਂ ਵਧਾ ਕੇ ਦੂਜੇ ਪਾਸੇ ਪਾਉਣ ਦੇ ਓਹੜ ਪੋਹੜ ਹੀ ਹਨ। ਜਿਨ੍ਹਾਂ ਦੀ ਭਲਾਈ ਅਤੇ ਵਿਕਾਸ ਕਰਨ ਦੀ ਗੱਲ ਕੀਤੀ ਜਾ ਰਹੀ ਹੈ ਉਨ੍ਹਾਂ ਦੇ ਹਿੱਸੇ ਦਾ ਆਰਾਮ, ਚੈਨ, ਪੂੰਜੀ ਤੇ ਮਾਣ ਸਭ ਕੁਝ ਹੀ ਕੌਣ ਲੁੱਟ ਕੇ ਲਿਜਾ ਰਿਹਾ ਹੈ, ਉਹਦੀ ਚਰਚਾ ਨਹੀਂ ਕੀਤੀ ਜਾਂਦੀ, ਵੱਡਿਆਂ ਤੋਂ ਖੋਹ ਕੇ ਛੋਟਿਆਂ ਨੂੰ ਦੇਣ, ਲੋਟੂਆਂ ਤੋਂ ਖੋਹ ਕੇ ਕਿਰਤੀਆਂ ਨੂੰ ਦੇਣ ਦੀ ਗੱਲ ਨਹੀਂ ਕੀਤੀ ਜਾ ਰਹੀ। ਜੋ ਕਿਹਾ ਜਾ ਰਿਹਾ ਹੈ ਉਹ ਲੋਕਾਂ ’ਤੇ ਹੀ ਟੈਕਸ ਮੜ੍ਹ ਕੇ ਕੁਝ ਨਿਗੂਣੀਆਂ ਰਿਆਇਤਾਂ ਦੇਣ ਦੇ ਦਾਅਵੇ ਹਨ। ਕੋਈ ਜਗੀਰਦਾਰਾਂ ’ਤੇ ਟੈਕਸ ਲਾਉਣ ਦੀ ਗੱਲ ਨਹੀਂ ਕਰ ਰਿਹਾ, ਕੋਈ ਕਾਰਪੋਰੇਟ ਘਰਾਣਿਆਂ ’ਤੇ ਟੈਕਸ ਲਾਉਣ ਦਾ ਵਾਅਦਾ ਨਹੀਂ ਕਰ ਰਿਹਾ, ਕੋਈ ਬੇਜ਼ਮੀਨੇ ਤੇ ਗ਼ਰੀਬ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ ਜ਼ਮੀਨਾਂ ਦੇ ਮਾਲਕ ਬਣਾਉਣ ਦਾ ਵਾਅਦਾ ਨਹੀਂ ਕਰ ਰਿਹਾ, ਕੋਈ ਸੂਦਖੋਰੀ ਖ਼ਤਮ ਕਰਨ ਦੀ ਗੱਲ ਨਹੀਂ ਕਰ ਰਿਹਾ। ਚਲੋ ਇਹ ਤਾਂ ਵੱਡੀਆਂ ਗੱਲਾਂ ਜਾਪ ਸਕਦੀਆਂ ਨੇ, ਪਰ ਕੋਈ ਸਰਕਾਰੀ ਮਹਿਕਮਿਆਂ ਨੂੰ ਪ੍ਰਾਈਵੇਟ ਨਾ ਕਰਨ ਦਾ ਵਾਅਦਾ ਵੀ ਨਹੀਂ ਕਰ ਰਿਹਾ, ਨਾ ਹੀ ਕੋਈ ਟੌਲ ਟੈਕਸ ਖ਼ਤਮ ਕਰਨ ਦਾ ਵਾਅਦਾ ਕਰ ਰਿਹਾ ਹੈ। ਕੋਈ ਪ੍ਰਾਈਵੇਟ ਹਸਪਤਾਲਾਂ ਦੇ ਇਲਾਜ ਖਰਚੇ ਕੰਟਰੋਲ ਕਰਨ ਲਈ ਕਾਨੂੰਨ ਬਣਾਉਣ ਦੀ ਗੱਲ ਨਹੀਂ ਕਰ ਰਿਹਾ ਅਤੇ ਕੋਈ ਪ੍ਰਾਈਵੇਟ ਸਕੂਲਾਂ ਕਾਲਜਾਂ ਦੀਆਂ ਫੀਸਾਂ ਨੂੰ ਗ਼ਰੀਬਾਂ ਦੀ ਪਹੁੰਚ ’ਚ ਰੱਖਣ ਵਾਲਾ ਕਾਨੂੰਨ ਬਣਾਉਣ ਦਾ ਵਾਅਦਾ ਨਹੀਂ ਕਰ ਰਿਹਾ। ਜੇਕਰ ਕੋਈ ਵੱਡੇ ਤੋਂ ਵੱਡੇ ਵਾਅਦੇ ਕਰ ਰਿਹਾ ਹੈ ਤਾਂ ਉਹ ਵੀ ਉਸ ਖੇਤਰ ’ਚ ਨੀਤੀ ਬਦਲਣ ਦੀ ਗੱਲ ਨਹੀਂ ਕਰ ਰਿਹਾ। ਜਿਵੇਂ ਜਦੋਂ ਰੁਜ਼ਗਾਰ ਜਾਂ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਵੀ ਜਾਂਦਾ ਹੈ ਤਾਂ ਇਸ ਦੇ ਉਜਾੜੇ ਦਾ ਕਾਰਨ ਬਣਨ ਵਾਲੀ ਨਿੱਜੀਕਰਨ ਦੀ ਨੀਤੀ ਰੱਦ ਕਰ ਕੇ ਜਨਤਕ ਅਦਾਰਿਆਂ ਦੇ ਮੁੜ ਸਰਕਾਰੀਕਰਨ ਦਾ ਅਮਲ ਚਲਾਉਣ ਦੀ ਨੀਤੀ ਅਖਤਿਆਰ ਕਰਨ ਦੀ ਚਰਚਾ ਨਹੀਂ ਕੀਤੀ ਜਾ ਰਹੀ। ਘਰੇਲੂ ਅਤੇ ਛੋਟੀ ਸਨਅਤ ਉਜਾੜਨ ਵਾਲੀ ਕਾਰਪੋਰੇਟ ਜਗਤ ਦੀ ਵੱਡੀ ਸਨਅਤ ਪੱਖੀ ਨੀਤੀ ਰੱਦ ਕਰੇ ਤੋਂ ਬਿਨਾਂ ਹੀ ਰੁਜ਼ਗਾਰ ਦੇਣ ਦੀ ਗੱਲ ਕੀਤੀ ਜਾ ਰਹੀ ਹੈ। ਜਿਸ ਨੀਤੀ ਦੇ ਰਹਿੰਦਿਆਂ ਰੁਜ਼ਗਾਰ ਉਜਾੜਾ ਹੀ ਹੋਣਾ ਹੈ, ਉਸ ਨੂੰ ਰੱਦ ਕਰੇ ਬਿਨਾਂ ਰੁਜ਼ਗਾਰ ਗਾਰੰਟੀ ਦਾ ਦਾਅਵਾ ਭਰਮਾਊ ਹੀ ਹੋ ਸਕਦਾ ਹੈ। ਲੋਕਾਂ ਵੱਲੋਂ ਢਿੱਡ ਨੂੰ ਝੁਲਕਾ ਦੇਣ ਲਈ ਕੀਤੇ ਜਾਂਦੇ ਹਰ ਤਰ੍ਹਾਂ ਦੇ ਸਿਦਕੀ ਹੰਭਲਿਆਂ ਜਿਵੇਂ ਰੇਹੜੀ-ਫੜ੍ਹੀ ਲਾ ਕੇ ਗੁਜ਼ਾਰਾ ਕਰਨ ਨੂੰ ਹੀ ਸਰਕਾਰ ਵੱਲੋਂ ਪੈਦਾ ਕੀਤੇ ਰੁਜ਼ਗਾਰ ਦੇ ਅੰਕੜਿਆਂ ਦਾ ਸ਼ਿੰਗਾਰ ਬਣਾ ਲਿਆ ਜਾਂਦਾ ਹੈ।
        ਪਿਛਲੀਆਂ ਕੁਝ ਸਾਲਾਂ ਦੀਆਂ ਚੋਣਾਂ ਦੇ ਮੁਕਾਬਲੇ ਇਸ ਵਾਰ ਲੋਕਾਂ ਦੇ ਕਈ ਭਖਵੇਂ ਮੁੱਦੇ ਪਾਰਟੀਆਂ ਤੇ ਨੇਤਾਵਾਂ ਨੂੰ ਜ਼ੁਬਾਨ ’ਤੇ ਲਿਆਉਣੇ ਪੈ ਰਹੇ ਹਨ। ਇਹ ਪੰਜਾਬ ਦੇ ਵੱਖ ਵੱਖ ਮਿਹਨਤਕਸ਼ ਤਬਕਿਆਂ ਦੇ ਪਿਛਲੇ ਸਾਲਾਂ ਦੇ ਸੰਘਰਸ਼ਾਂ ਦਾ ਪ੍ਰਤਾਪ ਹੈ। ਇਹ ਵੀ ਨਿਵੇਕਲਾ ਪਹਿਲੂ ਹੈ ਕਿ ਨਵ ਉਦਾਰਵਾਦੀ ਮਾਡਲ ਤਹਿਤ ਪ੍ਰਾਈਵੇਟ ਕੰਪਨੀਆਂ ਨੂੰ ਸੱਦ ਕੇ ਵਿਕਾਸ ਕਰਨ ਦੇ ਦਾਅਵਿਆਂ ਦੀ ਸੁਰ ਪਹਿਲਾਂ ਨਾਲੋਂ ਮੱਧਮ ਪੈ ਗਈ ਹੈ। ਅਜਿਹੀ ਪੇਸ਼ਕਾਰੀ ਨੂੰ ਮੱਧਮ ਪਾਉਣ ਵਿਚ ਕਾਰਪੋਰੇਟਾਂ ਖ਼ਿਲਾਫ਼ ਪੰਜਾਬ ਦੇ ਲੋਕਾਂ ਦੇ ਤਿੱਖੇ ਹੋਏ ਰੋਹ ਦਾ ਯੋਗਦਾਨ ਹੈ। ਵੱਡੀਆਂ ਵਿਦੇਸ਼ੀ ਕੰਪਨੀਆਂ ਨੂੰ ਪੰਜਾਬ ਸੱਦ ਕੇ ਵਿਕਾਸ ਕਰਨ ਦੇ ਦਾਅਵਿਆਂ ਤੋਂ ਨੇਤਾ ਪਰਹੇਜ਼ ਹੀ ਕਰ ਰਹੇ ਹਨ। ਇਹ ਸਭਨਾਂ ਲੋਕਾਂ ਤੇ ਵਿਸ਼ੇਸ਼ ਕਰਕੇ ਕਿਸਾਨਾਂ ਦੇ ਸੰਘਰਸ਼ ਦੀ ਸਿਆਸੀ ਪ੍ਰਾਪਤੀ ਹੈ ਕਿ ਉਨ੍ਹਾਂ ਨੇ ਹਾਕਮ ਜਮਾਤੀ ਪਾਰਟੀਆਂ ਦੇ ਇਸ ਵਿਕਾਸ ਨਾਅਰੇ ’ਤੇ ਸੱਟ ਮਾਰ ਦਿੱਤੀ ਹੈ। ਇਸ ਪ੍ਰਸੰਗ ਵਿੱਚ ਉੱਤਰ ਪ੍ਰਦੇਸ਼ ’ਚ ਸਮਾਜਵਾਦੀ ਪਾਰਟੀ ਦੇ ਆਗੂ ਅਖਿਲੇਸ਼ ਯਾਦਵ ਦਾ ਇਹ ਬਿਆਨ ਮਹੱਤਵਪੂਰਨ ਹੈ ਕਿ ਨਿੱਜੀਕਰਨ ਤੇ ਆਊਟਸੋਰਸਿੰਗ ਲੋਕਾਂ ਦੇ ਸੰਵਿਧਾਨਕ ਅਧਿਕਾਰਾਂ ’ਤੇ ਹਮਲਾ ਹਨ। ਚਾਹੇ ਇਹ ਅਖਿਲੇਸ਼ ਯਾਦਵ ਲਈ ਕਹਿਣ ਦੀ ਗੱਲ ਹੀ ਹੋਵੇ, ਪਰ ਫਿਰ ਵੀ ਇਹ ਨਿੱਜੀਕਰਨ ਵਪਾਰੀਕਰਨ ਦੀਆਂ ਨੀਤੀਆਂ ਦੀ ਖ਼ੁਰ ਚੁੱਕੀ ਪੜ੍ਹਤ ਦਾ ਪ੍ਰਗਟਾਵਾ ਹੈ। ਇਨ੍ਹਾਂ ਕਦਮਾਂ ਖ਼ਿਲਾਫ਼ ਯੂ.ਪੀ. ਦੇ ਲੋਕਾਂ ਅੰਦਰ ਉੱਬਲ ਰਹੇ ਰੋਹ ਦਾ ਸੰਕੇਤ ਵੀ ਹੈ। ਇਹ ਹਾਲਤ ਲੋਕਾਂ ਦੇ ਸੰਘਰਸ਼ਾਂ ਨੂੰ ਸਮੁੱਚੇ ਤੌਰ ’ਤੇ ਇਨ੍ਹਾਂ ਨੀਤੀਆਂ ਖ਼ਿਲਾਫ਼ ਸੇਧਤ ਹੋਣ ਦੇ ਪੱਧਰ ਤੱਕ ਜਾਣ ਲਈ ਹੰਭਲਾ ਜੁਟਾਉਣ ਲਈ ਮੌਜੂਦ ਸੰਭਾਵਨਾਵਾਂ ਵੱਲ ਇਸ਼ਾਰਾ ਵੀ ਕਰਦੀ ਹੈ।
         ਇਸ ਲਈ ਚੋਣਾਂ ਦੇ ਇਸ ਮੌਸਮ ਵਿੱਚ ਵਾਅਦਿਆਂ ਤੇ ਦਾਅਵਿਆਂ ਦੀ ਭਰਮਾਰ ਦੌਰਾਨ ਇਨ੍ਹਾਂ ਦੀ ਪਰਖ ਕਸਵੱਟੀ ਨਾ ਸਿਰਫ਼ ਉਸ ਖੇਤਰ ’ਚ ਅਖਤਿਆਰ ਕੀਤੀ ਜਾਣ ਵਾਲੀ ਨੀਤੀ ਬਣਨੀ ਚਾਹੀਦੀ ਹੈ ਸਗੋਂ ਉਸ ਤੋਂ ਅੱਗੇ ਉਹ ਸਮੁੱਚੇ ਤੌਰ ’ਤੇ ਵੱਡੇ ਨੀਤੀ ਚੌਖਟੇ ’ਚ ਰੱਖ ਕੇ ਵੀ ਦੇਖੀ ਜਾਣੀ ਚਾਹੀਦੀ ਹੈ। ਮੁਲਕ ਦੀ ਰਾਜਨੀਤਕ ਆਰਥਿਕਤਾ ’ਚ ਕੋਈ ਇੱਕ ਜਾਂ ਦੋ ਕਦਮ ਵਿਕਲੋਤਰਾ ਵਰਤਾਰਾ ਨਹੀਂ ਹੁੰਦੇ, ਉਹ ਸਮੁੱਚੀਆਂ ਆਰਥਿਕ ਨੀਤੀਆਂ ਨਾਲ ਹੀ ਗੁੰਦੇ ਹੋਏ ਹੁੰਦੇ ਹਨ। ਇਸ ਲਈ ਜੇਕਰ ਕੋਈ ਕਿਸੇ ਇੱਕ ਮਾਮਲੇ ’ਚ ਕਿਸੇ ਬਦਲਵੀਂ ਨੀਤੀ ਦੀ ਗੱਲ ਕਰ ਵੀ ਰਿਹਾ ਹੋਵੇ ਤਾਂ ਦੇਖਿਆ ਜਾਣਾ ਚਾਹੀਦਾ ਹੈ ਕਿ ਉਸ ਦੀ ਨਵ-ਉਦਾਰਵਾਦੀ ਨੀਤੀਆਂ ਬਾਰੇ ਪਹੁੰਚ ਕੀ ਹੈ, ਕਿਉਂਕਿ ਨਵ-ਉਦਾਰਵਾਦੀ ਨੀਤੀਆਂ ਦੇ ਇਸ ਮਾਡਲ ਦੇ ਰਹਿੰਦਿਆਂ ਕਿਰਤੀ ਲੋਕਾਂ ਦੀ ਬਿਹਤਰੀ ਵਾਲੇ ਕਦਮ ਚੁੱਕਣਾ ਖਾਮ-ਖਿਆਲੀ ਹੀ ਹੋ ਸਕਦੀ ਹੈ। ਇਹ ਖਾਮ-ਖਿਆਲੀ ਦਾਅਵਾ ਕਰਨ ਵਾਲੇ ਦੀ ਵੀ ਹੋ ਸਕਦੀ ਹੈ ਤੇ ਦਾਅਵਾ ਸੁਣਨ ਵਾਲੇ ਦੀ ਵੀ।
    ਇਸ ਲਈ ਦਾਅਵਿਆਂ ਤੇ ਵਾਅਦਿਆਂ ਦਾ ਨੀਤੀ ਆਧਾਰ ਦੇਖਣਾ ਮਹੱਤਵਪੂਰਨ ਹੈ। ਇਸ ਤੋਂ ਬਗੈਰ ਵਾਅਦੇ ਤੇ ਦਾਅਵੇ ਦੀ ਪਹੁੰਚ ਨੂੰ ਪਛਾਣਿਆ ਨਹੀਂ ਜਾ ਸਕਦਾ। ਹਾਂ, ਇਹ ਵੱਖਰਾ ਮਾਮਲਾ ਹੈ ਕਿ ਉਹ ਨੀਤੀ ਲਾਗੂ ਕਰਨ ਦਾ ਜ਼ਰੀਆ ਵਿਧਾਨ ਸਭਾ ਬਣ ਵੀ ਸਕਦੀ ਹੈ ਜਾਂ ਨਹੀਂ। ਇਹ ਸੋਚਣਾ ਉਸ ਤੋਂ ਵੀ ਮਹੱਤਵਪੂਰਨ ਹੈ।
ਈ-ਮੇਲ : pavelnbs11@gmail.com