ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅੱਧੀ ਰਾਤ ਨੂੰ ਖਨੌਰੀ ਬਾਰਡਰ ਤੋਂ ਹੋਏ Live, ਕਹੀਆਂ ਵੱਡੀਆਂ ਗੱਲਾਂ
ਦਿੱਲੀ - ਦੇਰ ਰਾਤ ਖਨੌਰੀ ਬਾਰਡਰ ਪਹੁੰਚੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਮੀਡੀਆ ਨਾਲ ਰੂਬਰੂ ਹੁੰਦੇ ਹੋਏ ਦੱਸਿਆ ਕਿ ਕਿਵੇਂ ਉਨ੍ਹਾਂ ਦੇ ਟਰੈਕਟਰ-ਟਰਾਲੀਆਂ ਦੀ ਭੰਨਤੋੜ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹਰਿਆਣਾ ਪੁਲਸ ਵੱਲੋਂ ਉਨ੍ਹਾਂ ਦੀ ਮਸ਼ੀਨਰੀ ਦਾ ਵੱਡੇ ਪੱਧਰ 'ਤੇ ਨੁਕਸਾਨ ਕੀਤਾ ਗਿਆ ਹੈ। ਉਨ੍ਹਾਂ ਦੇ ਟਰੈਕਟਰਾਂ ਨੂੰ ਭੰਨ-ਤੋੜ ਕੇ ਨਾ-ਚੱਲਣਯੋਗ ਬਣਾ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਇਹ ਵੀ ਕਿਹਾ ਕਿ ਉਨ੍ਹਾਂ ਦੇ ਪੀਣ ਵਾਲੇ ਪਾਣੀ ਦੀ ਟੈਂਕੀ 'ਚ ਵੀ ਕੁਝ ਮਿਲਾ ਦਿੱਤਾ ਗਿਆ ਹੈ, ਜਿਸ ਕਾਰਨ ਪੀਣ ਵਾਲੇ ਦੀ ਸਿਹਤ ਨੂੰ ਨੁਕਸਾਨ ਪਹੁੰਚ ਸਕਦਾ ਹੈ। ਉਨ੍ਹਾਂ ਦੇ ਟਰੈਕਟਰਾਂ ਦੀਆਂ ਬੈਟਰੀਆਂ ਤੱਕ ਕੱਢ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਆਪਣੇ ਹੀ ਦੇਸ਼ ਦੇ ਕਿਸਾਨਾਂ ਨਾਲ ਜੋ ਦੁਸ਼ਮਣਾਂ ਵਾਲਾ ਵਤੀਰਾ ਕਰ ਰਹੀ ਹੈ, ਉਹ ਬਿਲਕੁਲ ਵੀ ਉਚਿਤ ਨਹੀਂ ਹੈ। ਉਨ੍ਹਾਂ ਕਿਸਾਨਾਂ ਦੀਆਂ ਟਰੈਕਟਰ-ਟਰਾਲੀਆਂ ਦੀ ਭੰਨਤੋੜ ਬਾਰੇ ਕਿਹਾ ਕਿ ਇਹ ਮਸ਼ੀਨਰੀ ਕਿਸਾਨਾਂ ਲਈ ਬੇਹੱਦ ਮਹੱਤਵਪੂਰਨ ਹੁੰਦੀ ਹੈ। ਇਨ੍ਹਾਂ ਟਰੈਕਟਰ-ਟਰਾਲੀਆਂ ਨਾਲ ਹੀ ਕਿਸਾਨ ਫਸਲਾਂ ਉਗਾਉਂਦਾ ਹੈ ਤੇ ਦੇਸ਼ ਦੇ ਲੋਕਾਂ ਦਾ ਢਿੱਡ ਭਰਦਾ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਇਕ ਨੌਜਵਾਨ ਮਨਿੰਦਰ ਸਿੰਘ ਦੇਸ਼ ਦੀ ਫ਼ੌਜ 'ਚ ਨੌਕਰੀ ਛੱਡ ਕੇ ਕਿਸਾਨ ਅੰਦੋਲਨ 'ਚ ਸ਼ਾਮਲ ਹੋਣ ਲਈ ਆ ਗਿਆ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨ ਖਨੌਰੀ ਬਾਰਡਰ 'ਤੇ ਹਰਿਆਣਾ ਪੁਲਸ ਵੱਲੋਂ ਕੀਤੀ ਗਈ ਫਾਇਰਿੰਗ 'ਚ 21 ਸਾਲਾ ਨੌਜਵਾਨ ਸ਼ੁੱਭਕਰਨ ਦੀ ਮੌਤ ਹੋ ਗਈ ਸੀ, ਜਿਸ ਕਾਰਨ ਕਿਸਾਨ ਆਗੂਆਂ ਨੇ 2 ਦਿਨ ਤੱਕ ਦਿੱਲੀ ਕੂਚ ਨੂੰ ਰੋਕਣ ਦਾ ਫੈਸਲਾ ਕੀਤਾ ਸੀ। ਕਿਸਾਨ ਹੁਣ 24 ਫਰਵਰੀ ਨੂੰ ਦਿੱਲੀ ਵੱਲ ਕੁੂਚ ਕਰਨਗੇ।