MediaPunjab
ਮੀਡੀਆ ਪੰਜਾਬ ਦੀਆਂ ਖ਼ਬਰਾਂ

PM ਮੋਦੀ ਵੱਲੋਂ ਸਕੂਲ ਬੱਸ ਹਾਦਸੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ


ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਯਾਨੀ ਕਿ ਅੱਜ ਹਰਿਆਣਾ ਦੇ ਮਹਿੰਦਰਗੜ੍ਹ ਜ਼ਿਲ੍ਹੇ ਵਿਚ ਇਕ ਸੜਕ ਹਾਦਸੇ 'ਚ 5 ਵਿਦਿਆਰਥੀਆਂ ਦੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਦੇਖ-ਰੇਖ ਵਿਚ ਸਥਾਨਕ ਪ੍ਰਸ਼ਾਸਨ ਜ਼ਖ਼ਮੀਆਂ ਨੂੰ ਹਰ ਸੰਭਵ ਮਦਦ ਪਹੁੰਚਾ ਰਹੀ ਹੈ। ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਹੀ ਇਕ ਬੱਸ ਦੇ ਪਲਟ ਜਾਣ ਕਾਰਨ ਇਹ ਹਾਦਸਾ ਵਾਪਰਿਆ। ਇਸ ਵਿਚ 5 ਵਿਦਿਆਰਥੀਆਂ ਦੀ ਮੌਤ ਹੋ ਗਈ ਅਤੇ ਕਰੀਬ 20 ਜ਼ਖ਼ਮੀ ਹੋ ਗਏ।  ਪ੍ਰਧਾਨ ਮੰਤਰੀ ਮੋਦੀ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਇਕ ਪੋਸਟ ਵਿਚ ਕਿਹਾ ਕਿ ਹਰਿਆਣਾ ਦੇ ਮਹਿੰਦਰਗੜ੍ਹ ਵਿਚ ਵਾਪਰਿਆ ਸੜਕ ਹਾਦਸਾ ਬਹੁਤ ਦਰਦਨਾਕ ਹੈ। ਮੇਰੀ ਹਮਦਰਦੀ ਉਨ੍ਹਾਂ ਸਾਰੇ ਪਰਿਵਾਰਾਂ ਨਾਲ ਹੈ, ਜਿਨ੍ਹਾਂ ਨੇ ਇਸ ਹਾਦਸੇ 'ਚ ਆਪਣੇ ਬੱਚਿਆਂ ਨੂੰ ਗੁਆ ਦਿੱਤਾ ਹੈ। ਇਸ ਦੇ ਨਾਲ ਹੀ ਮੈਂ ਸਾਰੇ ਜ਼ਖ਼ਮੀ ਬੱਚਿਆਂ ਦੇ ਛੇਤੀ ਸਿਹਤਮੰਦ ਹੋਣ ਦੀ ਕਾਮਨਾ ਕਰਦਾ ਹਾਂ। ਸੂਬਾ ਸਰਕਾਰ ਦੀ ਦੇਖ-ਰੇਖ ਵਿਚ ਸਥਾਨਕ ਪ੍ਰਸ਼ਾਸਨ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਹਰ ਸੰਭਵ ਮਦਦ ਵਿਚ ਜੁੱਟਿਆ ਹੈ। ਦੱਸਣਯੋਗ ਹੈ ਕਿ ਹਰਿਆਣਾ ਦੇ ਮਹਿੰਦਰਗੜ੍ਹ ਜ਼ਿਲ੍ਹੇ ਦੇ ਕਨੀਨਾ ਦੇ ਪਿੰਡ ਉਨਹਾਨੀ ਕੋਲ ਵੀਰਵਾਰ ਨੂੰ ਬੱਚਿਆਂ ਨਾਲ ਭਰੀ ਸਕੂਲ ਬੱਸ ਬੇਕਾਬੂ ਹੋ ਕੇ ਪਲਟਣ ਕਾਰਨ ਭਿਆਨਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ 5 ਬੱਚਿਆਂ ਦੀ ਮੌਤ ਹੋ ਗਈ ਅਤੇ 15 ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਹਾਦਸਾ ਦੇ ਪਿੱਛੇ ਦਾ ਕਾਰਨ ਓਵਰਟੇਕ ਹੈ। ਬੱਸ ਨਿੱਜੀ ਸਕੂਲ ਜੀ.ਐੱਲ ਪਬਲਿਕ ਸਕੂਲ ਦੀ ਸੀ। ਬੱਸ ਵਿਚ ਕਰੀਬ 35 ਤੋਂ 40 ਬੱਚੇ ਸਵਾਰ ਸਨ। ਦੱਸਿਆ ਗਿਆ ਹੈ ਕਿ ਅੱਜ ਸਰਕਾਰੀ ਛੁੱਟੀ ਵਾਲੇ ਦਿਨ ਵੀ ਸਕੂਲ ਵਿਚ ਸਮਾਗਮ ਕੀਤਾ ਜਾ ਰਿਹਾ ਸੀ। ਬੱਚਿਆਂ ਨੂੰ ਲੈਣ ਲਈ ਸਕੂਲ ਤੋਂ ਬੱਸ ਭੇਜੀ ਗਈ ਸੀ।