MediaPunjab
ਮੀਡੀਆ ਪੰਜਾਬ ਦੀਆਂ ਖ਼ਬਰਾਂ

ਰੇਲ ਹਾਦਸੇ ਦੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ, ਜ਼ਖਮੀਆਂ ਨੂੰ ਮਿਲਣ ਤੋਂ ਬਾਅਦ ਬੋਲੇ PM ਮੋਦੀ

ਬਾਲਾਸੋਰ 3 ਜੂਨ (ਮਪ) ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਨੀਵਾਰ ਦੁਪਹਿਰ ਤੋਂ ਬਾਅਦ ਓਡੀਸ਼ਾ 'ਚ ਬਾਲਾਸੋਰ ਘਟਨਾ ਵਾਲੀ ਥਾਂ 'ਤੇ ਪਹੁੰਚੇ। ਇੱਥੇ ਉਨ੍ਹਾਂ ਨੇ ਅਧਿਕਾਰੀਆਂ ਨਾਲ ਪੂਰੇ ਮਾਮਲੇ 'ਤੇ ਚਰਚਾ ਕੀਤੀ। ਇਸਤੋਂ ਬਾਅਦ ਪੀ.ਐੱਮ. ਮੋਦੀ ਨੇ ਹਸਪਤਾਲ 'ਚ ਜਾ ਕੇ ਜ਼ਖ਼ਮੀਆਂ ਨਾਲ ਮੁਲਾਕਾਤ ਕੀਤੀ। ਮੋਦੀ ਨੇ ਇਕ ਬਿਾਨ ਜਾਰੀ ਕਰਕੇ ਕਿਹਾ ਕਿ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਹਰ ਤਰ੍ਹਾਂ ਦੀ ਜਾਂਚ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਤੋਂ ਪਹਿਲਾਂ ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਦੀ ਜਾਨ ਚਲੀ ਗਈ ਹੈ, ਉਨ੍ਹਾਂ ਲਈ ਇਹ ਬਹੁਤ ਦੁਖਦਾਈ ਅਤੇ ਪ੍ਰੇਸ਼ਾਨ ਕਰਨ ਵਾਲਾ ਹੈ। ਸਰਕਾਰ ਜ਼ਖਮੀਆਂ ਦੇ ਇਲਾਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਓਡੀਸ਼ਾ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇੱਥੋਂ ਦੇ ਪ੍ਰਸ਼ਾਸਨ ਨੇ ਸੀਮਤ ਸਾਧਨਾਂ ਨਾਲ ਜੋ ਵੀ ਹੋ ਸਕਦਾ ਸੀ, ਕਰਨ ਦੀ ਕੋਸ਼ਿਸ਼ ਕੀਤੀ ਹੈ। ਸਥਾਨਕ ਲੋਕਾਂ ਦਾ ਧੰਨਵਾਦ ਕਰਦੇ ਹੋਏ ਪੀਐਮ ਮੋਦੀ ਨੇ ਕਿਹਾ ਕਿ ਉਨ੍ਹਾਂ ਦੇ ਸਹਿਯੋਗ ਕਾਰਨ ਹੀ ਉਹ ਇਸ ਆਪ੍ਰੇਸ਼ਨ ਨੂੰ ਅੱਗੇ ਵਧਾਉਣ ਦੇ ਯੋਗ ਹੋਏ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਓਡੀਸ਼ਾ ਦੇ ਬਾਲਾਸੋਰ ਜ਼ਿਲ੍ਹੇ ਦੇ ਬਹੰਗਾ ਵਿਖੇ ਰੇਲ ਹਾਦਸੇ ਵਾਲੀ ਥਾਂ ਦਾ ਮੁਆਇਨਾ ਕੀਤਾ ਅਤੇ ਰਾਹਤ ਅਤੇ ਸੰਚਾਲਨ ਮੁੜ ਬਹਾਲੀ ਦੇ ਕੰਮਾਂ ਦਾ ਜਾਇਜ਼ਾ ਲਿਆ। ਪ੍ਰਧਾਨ ਮੰਤਰੀ ਦੇ ਨਾਲ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਵੀ ਸਨ। ਪ੍ਰਧਾਨ ਮੰਤਰੀ ਨੂੰ ਦੋਵਾਂ ਕੇਂਦਰੀ ਮੰਤਰੀਆਂ ਦੇ ਨਾਲ-ਨਾਲ ਆਫ਼ਤ ਪ੍ਰਬੰਧਨ ਟੀਮ ਦੇ ਅਧਿਕਾਰੀਆਂ ਨੇ ਸਥਿਤੀ ਬਾਰੇ ਜਾਣਕਾਰੀ ਦਿੱਤੀ।
ਬਾਲਾਸੋਰ ਜ਼ਿਲੇ 'ਚ ਸ਼ੁੱਕਰਵਾਰ ਸ਼ਾਮ ਨੂੰ ਕੋਰੋਮੰਡਲ ਐਕਸਪ੍ਰੈੱਸ ਅਤੇ ਬੈਂਗਲੁਰੂ-ਹਾਵੜਾ ਐਕਸਪ੍ਰੈੱਸ ਦੇ ਪਟੜੀ ਤੋਂ ਉਤਰਨ ਅਤੇ ਇਕ ਮਾਲ ਗੱਡੀ ਨਾਲ ਟਕਰਾਉਣ ਵਾਲੇ ਰੇਲ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਸ਼ਨੀਵਾਰ ਨੂੰ ਵਧ ਕੇ 261 ਹੋ ਗਈ। ਦੇਸ਼ ਦੇ ਸਭ ਤੋਂ ਭਿਆਨਕ ਰੇਲ ਹਾਦਸਿਆਂ ਵਿੱਚੋਂ ਇੱਕ, ਇਸ ਹਾਦਸੇ ਵਿੱਚ ਲਗਭਗ 1,000 ਯਾਤਰੀ ਜ਼ਖਮੀ ਹੋਏ ਸਨ। ਪ੍ਰਧਾਨ ਮੰਤਰੀ ਨੇ ਓਡੀਸ਼ਾ ਦੀ ਮਾਲੀਆ ਅਤੇ ਆਫ਼ਤ ਪ੍ਰਬੰਧਨ ਮੰਤਰੀ ਪ੍ਰਮਿਲਾ ਮਲਿਕ ਦੇ ਨਾਲ-ਨਾਲ ਸਥਾਨਕ ਪੁਲਿਸ ਮੁਖੀ ਨਾਲ ਵੀ ਗੱਲ ਕੀਤੀ। ਮੋਦੀ ਨੇ ਹਾਦਸੇ ਤੋਂ ਬਾਅਦ ਇਸ ਰੂਟ 'ਤੇ ਰੇਲ ਸੇਵਾਵਾਂ ਬਹਾਲ ਕਰਨ ਲਈ ਕੀਤੇ ਜਾ ਰਹੇ ਕੰਮ ਦੀ ਪ੍ਰਗਤੀ ਬਾਰੇ ਵੀ ਜਾਣਕਾਰੀ ਲਈ। ਪ੍ਰਧਾਨ ਮੰਤਰੀ ਨੇ ਬਹਿੰਗਾ ਬਾਜ਼ਾਰ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚਣ ਤੋਂ ਪਹਿਲਾਂ ਰੇਲ ਹਾਦਸੇ 'ਤੇ ਨਵੀਂ ਦਿੱਲੀ 'ਚ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ ਸੀ। ਪ੍ਰਧਾਨ ਮੰਤਰੀ ਦਫ਼ਤਰ (ਪੀਐਮਓ) ਨੇ ਟਵੀਟ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਓਡੀਸ਼ਾ ਵਿੱਚ ਰੇਲ ਹਾਦਸੇ ਦੇ ਮੱਦੇਨਜ਼ਰ ਸਥਿਤੀ ਦਾ ਜਾਇਜ਼ਾ ਲੈਣ ਲਈ ਇੱਕ ਮੀਟਿੰਗ ਦੀ ਪ੍ਰਧਾਨਗੀ ਕੀਤੀ। ਸਮੀਖਿਆ ਮੀਟਿੰਗ ਵਿੱਚ ਪ੍ਰਭਾਵਿਤ ਲੋਕਾਂ ਦੇ ਬਚਾਅ, ਰਾਹਤ ਅਤੇ ਡਾਕਟਰੀ ਇਲਾਜ ਨਾਲ ਸਬੰਧਤ ਪਹਿਲੂਆਂ 'ਤੇ ਚਰਚਾ ਕੀਤੀ ਗਈ।